ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 730

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ {ਪੰਨਾ 730}

ਪਦਅਰਥ: ਭਾਂਡਾ = ਹਿਰਦਾ। ਹਛਾ = ਪਵਿਤ੍ਰ। ਤਿਸੁ = ਉਸ (ਪਰਮਾਤਮਾ) ਨੂੰ। ਭਾਵਸੀ = ਚੰਗਾ ਲੱਗੇ। ਧੋਤਾ = ਬਾਹਰੋਂ ਸਾਫ਼ ਕੀਤਿਆਂ, ਤੀਰਥ ਆਦਿਕ ਦੇ ਇਸ਼ਨਾਨ ਨਾਲ। ਦੁਆਰੈ = ਦਰ ਤੇ। ਹੋਇ = ਹੋ ਕੇ, ਮੰਗਤਾ ਬਣ ਕੇ। ਸੋਝੀ = (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ। ਪਾਇਸੀ = ਪ੍ਰਾਪਤ ਕਰਦਾ ਹੈ। ਏਤੁ ਦੁਆਰੈ = ਇਸ ਦਰ ਤੇ, ਗੁਰੂ ਦੇ ਦਰ ਤੇ। ਧੋਇ = ਧੋ ਕੇ, ਸੁੱਧ ਕੀਤਿਆਂ। ਵੀਚਾਰੁ = ਸਮਝ। ਆਪਿ = ਪ੍ਰਭੂ ਆਪ। ਵਰਤਾਇਸੀ = ਦੇਂਦਾ ਹੈ। ਮਤੁ ਕੋ ਜਾਣੈ = ਕੋਈ ਮਨੁੱਖ ਇਹ ਨਾਹ ਸਮਝੇ। ਜਾਇ = (ਇਥੋਂ ਜਗਤ ਤੋਂ) ਜਾ ਕੇ। ਅਗੈ = ਪਰਲੋਕ ਵਿਚ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਪਤਿ ਸਿਉ = ਇੱਜ਼ਤ ਨਾਲ। ਵਾਇਸੀ = ਵਜਾਏਗਾ। ਤਿਹੁ ਲੋਕ = ਤਿੰਨਾਂ ਹੀ ਲੋਕਾਂ ਵਿਚ। ਨਿਹਾਲ = ਪ੍ਰਸੰਨ = ਚਿੱਤ। ਸਭਿ = ਸਾਰੇ।੧।

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲ) ਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰ) ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹ? ਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ) ੧।੪।੬।

ਨੋਟ: ਇਸ ਸ਼ਬਦ ਵਿਚ ਵਖ ਵਖ ਬੰਦ ਨਹੀਂ ਹਨ। ਸਾਰਾ ਸ਼ਬਦ ਸਮੁੱਚੇ ਤੌਰ ਤੇ ਇੱਕ ਬੰਦ ਗਿਣਿਆ ਗਿਆ ਹੈ। 'ਘਰੁ ੬' ਦਾ ਇਹ ਚੌਥਾ ਸ਼ਬਦ ਹੈ।

ਸੂਹੀ ਮਹਲਾ ੧ ॥ ਜੋਗੀ ਹੋਵੈ ਜੋਗਵੈ ਭੋਗੀ ਹੋਵੈ ਖਾਇ ॥ ਤਪੀਆ ਹੋਵੈ ਤਪੁ ਕਰੇ ਤੀਰਥਿ ਮਲਿ ਮਲਿ ਨਾਇ ॥੧॥ ਤੇਰਾ ਸਦੜਾ ਸੁਣੀਜੈ ਭਾਈ ਜੇ ਕੋ ਬਹੈ ਅਲਾਇ ॥੧॥ ਰਹਾਉ ॥ ਜੈਸਾ ਬੀਜੈ ਸੋ ਲੁਣੇ ਜੋ ਖਟੇ ਸਖਾਇ ॥ ਅਗੈ ਪੁਛ ਨ ਹੋਵਈ ਜੇ ਸਣੁ ਨੀਸਾਣੈ ਜਾਇ ॥੨॥ ਤੈਸੋ ਜੈਸਾ ਕਾਢੀਐ ਜੈਸੀ ਕਾਰ ਕਮਾਇ ॥ ਜੋ ਦਮੁ ਚਿਤਿ ਨ ਆਵਈ ਸੋ ਦਮੁ ਬਿਰਥਾ ਜਾਇ ॥੩॥ ਇਹੁ ਤਨੁ ਵੇਚੀ ਬੈ ਕਰੀ ਜੇ ਕੋ ਲਏ ਵਿਕਾਇ ॥ ਨਾਨਕ ਕੰਮਿ ਨ ਆਵਈ ਜਿਤੁ ਤਨਿ ਨਾਹੀ ਸਚਾ ਨਾਉ ॥੪॥੫॥੭॥ {ਪੰਨਾ 730}

ਪਦਅਰਥ: ਜੋਗਵੈ = ਜੋਗ ਕਮਾਂਦਾ ਹੈ। ਭੋਗੀ = ਮਾਇਕ ਪਦਾਰਥਾਂ ਨੂੰ ਭੋਗਣ ਵਾਲਾ, ਗ੍ਰਿਹਸਤੀ। ਖਾਇ = ਖਾਂਦਾ ਹੈ, ਭੋਗਾਂ ਵਿਚ ਮਸਤ ਹੈ। ਤੀਰਥਿ = ਤੀਰਥ ਉਤੇ। ਮਲਿ = ਮਲ ਕੇ। ਨਾਇ = ਇਸ਼ਨਾਨ ਕਰਦਾ ਹੈ।੧।

ਸਦੜਾ = ਸੋਹਣਾ ਸੱਦ, ਸੋਹਣਾ ਸ਼ਬਦ। ਸੁਣੀਜੈ = ਸੁਣਨਾ ਚਾਹੁੰਦਾ ਹਾਂ। ਭਾਈ = ਹੇ ਪਿਆਰੇ! ਕੋ = ਕੋਈ ਮਨੁੱਖ। ਬਹੈ = (ਮੇਰੇ ਕੋਲ) ਬੈਠ ਜਾਏ। ਅਲਾਇ = ਅਲਾਪ ਕਰੇ, ਸੁਣਾਏ।੧।ਰਹਾਉ।

ਲੁਣੇ = ਵੱਢਦਾ ਹੈ। ਜੋ = ਜੋ ਕੁਝ। ਸ = ਉਹੀ ਖੱਟੀ {ਨੋਟ: ਲਫ਼ਜ਼ 'ਸ' ਦੇ ਨਾਲ ਦੋ ਲਗਾਂ ਹਨ– ੋ ਅਤੇ ੁ। ਅਸਲ ਪਾਠ 'ਸੋ' ਹੈ, ਇਥੇ 'ਸੁ' ਪੜ੍ਹਨਾ ਹੈ}ਖਾਇ = ਖਾਂਦਾ ਹੈ, ਫਲ ਭੋਗਦਾ ਹੈ। ਨ ਹੋਵਈ = ਨ ਹੋਵਏ, ਨ ਹੋਵੈ, ਨਹੀਂ ਹੁੰਦੀ। ਸਣੁ = ਸਮੇਤ। ਨੀਸਾਣੁ = ਪਰਵਾਨਾ, ਰਾਹਦਾਰੀ, ਨਾਮ। ਸਣੁ ਨੀਸਾਣੈ = ਸਿਫ਼ਤਿ-ਸਾਲਾਹ ਦੇ ਪਰਵਾਨੇ ਸਮੇਤ।੨।

ਕਾਢੀਐ = ਕਿਹਾ ਜਾਂਦਾ ਹੈ। ਚਿਤਿ = ਚਿੱਤ ਵਿਚ। ਨ ਆਵਈ = ਨ ਆਵਏ, ਨ ਆਵੈ, ਨਹੀਂ ਆਉਂਦਾ। ਬਿਰਥਾ = ਵਿਅਰਥ।੩।

ਵੇਚੀ = ਮੈਂ ਵੇਚਦਾ ਹਾਂ, ਵੇਚਣ ਨੂੰ ਤਿਆਰ ਹਾਂ। ਬੈ ਕਰੀ = ਕੀਮਤ ਲੈ ਕੇ ਦੇਣ ਨੂੰ ਤਿਆਰ ਹਾਂ। ਵਿਕਾਇ = ਕੀਮਤ ਦੇ ਕੇ। ਜਿਤੁ = ਜਿਸ ਵਿਚ। ਜਿਤੁ ਤਨਿ = ਜਿਸ ਸਰੀਰ ਵਿਚ।੪।

ਅਰਥ: ਜੇਹੜਾ ਮਨੁੱਖ ਜੋਗੀ ਬਣ ਜਾਂਦਾ ਹੈ ਉਹ ਜੋਗ ਹੀ ਕਮਾਂਦਾ ਹੈ (ਜੋਗ ਕਮਾਣ ਨੂੰ ਹੀ ਸਹੀ ਰਸਤਾ ਸਮਝਦਾ ਹੈ) , ਜੋ ਮਨੁੱਖ ਗ੍ਰਿਹਸਤੀ ਬਣਦਾ ਹੈ ਉਹ ਭੋਗਾਂ ਵਿਚ ਹੀ ਮਸਤ ਹੈ। ਜੇਹੜਾ ਮਨੁੱਖ ਤਪੀ ਬਣਦਾ ਹੈ ਉਹ (ਸਦਾ) ਤਪ (ਹੀ) ਕਰਦਾ ਹੈ, ਤੇ ਤੀਰਥ ਉਤੇ (ਜਾ ਕੇ) ਮਲ ਮਲ ਕੇ (ਭਾਵ, ਬੜੇ ਸਿਦਕ-ਸਰਧਾ ਨਾਲ) ਇਸ਼ਨਾਨ ਕਰਦਾ ਹੈ।੧।

(ਪਰ) ਹੇ ਪਿਆਰੇ (ਪ੍ਰਭੂ) ! ਮੈਂ ਤਾਂ ਤੇਰੀ ਸਿਫ਼ਤਿ-ਸਾਲਾਹ ਦਾ ਸ਼ਬਦ ਹੀ ਸੁਣਨਾ ਚਾਹੁੰਦਾ ਹਾਂ, ਜੇ ਕੋਈ (ਮੇਰੇ ਕੋਲ) ਬੈਠ ਜਾਏ ਤੇ ਮੈਨੂੰ ਸੁਣਾਵੇ।੧।ਰਹਾਉ।

(ਮਨੁੱਖ) ਜੇਹੋ ਜੇਹਾ ਬੀਜ ਬੀਜਦਾ ਹੈ ਉਹੋ (ਜੇਹਾ ਫਲ) ਵੱਢਦਾ ਹੈ, ਜੋ ਕੁਝ ਖੱਟੀ-ਕਮਾਈ ਕਰਦਾ ਹੈ, ਉਹੀ ਵਰਤਦਾ ਹੈ (ਜੋਗ ਭੋਗ ਤੇ ਤਪ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਕਮਾਈ ਨਹੀਂ ਹੈ ਪਰ ਪ੍ਰਭੂ ਦੀ ਹਜ਼ੂਰੀ ਵਿਚ ਸਿਫ਼ਤਿ-ਸਾਲਾਹ ਹੀ ਪਰਵਾਨ ਹੈ) ਜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਪਰਵਾਨਾ ਲੈ ਕੇ (ਇਥੋਂ) ਜਾਏ ਤਾਂ ਅਗਾਂਹ (ਪ੍ਰਭੂ ਦੇ ਦਰ ਤੇ) ਉਸ ਨੂੰ ਰੋਕ-ਟੋਕ ਨਹੀਂ ਹੁੰਦੀ।੨।

ਮਨੁੱਖ ਜਿਹੋ ਜੇਹੀ ਕਾਰ ਕਮਾਂਦਾ ਹੈ ਉਹੋ ਜੇਹਾ ਉਸ ਦਾ ਨਾਮ ਪੈ ਜਾਂਦਾ ਹੈ (ਆਤਮਕ ਜੀਵਨ ਦੇ ਪੰਧ ਵਿਚ ਭੀ ਇਹੀ ਨਿਯਮ ਹੈ। ਭਗਤ ਉਹੀ ਜੋ ਭਗਤੀ ਕਰਦਾ ਹੈ। ਜੋਗ ਭੋਗ ਜਾਂ ਤਪ ਵਿਚੋਂ ਭਗਤੀ-ਭਾਵ ਪੈਦਾ ਨਹੀਂ ਹੋ ਸਕਦਾ) । (ਮਨੁੱਖ ਦਾ) ਜੇਹੜਾ ਸੁਆਸ (ਕਿਸੇ ਐਸੇ ਉੱਦਮ ਵਿਚ ਲੰਘਦਾ ਹੈ ਕਿ ਪਰਮਾਤਮਾ) ਉਸ ਦੇ ਮਨ ਵਿਚ ਨਹੀਂ ਵੱਸਦਾ ਤਾਂ ਉਹ ਸੁਆਸ ਵਿਅਰਥ ਹੀ ਜਾਂਦਾ ਹੈ।੩।

ਹੇ ਨਾਨਕ! ਜਿਸ (ਮਨੁੱਖਾ) ਸਰੀਰ ਵਿਚ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਨਹੀਂ ਵੱਸਦਾ ਉਹ ਸਰੀਰ ਕਿਸੇ ਕੰਮ ਨਹੀਂ ਆਉਂਦਾ (ਉਹ ਸਰੀਰ ਵਿਅਰਥ ਹੀ ਗਿਆ ਸਮਝੋ। ਇਸ ਵਾਸਤੇ) ਜੇ ਕੋਈ ਮਨੁੱਖ ਮੈਨੂੰ ਪ੍ਰਭੂ ਦਾ ਨਾਮ ਵੱਟੇ ਵਿਚ ਦੇ ਕੇ ਮੇਰਾ ਸਰੀਰ ਲੈਣਾ ਚਾਹੇ ਤਾਂ ਮੈਂ ਇਹ ਸਰੀਰ ਵੇਚਣ ਨੂੰ ਤਿਆਰ ਹਾਂ ਮੁੱਲ ਦੇਣ ਨੂੰ ਤਿਆਰ ਹਾਂ।੪।੫।੭।

ਨੋਟ: 'ਘਰੁ ੬' ਦੇ ਇਥੇ ੫ ਸ਼ਬਦ ਮੁੱਕ ਗਏ ਹਨ।

ਸੂਹੀ ਮਹਲਾ ੧ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥ ਜੋਗੁ ਨ ਮੁੰਦੀ ਮੂੰਡਿ ਮੁਡਾਇਐ ਜੋਗੁ ਨ ਸਿੰਙੀ ਵਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੧॥ ਗਲੀ ਜੋਗੁ ਨ ਹੋਈ ॥ ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥੧॥ ਰਹਾਉ ॥ ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥ ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ ਤੀਰਥਿ ਨਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੨॥ ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ ਰਹਾਈਐ ॥ ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੩॥ ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥ ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ ॥੪॥੧॥੮॥ {ਪੰਨਾ 730}

ਪਦਅਰਥ: ਜੋਗੁ = ਜੋਗ ਸਾਧਨਾਂ ਦਾ ਅੱਭਿਆਸ, ਪਰਮਾਤਮਾ ਨਾਲ ਮਿਲਾਪ। ਖਿੰਥਾ = ਗੋਦੜੀ। ਡੰਡੈ = ਡੰਡੇ ਦੀ ਰਾਹੀਂ, ਡੰਡਾ ਹੱਥ ਵਿਚ ਫੜਿਆਂ। ਭਸਮ = ਸੁਆਹ। ਚੜਾਈਐ = ਸਰੀਰ ਉਤੇ ਮਲ ਲਈਏ। ਮੁੰਦੀ = ਮੁੰਦੀਂ, ਮੁੰਦ੍ਰਾਂ ਦੀ ਰਾਹੀਂ, ਕੰਨਾਂ ਵਿਚ ਮੁੰਦ੍ਰਾਂ ਪਾ ਲਿਆਂ। ਮੂੰਡੁ = ਸਿਰ। ਮੂੰਡਿ = ਸਿਰ ਦੀ ਰਾਹੀਂ। ਮੂੰਡਿ ਮੁਡਾਇਐ = ਜੇ ਸਿਰ ਮੁਨਾ ਲਈਏ। ਸਿੰਙੀ = ਸਿੰਙ ਦਾ ਵਾਜਾ, ਜੋਗੀਆਂ ਦੀ ਤੁਰੀ ਜੋ ਸਿੰਙ ਦੀ ਹੁੰਦੀ ਹੈ। ਵਾਈਐ = ਜੇ ਵਜਾਈਏ। ਅੰਜਨ = ਕਾਲਖ, ਸੁਰਮਾ, ਮਾਇਆ ਦੇ ਮੋਹ ਦੀ ਕਾਲਖ। ਨਿਰੰਜਨਿ = ਨਿਰੰਜਨ ਵਿਚ, ਉਸ ਪਰਮਾਤਮਾ ਵਿਚ ਜੋ ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈ। ਜੁਗਤਿ = ਤਰੀਕਾ, ਜਾਚ। ਇਵ = ਇਸ ਤਰ੍ਹਾਂ।੧।

ਗਲੀ = ਗੱਲੀਂ, ਗੱਲਾਂ ਕਰਨ ਨਾਲ ਹੀ। ਦ੍ਰਿਸਟਿ = ਨਿਗਾਹ, ਨਜ਼ਰ। ਕਰਿ = ਕਰ ਕੇ। ਸਮਸਰਿ = ਬਰਾਬਰ, ਇਕੋ ਜੇਹਾ।੧।ਰਹਾਉ।

ਮੜੀ = ਮੜ੍ਹੀਆਂ ਵਿਚ। ਮਸਾਣੀ = ਮਸਾਣਾਂ ਵਿਚ। ਤਾੜੀ = ਸਮਾਧੀ। ਦੇਸਿ = ਦੇਸ ਵਿਚ। ਦਿਸੰਤਰਿ = ਦੇਸ ਅੰਤਰਿ, ਹੋਰ ਹੋਰ ਦੇਸਾਂ ਵਿਚ। ਦੇਸਿ ਦਿਸੰਤਰਿ ਭਵਿਐ = ਦੇਸ ਪਰਦੇਸ ਵਿਚ ਭੌਣ ਨਾਲ। ਤੀਰਥਿ = ਤੀਰਥ ਉਤੇ।੨।

ਭੇਟੈ = ਮਿਲੇ। ਸਹਸਾ = ਸਹਿਮ, ਡਰ। ਧਾਵਤੁ = ਭਟਕਦਾ ਹੋਇਆ (ਮਨ) ਵਰਜਿ = ਵਰਜ ਕੇ, ਰੋਕ ਕੇ। ਰਹਾਈਐ = ਰੱਖ ਲਈਦਾ ਹੈ। ਨਿਝਰੁ = {निभर्त्र्र} ਚਸ਼ਮਾ, ਝਾਲ, ਪਹਾੜੀ ਨਦੀ। ਝਰੈ = ਚੱਲ ਪੈਂਦਾ ਹੈ, ਵਹਿਣ ਲੱਗ ਪੈਂਦਾ ਹੈ। ਸਹਜ = ਅਡੋਲ ਅਵਸਥਾ। ਧੁਨਿ = ਤਾਰ, ਰੌ। ਘਰਿ ਹੀ = ਘਰ ਹੀ, ਹਿਰਦੇ = ਘਰ ਵਿਚ ਹੀ। ਪਰਚਾ = {परिचय} ਸਾਂਝ, ਜਾਣ-ਪਛਾਣ, ਮਿਤ੍ਰਤਾ।੩।

ਮਰਿ = ਮਰ ਕੇ, ਵਿਕਾਰ ਵਲੋਂ ਮਰ ਕੇ। ਜੋਗੁ = ਜੋਗ ਦਾ ਅਭਿਆਸ। ਵਾਜੈ = ਵੱਜਦੀ ਹੈ। ਤਉ = ਤਦੋਂ। ਪਦੁ = ਆਤਮਕ ਦਰਜਾ। ਨਿਰਭਉ = ਜਿਥੇ ਡਰ ਨਹੀਂ।੪।

ਅਰਥ: ਗੋਦੜੀ ਪਹਿਨ ਲੈਣਾ ਪਰਮਾਤਮਾ ਨਾਲ ਮਿਲਾਪ ਦਾ ਸਾਧਨ ਨਹੀਂ ਹੈ, ਡੰਡਾ ਹੱਥ ਵਿਚ ਫੜ ਲਿਆਂ ਹਰੀ-ਮੇਲ ਨਹੀਂ ਹੋ ਜਾਂਦਾ, ਜੇ ਸਰੀਰ ਉਤੇ ਸੁਆਹ ਮਲ ਲਈਏ ਤਾਂ ਭੀ ਪ੍ਰਭੂ ਦਾ ਮਿਲਾਪ ਨਹੀਂ ਹੁੰਦਾ। (ਕੰਨਾਂ ਵਿਚ) ਮੁੰਦ੍ਰਾਂ ਪਾਇਆਂ ਰੱਬ ਦਾ ਮੇਲ ਨਹੀਂ, ਜੇ ਸਿਰ ਮੁਨਾ ਲਈਏ ਤਾਂ ਭੀ ਪ੍ਰਭੂ-ਮਿਲਾਪ ਨਹੀਂ ਹੋ ਸਕਦਾ, ਸਿੰਙੀ ਵਜਾਇਆਂ ਭੀ ਜੋਗ ਸਿੱਧ ਨਹੀਂ ਹੋ ਜਾਂਦਾ।

ਪਰਮਾਤਮਾ ਨਾਲ ਮਿਲਾਪ ਦਾ ਢੰਗ ਸਿਰਫ਼ ਇਸ ਤਰ੍ਹਾਂ ਹੀ ਹਾਸਲ ਹੁੰਦਾ ਹੈ ਕਿ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹੀਏ।੧।

ਨਿਰੀਆਂ ਗੱਲਾਂ ਕਰਨ ਨਾਲ ਪ੍ਰਭੂ-ਮਿਲਾਪ ਨਹੀਂ ਹੁੰਦਾ। ਉਹੀ ਮਨੁੱਖ ਜੋਗੀ ਅਖਵਾ ਸਕਦਾ ਹੈ ਜੋ ਇਕੋ ਜੇਹੀ ਨਿਗਾਹ ਨਾਲ ਸਭ (ਜੀਵਾਂ) ਨੂੰ ਬਰਾਬਰ (ਦੇ ਇਨਸਾਨ) ਸਮਝੇ।੧।ਰਹਾਉ।

(ਘਰੋਂ) ਬਾਹਰ ਮੜ੍ਹੀਆਂ ਵਿਚ ਮਸਾਣਾਂ ਵਿਚ ਰਿਹਾਂ ਪ੍ਰਭੂ-ਮੇਲ ਨਹੀਂ ਹੁੰਦਾ, ਸਮਾਧੀਆਂ ਲਾਇਆਂ ਭੀ ਰੱਬ ਨਹੀਂ ਮਿਲਦਾ। ਜੇ ਦੇਸ ਪਰਦੇਸ ਵਿਚ ਭੌਂਦੇ ਫਿਰੀਏ ਤਾਂ ਭੀ ਪ੍ਰਭੂ-ਮਿਲਾਪ ਨਹੀਂ ਹੁੰਦਾ। ਤੀਰਥ ਉਤੇ ਇਸ਼ਨਾਨ ਕੀਤਿਆਂ ਭੀ ਪ੍ਰਭੂ-ਪ੍ਰਾਪਤੀ ਨਹੀਂ।

ਪਰਮਾਤਮਾ ਨਾਲ ਮਿਲਾਪ ਦਾ ਢੰਗ ਸਿਰਫ਼ ਇਸ ਤਰ੍ਹਾਂ ਹੀ ਆਉਂਦਾ ਹੈ ਕਿ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹੀਏ।੨।

ਜਦੋਂ ਗੁਰੂ ਮਿਲ ਪਏ ਤਾਂ ਮਨ ਦਾ ਸਹਿਮ ਮੁੱਕ ਜਾਂਦਾ ਹੈ, ਵਿਕਾਰਾਂ ਵਲ ਦੌੜਦੇ ਮਨ ਨੂੰ ਰੋਕ ਕੇ ਰੱਖ ਸਕੀਦਾ ਹੈ, (ਮਨ ਵਿਚ ਪ੍ਰਭੂ ਦੇ ਅੰਮ੍ਰਿਤ ਨਾਮ ਦਾ ਇਕ) ਚਸ਼ਮਾ ਚੱਲ ਪੈਂਦਾ ਹੈ, ਅਡੋਲ ਅਵਸਥਾ ਦੀ ਰੌ ਬਣ ਜਾਂਦੀ ਹੈ; ਹਿਰਦੇ ਦੇ ਅੰਦਰ ਹੀ ਪਰਮਾਤਮਾ ਨਾਲ ਸਾਂਝ ਬਣ ਜਾਂਦੀ ਹੈ।

ਪਰਮਾਤਮਾ ਨਾਲ ਮਿਲਾਪ ਦੀ ਜਾਚ ਸਿਰਫ਼ ਇਸੇ ਤਰ੍ਹਾਂ ਆਉਂਦੀ ਹੈ ਕਿ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹੀਏ।੩।

ਹੇ ਨਾਨਕ! ਪਰਮਾਤਮਾ ਦੇ ਮਿਲਾਪ ਦਾ ਅੱਭਿਆਸ ਇਉਂ ਕਰਨਾ ਚਾਹੀਦਾ ਹੈ ਕਿ ਦੁਨੀਆ ਦੇ ਕਾਰ-ਵਿਹਾਰ ਕਰਦਿਆਂ ਹੀ ਵਿਕਾਰਾਂ ਵਲੋਂ ਪਰੇ ਹਟੇ ਰਹਿਣਾ ਚਾਹੀਦਾ ਹੈ। (ਜੋਗੀ ਤਾਂ ਸਿੰਙ ਦਾ ਵਾਜਾ ਵਜਾਂਦਾ ਹੈ, ਪਰ ਸਿਮਰਨ-ਅੱਭਿਆਸ ਕਰਨ ਵਾਲੇ ਦੇ ਅੰਦਰ ਇਕ ਅਜੇਹਾ ਸੁਰੀਲਾ ਆਨੰਦ ਬਣਦਾ ਹੈ ਕਿ, ਮਾਨੋ) ਬਿਨਾ ਵਾਜਾ ਵਜਾਇਆਂ ਸਿੰਙ ਦਾ ਵਾਜਾ ਵੱਜ ਰਿਹਾ ਹੈ। (ਜਦੋਂ ਮਨੁੱਖ ਇਸ ਆਤਮਕ ਆਨੰਦ ਨੂੰ ਮਾਣਨ ਲੱਗ ਪੈਂਦਾ ਹੈ) ਤਦੋਂ ਉਹ ਐਸੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ ਜਿਸ ਵਿਚ ਕਿਸੇ ਤਰ੍ਹਾਂ ਦਾ ਕੋਈ ਡਰ ਨਹੀਂ ਰਹਿ ਜਾਂਦਾ।

ਜਦੋਂ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹਿ ਸਕੀਏ, ਤਦੋਂ ਪ੍ਰਭੂ-ਮਿਲਾਪ ਦੀ ਜਾਚ ਆ ਜਾਂਦੀ ਹੈ।੪।੧।੮।

ਨੋਟ: ਅੰਕ ੧ ਦੱਸਦਾ ਹੈ ਕਿ 'ਘਰੁ ੭' ਦਾ ਇਹ ਪਹਿਲਾ ਸ਼ਬਦ ਹੈ।

ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥ {ਪੰਨਾ 730-731}

ਪਦਅਰਥ: ਕਉਣ = ਕੇਹੜੀ? ਤਰਾਜੀ = ਤੱਕੜੀ। ਕਵਣੁ = ਕੇਹੜਾ? ਤੁਲਾ = ਵੱਟਾ। ਸਰਾਫੁ = ਮੁੱਲ ਪਾਣ ਵਾਲਾ, ਪਰਖ ਕਰਨ ਵਾਲਾ। ਬੁਲਾਵਾ = ਬੁਲਾਵਾਂ, ਮੈਂ ਸੱਦਾਂ। ਕੈ ਪਹਿ = ਕਿਸ ਪਾਸੋਂ? ਦੀਖਿਆ = ਸਿੱਖਿਆ। ਲੇਵਾ = ਮੈਂ ਲਵਾਂ। ਮੁਲੁ ਕਰਾਵਾ = ਮੈਂ ਕੀਮਤ ਪਵਾਵਾਂ।੧।

ਲਾਲ = ਹੇ ਲਾਲ! ਨ ਜਾਣਾ = ਮੈਂ ਨਹੀਂ ਜਾਣਦਾ। ਜਲਿ = ਜਲ ਵਿਚ। ਥਲਿ = ਧਰਤੀ ਦੇ ਅੰਦਰ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ। ਭਰਿਪੁਰਿ = ਭਰਪੂਰ। ਲੀਣਾ = ਵਿਆਪਕ। ਆਪੇ = ਆਪ ਹੀ।੧।ਰਹਾਉ।

ਤਾਰਾਜੀ = ਤੱਕੜੀ। ਤੇਰੀ ਸੇਵ ਕਮਾਵਾ = ਮੈਂ ਤੇਰੀ ਸੇਵਾ ਕਰਾਂ, ਮੈਂ ਤੇਰਾ ਸਿਮਰਨ ਕਰਾਂ। ਘਟ = ਹਿਰਦਾ। ਭੀਤਰਿ = ਅੰਦਰ। ਸਹੁ = ਖਸਮ = ਪ੍ਰਭੂ। ਤੋਲੀ = ਮੈਂ ਤੋਲਾਂ, ਪਰਖ ਕਰਾਂ। ਇਨ੍ਹ੍ਹ ਬਿਧਿ = ਇਹਨਾਂ ਤਰੀਕਿਆਂ ਨਾਲ। ਰਹਾਵਾ = ਮੈਂ ਟਿਕਾਵਾਂ।੨।

ਕੰਡਾ = ਤੱਕੜੀ ਦੀ ਡੰਡੀ ਦੇ ਅੱਧ ਵਿਚ ਦੀ ਸੂਈ, ਤੱਕੜੀ ਦੀ ਬੋਦੀ। ਦੇਖੈ = ਸੰਭਾਲ ਕਰਦਾ ਹੈ। ਬੂਝੈ = ਸਮਝਦਾ ਹੈ। ਵਣਜਾਰਾ = ਵਣਜ ਕਰਨ ਵਾਲਾ ਜੀਵ = ਵਪਾਰੀ।੩।

ਅੰਧੁਲਾ = ਅੰਨ੍ਹ੍ਹਾ। ਨੀਚ ਜਾਤਿ = ਨੀਵੀਂ ਜਾਤਿ ਵਾਲਾ। ਪਰਦੇਸੀ = ਭਟਕਦਾ ਰਹਿਣ ਵਾਲਾ। ਖਿਨੁ = ਅੱਖ ਦੇ ਝਮਕਣ ਜਿਤਨੇ ਸਮੇ ਵਿਚ। ਤਿਲੁ = ਰਤਾ ਭਰ ਸਮੇ ਵਿਚ। ਤਾ ਕੀ = ਅਜੇਹੇ (ਮਨ) ਦੀ। ਕਿਉ ਕਰਿ = ਕਿਸ ਤਰ੍ਹਾਂ? ਮੂੜਾ = ਮੂਰਖ। ਪਾਵੈ = (ਕਦਰ) ਪਾ ਸਕਦਾ ਹੈ।੪।

ਅਰਥ: ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ) ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ।੧।ਰਹਾਉ।

ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ) , ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ।੧।

ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ।੨।

(ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ। ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ।੩।

ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ, ਕਿਉਂਕਿ ਇਸ ਦੀ ਸੰਗਤਿ ਸਦਾ ਉਸ ਮਨ ਨਾਲ ਹੈ ਜੋ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ।੪।੨।੯।

TOP OF PAGE

Sri Guru Granth Darpan, by Professor Sahib Singh