ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 696

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}

ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।

ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।

ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।

ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!੩।

ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਜੈਤਸਰੀ ਮਹਲਾ ੪ ॥ ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥੧॥ ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥ ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥ ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥ ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥੨॥ ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥ ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥੩॥ ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥੪॥੨॥ {ਪੰਨਾ 696}

ਪਦਅਰਥ: ਅਮੋਲਕੁ = ਦੁਨੀਆ ਦਾ ਕੋਈ ਭੀ ਪਦਾਰਥ ਜਿਸ ਦੇ ਬਰਾਬਰ ਕੀਮਤੀ ਨਾਹ ਹੋ ਸਕੇ। ਸੀਕਾ = ਬਰਾਬਰ। ਕਾਖਾ = ਕੱਖ। ਲਾਖਾ = ਲੱਖਾਂ ਰੁਪਇਆਂ ਤੋਂ।੧।

ਮਨਿ = ਮਨ ਵਿਚ। ਗੁਪਤ = ਗੁੱਝਾ। ਹੀਰੁ = ਹੀਰਾ। ਰਾਖਾ = ਰੱਖਿਆ ਹੋਇਆ ਸੀ। ਦਇਆਲਿ = ਦਇਆਲ ਨੇ। ਗੁਰਿ ਮਿਲਿਐ = ਗੁਰੂ ਮਿਲਣ ਨਾਲ। ਪਰਾਖਾ = ਪਰਖ ਲਿਆ।ਰਹਾਉ।

ਕੋਠੀ = ਹਿਰਦੇ ਵਿਚ। ਅਗਿਆਨੁ = ਆਤਮਕ ਜੀਵਨ ਵਲੋਂ ਬੇ = ਸਮਝੀ। ਘਰਿ = ਹਿਰਦੇ ਵਿਚ। ਨ ਲਾਖਾ = ਨਾਹ ਲਖਿਆ। ਊਝੜਿ = ਉਜਾੜ ਵਿਚ, ਕੁਰਾਹੇ। ਭਰਮਿ = ਭਟਕਣਾ ਵਿਚ। ਤੇ = ਉਹ (ਬਹੁ-ਵਚਨ) ਮੁਏ = ਆਤਮਕ ਮੌਤੇ ਮਰ ਗਏ। ਭੁਅੰਗ = ਸੱਪ। ਬਿਖੁ = ਜ਼ਹਰ।੨।

ਹਰਿ = ਹੇ ਹਰੀ! ਨੀਕੇ ਸਾਧ = ਚੰਗੇ ਸੰਤ ਜਨ। ਸਾਧੂ = ਗੁਰੂ। ਰਾਖਾ = ਰੱਖ। ਅੰਗੀਕਾਰੁ = ਮਦਦ। ਪ੍ਰਭ = ਹੇ ਪ੍ਰਭੂ! ਪਾਖਾ = ਪੱਖ, ਸਰਨ। ਭਾਗਿ = ਭੱਜ ਕੇ।੩।

ਵਖਾਣਹ = ਅਸੀ ਬਿਆਨ ਕਰੀਏ। ਅਗਮ = ਅਪਹੁੰਚ। ਪਾਖਾਣ = ਪੱਥਰ। ਰਾਖਾ = ਰੱਖ ਲਿਆ।੪।

ਅਰਥ: ਹੇ ਭਾਈ! ਮੇਰੇ ਮਨ ਵਿਚ ਪਰਮਾਤਮਾ ਨੇ ਆਪਣਾ ਨਾਮ-ਹੀਰਾ ਲੁਕਾ ਕੇ ਰੱਖਿਆ ਹੋਇਆ ਸੀ। ਦੀਨਾਂ ਉਤੇ ਦਇਆ ਕਰਨ ਵਾਲੇ ਉਸ ਹਰੀ ਨੇ ਮੈਨੂੰ ਗੁਰੂ ਮਿਲਾ ਦਿੱਤਾ। ਗੁਰੂ ਮਿਲਣ ਨਾਲ ਮੈਂ ਉਹ ਹੀਰਾ ਪਰਖ ਲਿਆ (ਮੈਂ ਉਸ ਹੀਰੇ ਦੀ ਕਦਰ ਸਮਝ ਲਈ) ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਬੜਾ ਹੀ ਕੀਮਤੀ ਹੀਰਾ ਹੈ ਲਾਲ ਹੈ, ਪਰ ਗਾਹਕ ਤੋਂ ਬਿਨਾ ਇਹ ਹੀਰਾ ਕੱਖ ਵਰਗਾ ਹੋਇਆ ਪਿਆ ਹੈ। ਜਦੋਂ ਇਸ ਰਤਨ ਦਾ ਗਾਹਕ ਗੁਰੂ ਮਿਲ ਪਿਆ, ਤਦੋਂ ਇਹ ਰਤਨ ਲੱਖੀਂ ਰੁਪਈਂ ਵਿਕਣ ਲੱਗ ਪਿਆ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਹਿਰਦੇ ਵਿਚ ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਪਿਆ ਰਹਿੰਦਾ ਹੈ, (ਤਾਹੀਏਂ) ਉਹਨਾਂ ਨੇ ਆਪਣੇ ਹਿਰਦੇ-ਘਰ ਵਿਚ ਟਿਕਿਆ ਹੋਇਆ ਨਾਮ-ਰਤਨ (ਕਦੇ) ਨਹੀਂ ਵੇਖਿਆ। ਉਹ ਮਨੁੱਖ ਮਾਇਆ-ਸਪਣੀ (ਦੇ ਮੋਹ) ਦਾ ਜ਼ਹਿਰ ਖਾਂਦੇ ਰਹਿੰਦੇ ਹਨ, (ਇਸ ਵਾਸਤੇ) ਉਹ ਮੂਰਖ ਭਟਕਣਾ ਦੇ ਕਾਰਨ ਕੁਰਾਹੇ ਪੈ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ।੨।

ਹੇ ਹਰੀ! ਮੈਨੂੰ ਚੰਗੇ ਸੰਤ ਜਨ ਮਿਲਾ, ਮੈਨੂੰ ਗੁਰੂ ਦੀ ਸਰਨ ਵਿਚ ਰੱਖ। ਹੇ ਪ੍ਰਭੂ! ਹੇ ਮਾਲਕ! ਮੇਰੀ ਮਦਦ ਕਰ। ਮੈਂ ਹੋਰ ਪਾਸੇ ਛੱਡ ਕੇ ਤੇਰੀ ਸਰਨ ਆ ਪਿਆ ਹਾਂ।੩।

ਹੇ ਪ੍ਰਭੂ! ਤੂੰ ਵੱਡਾ ਪੁਰਖ ਹੈਂ, ਤੂੰ ਅਪਹੁੰਚ ਹੈਂ, ਅਸੀ ਆਪਣੀ ਜੀਭ ਨਾਲ ਤੇਰੇ ਕੇਹੜੇ ਕੇਹੜੇ ਗੁਣ ਆਖ ਕੇ ਦੱਸ ਸਕਦੇ ਹਾਂ? ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਕੀਤੀ, ਉਸ ਪੱਥਰ ਨੂੰ (ਸੰਸਾਰ-ਸਮੁੰਦਰ ਵਿਚ) ਡੁੱਬਦੇ ਨੂੰ ਉਸ ਨੇ ਬਚਾ ਲਿਆ।੪।੨।

TOP OF PAGE

Sri Guru Granth Darpan, by Professor Sahib Singh