ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 3

ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੦॥

ਪਦ ਅਰਥ: ਸਤੁ ਸੰਤੋਖੁ = ਦਾਨ ਤੇ ਸੰਤੋਖ।

ਸਤੁ: ਇਸ ਲਫ਼ਜ਼ ਦੇ ਤਿੰਨ ਵੱਖੋ-ਵੱਖਰੇ ਰੂਪ ਮਿਲਦੇ ਹਨ: 'ਸਤਿ, ਸਤੁ, ਸਤ'। ਇਹਨਾਂ ਦੇ ਅਰਥ ਸਮਝਣ ਲਈ ਹੇਠ ਲਿਖੇ ਪ੍ਰਮਾਣ ਗਹੁ ਨਾਲ ਪੜ੍ਹੋ:

(ੳ) ਸਤੁ ਸੰਤੋਖੁ ਹੋਵੈ ਅਰਦਾਸਿ। ਤਾ ਸੁਣਿ ਸਦਿ ਬਹਾਲੇ ਪਾਸਿ।1। (ਰਾਮਕਲੀ ਮਹਲਾ 1)

(ਅ) ਜਤੁ ਸਤੁ ਸੰਜਮੁ ਸਚੁ ਸੁਚੀਤੁ। ਨਾਨਕ ਜੋਗੀ ਤ੍ਰਿਭਵਨ ਮੀਤੁ।8।2। (ਰਾਮਕਲੀ ਮਹਲਾ 1)

(ੲ) ਸਤੀਆ ਮਨਿ ਸੰਤੋਖੁ ਉਪਜੈ, ਦੇਣੈ ਕੈ ਵੀਚਾਰਿ। (ਆਸਾ ਦੀ ਵਾਰ ਮਹਲਾ 1, ਪਉੜੀ 6)

(ਸ) ਗੁਰ ਕਾ ਸਬਦੁ ਕਰਿ ਦੀਪਕੋ, ਇਹ ਸਤ ਕੀ ਸੇਜ ਬਿਛਾਇ ਰੀ।3।16।118। (ਆਸਾ ਮਹਲਾ 1)

(ਹ) ਸਤੀ ਪਹਰੀ ਸਤੁ ਭਲਾ, ਬਹੀਐ ਪੜਿਆ ਪਾਸਿ। (ਮਾਝ ਕੀ ਵਾਰ, ਸ਼ਲੋਕ ਮਹਲਾ 2, ਪਉੜੀ 18)

ਇਹਨਾਂ ਉਪਰਲੇ ਪ੍ਰਮਾਣਾਂ ਦੇ ਅੰਕ ਨੰ: (ੳ) ਵਿਚ ਸ਼ਬਦ 'ਸਤੁ' ਸ਼ਬਦ 'ਸੰਤੋਖੁ' ਦੇ ਨਾਲ ਵਰਤਿਆ ਗਿਆ ਹੈ। ਅੰਕ ਨੰ: (ਅ) ਵਿਚ 'ਸਤੁ' ਸ਼ਬਦ 'ਜਤੁ' ਨਾਲ ਆਇਆ ਹੈ। ਅੰਕ ਨੰ: (ਹ) ਵਿਚ 'ਸਤੁ' (ਸਤੀ) ਸੰਸਕ੍ਰਿਤ ਦਾ 'ਸਪਤ' ਹੈ, ਜਿਸ ਦਾ ਅਰਥ ਹੈ 'ਸੱਤ ਦੀ ਗਿਣਤੀ'।

ਸ਼ਬਦ 'ਸਤੁ' ਸੰਸਕ੍ਰਿਤ ਦੇ ਧਾਤੂ 'ਅਸ' ਤੋਂ ਬਣਿਆ ਹੈ, ਜਿਸ ਦਾ ਅਰਥ ਹੈ 'ਹੱਥੋਂ ਛੱਡਣਾ'। ਸੋ 'ਸਤੁ' ਦਾ ਅਰਥ ਹੈ ਦਾਨੁ। ਅੰਕ ਨੰ: (ੲ) ਵਿਚ ਆਸਾ ਦੀ ਵਾਰ ਵਾਲੇ ਪ੍ਰਮਾਣ ਤੋਂ ਸਾਫ਼ ਪਰਗਟ ਹੋ ਜਾਂਦਾ ਹੈ, ਜਿੱਥੇ 'ਸਤੀਆ' ਦਾ ਅਰਥ ਹੈ 'ਦਾਨੀ ਮਨੁੱਖਾਂ'। "ਸਤੀ ਦੇਇ ਸੰਤੋਖੀ ਖਾਇ" ਆਮ ਪਰਚਲਤ ਤੁਕ ਹੈ, ਜਿਸ ਵਿਚ 'ਸਤੀਆ' ਦਾ ਅਰਥ ਹੈ "ਦਾਨੀ"। 'ਦਾਨੀ' ਤੇ 'ਸੰਤੋਖੀ' ਦਾ ਆਪੋ ਵਿਚ ਬਹੁਤ ਡੂੰਘਾ ਸੰਬੰਧ ਹੈ। 'ਦਾਨੀ' ਉਹੀ ਹੋ ਸਕਦਾ ਹੈ ਜੋ 'ਸੰਤੋਖੀ' ਭੀ ਹੈ, ਨਹੀਂ ਤਾਂ ਜੋ ਆਪ ਤ੍ਰਿਸ਼ਨਾ ਦਾ ਮਾਰਿਆ ਹੋਇਆ ਹੋਵੇ, ਉਹ ਆਪਣੇ ਹੱਥੋਂ ਕਿਸੇ ਹੋਰ ਨੂੰ ਕੀਹ ਦੇ ਸਕਦਾ ਹੈ? ਗੁਰੂ ਸਾਹਿਬ ਇਹਨਾਂ ਦੋਹਾਂ ਗੁਣਾਂ ਨੂੰ ਬਹੁਤ ਥਾਈਂ ਇਕੱਠਾ ਵਰਤਦੇ ਜਨ। ਸੋ, ਅੰਕ ਨੰ: (ੳ) ਵਿਚ 'ਸਤੁ' ਦਾ ਅਰਥ ਹੈ "ਦਾਨ ,ਦਾਨ ਕਰਨ ਦਾ ਸੁਭਾਉ"।

ਸ਼ਬਦ 'ਸਤੁ' ਦਾ ਦੁਜਾ ਅਰਥ ਹੈ "ਸੁੱਚਾ ਆਚਰਨ, ਪਤਿਬ੍ਰਤਾ ਧਰਮ, ਇਸਤ੍ਰੀ-ਬ੍ਰਤ ਧਰਮ"। ਇਸ ਅਰਥ ਵਿਚ ਇਸ ਸ਼ਬਦ ਦਾ ਸੰਬੰਧ ਸ਼ਬਦ 'ਜਤੁ' ਨਾਲ ਚੰਗਾ ਢੁਕਦਾ ਹੈ। ਸੋ ਅੰਕ ਨੰ: (ਅ) ਵਿਚ 'ਸਤੁ' ਦਾ ਅਰਥ ਹੈ 'ਸੁੱਚਾ ਆਚਰਨ'।

ਅੰਕ ਨੰ: (ੲ) ਵਿਚ 'ਸਤੁ' ਦਾ ਅਰਥ ਹੈ 'ਦਾਨ'। ਅੰਕ ਨੰ: (ਸ) ਵਿਚ 'ਸਤੁ' ਦਾ ਅਰਥ ਫਿਰ 'ਸੁੱਚਾ ਆਚਰਨ' ਹੈ।

ਸ਼ਬਦ 'ਸਤਿ' ਭੀ ਸੰਸਕ੍ਰਿਤ ਦੇ ਧਾਤੂ 'ਅਸ' ਤੋਂ ਬਣਿਆ ਹੈ, ਜਿਸ ਦਾ ਅਰਥ ਹੈ 'ਹੋਣਾ'। ਸੋ 'ਸਤਿ' ਦਾ ਅਰਥ ਹੈ "ਹੋਂਦ ਵਾਲਾ, ਸੱਚ"।

ਜਪੁਜੀ ਸਾਹਿਬ ਵਿਚ 'ਸਤਿ' ਅਤੇ 'ਸਤੁ' ਵਾਲੀਆਂ ਹੇਠ-ਲਿਖੀਆਂ ਤੁਕਾਂ ਹਨ:

(1) 'ਸਤਿਨਾਮੁ' (ਮੂਲ ਮੰਤਰ ਵਿਚ)

(2) ਸੁਣਿਐ, ਸਤੁ ਸੰਤੋਖੁ ਗਿਆਨੁ। (ਪਉੜੀ 10)

(3) ਅਸੰਖ ਸਤੀ ਅਸੰਖ ਦਾਤਾਰ। (ਪਉੜੀ 17)

(4) ਸਤਿ ਸੁਹਾਣੁ ਸਦਾ ਮਨਿ ਚਾਉ। (ਪਉੜੀ 21)

(5) ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ। 27।

ਅਠਸਠਿ = ਅਠਾਹਠ ਤੀਰਥ। ਪੜਿ ਪੜਿ = ਵਿੱਦਿਆ ਪੜ੍ਹ ਕੇ। ਪਾਵਹਿ = ਪਾਂਦੇ ਹਨ। ਸਹਜਿ = ਸਹਜ ਅਵਸਥਾ ਵਿਚ। ਸਹਜ = (ਸਹਜ) ਸਹ-ਸਾਥ, ਨਾਲ ਜ-ਜਨਮਿਆ, ਪੈਦਾ ਹੋਇਆ, ਉਹ ਸੁਭਾਉ ਜੋ ਸੁੱਧ-ਸਰੂਪ ਆਤਮਾ ਦੇ ਨਾਲ ਜਨਮਿਆ ਹੈ, ਸ਼ੁੱਧ-ਸਰੂਪ ਆਤਮਾ ਦਾ ਆਪਣਾ ਅਸਲੀ ਧਰਮ, ਮਾਇਆ ਦੇ ਤਿੰਨਾਂ ਗੁਣਾਂ ਤੋਂ ਲੰਘ ਕੇ ਉਪਰ ਦੀ ਅਵਸਥਾ, ਤੁਰੀਆ ਅਵਸਥਾ, ਸ਼ਾਂਤੀ , ਅਡੋਲਤਾ। ਧਿਆਨੁ = ਸੁਰਤ, ਬ੍ਰਿਤੀ। ਗਿਆਨੁ = ਸਾਰੇ ਜਗਤ ਨੂੰ ਪ੍ਰਭੂ-ਪਿਤਾ ਦਾ ਇਕ ਟੱਬਰ ਸਮਝਣ ਦੀ ਸੂਝ, ਪਰਮਾਤਮਾ ਨਾਲ ਜਾਣ-ਪਛਾਣ।

ਅਰਥ: ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ, (ਕਿਂਉਕਿ) ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਸੁਣਨ ਨਾਲ (ਮਨੁੱਖ ਦੇ) ਦੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ। ਰੱਬ ਦੇ ਨਾਮ ਵਿਚ ਜੁੜਨ ਨਾਲ (ਹਿਰਦੇ ਵਿਚ) ਦਾਨ (ਦੇਣ ਦਾ ਸੁਭਾਉ) , ਸੰਤੋਖ ਤੇ ਪ੍ਰਕਾਸ਼ ਪਰਗਟ ਹੋ ਜਾਂਦਾ ਹੈ, ਮਾਨੋ, ਅਠਾਹਠ ਤੀਰਥਾਂ ਦਾ ਇਸ਼ਨਾਨ (ਹੀ) ਹੋ ਜਾਂਦਾ ਹੈ (ਭਾਵ, ਅਠਾਰਠ ਤੀਰਥਾਂ ਦੇ ਇਸ਼ਨਾਨ ਨਾਮ ਜਪਣ ਦੇ ਵਿਚ ਹੀ ਆ ਜਾਂਦੇ ਹਨ) । ਜੋ ਸਤਕਾਰ (ਮਨੁੱਖ ਵਿੱਦਿਆ) ਪੜ੍ਹ ਕੇ ਪਾਂਦੇ ਹਨ ਉਹ ਭਗਤ ਜਨਾਂ ਨੂੰ ਅਕਾਲ ਪੁਰਖ ਦੇ ਨਾਮ ਵਿਚ ਜੁੜ ਕੇ ਹੀ ਮਿਲ ਜਾਂਦਾ ਹੈ। ਨਾਮ ਸੁਣਨ ਦਾ ਸਦਕਾ ਅਡੋਲਤਾ ਵਿਚ ਚਿੱਤ ਦੀ ਬ੍ਰਿਤੀ ਟਿਕ ਜਾਂਦੀ ਹੈ।10।

ਭਾਵ: ਨਾਮ ਵਿਚ ਸੁਰਤ ਜੋੜਿਆਂ ਹੀ ਮਨ ਵਿਸ਼ਾਲ ਹੁੰਦਾ ਹੈ, ਲੋੜਵੰਦਿਆਂ ਦੀ ਸੇਵਾ ਤੇ ਸੰਤੋਖ ਵਾਲਾ ਜੀਵਨ ਬਣਦਾ ਹੈ। ਨਾਮ ਵਿਚ ਚੁੱਭੀ ਹੀ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ। ਜਗਤ ਦੇ ਕਿਸੇ ਮਾਣ-ਆਦਰ ਦੀ ਪਰਵਾਹ ਨਹੀਂ ਰਹਿ ਜਾਂਦੀ, ਮਨ ਸਹਜਿ ਅਵਸਥਾ ਵਿਚ, ਅਡੋਲਤਾ ਵਿਚ, ਮਗਨ ਰਹਿੰਦਾ ਹੈ।10।

ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੧॥

ਪਦ ਅਰਥ: ਸਰਾ ਗੁਣਾ ਕੇ = ਗੁਣਾਂ ਦੇ ਸਰੋਵਰਾਂ ਦੇ, ਬੇਅੰਤ ਗੁਣਾਂ ਦੇ। ਗਾਹ = ਗਾਹੁਣ ਵਾਲੇ, ਸੂਝ ਵਾਲੇ, ਵਾਕਫ਼ੀ ਵਾਲੇ। ਰਾਹੁ = ਰਸਤਾ। ਅਸਗਾਹੁ = ਡੂੰਘਾ ਸਮੁੰਦਰ, ਸੰਸਾਰ। ਹਾਥ = ਸ਼ਬਦ 'ਹਾਥ' ਇਸਤ੍ਰੀ-ਲਿੰਗ ਹੈ, ਇਸ ਵਾਸਤੇ ਇਕ-ਵਚਨ ਵਿਚ ਭੀ ਇਸ ਦੇ ਅੰਤ ਵਿਚ (ੁ) ਨਹੀਂ ਹੈ। ਇਸ ਦਾ ਅਰਥ ਹੈ 'ਡੂੰਘਿਆਈ ਦੀ ਸਮਝ'। ਪਰ ਜਦੋਂ ਇਹ ਪੁਲਿੰਗ ਹੋਵੇ ਤਦੋਂ ਇਸ ਦਾ ਅਰਥ ਹੈ ਮਨੁੱਖ ਦਾ ਅੰਗ 'ਹੱਥ'। ਜਿਵੇਂ:

(1) ਹਾਥੁ ਪਸਾਰਿ ਸਕੈ ਕੋ ਜਨ ਕਉ, ਬੋਲਿ ਨ ਸਕੈ ਅੰਦਾਜਾ।1। (ਬਿਲਾਵਲ ਕਬੀਰ ਜੀ)

ਬਹੁ-ਵਚਨ 'ਹਾਥ' ਦਾ ਰੂਪ ਇਸਤ੍ਰੀ-ਲਿੰਗ 'ਹਾਥ' ਵਾਲਾ ਹੀ ਹੈ, ਜਿਵੇਂ:

ਹਾਥ ਦੇਇ ਰਾਖੇ ਪਰਮੇਸਰਿ, ਸਗਲਾ ਦੁਰਤੁ ਮਿਟਾਇਆ।1।7।16। (ਗੂਜਰੀ ਮਹਲਾਂ 5)

ਹਾਥ ਹੋਵੈ = ਹਾਥ ਹੋ ਜਾਂਦੀ ਹੈ, ਡੂੰਘਿਆਈ ਦਾ ਪਤਾ ਲੱਗ ਜਾਂਦਾ ਹੈ, ਅਸਲੀਅਤ ਦੀ ਸਮਝ ਪੈ ਜਾਂਦੀ ਹੈ।11।

ਅਰਥ: ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤਿ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ, (ਕਿਉਂਕਿ) ਅਕਾਲ ਪੁਰਖ ਦਾ ਨਾਮ ਸੁਣਨ ਨਾਲ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ। ਅਕਾਲ ਪੁਰਖ ਦੇ ਨਾਮ ਵਿਚ ਸੁਰਤਿ ਜੋੜਨ ਨਾਲ (ਸਾਧਾਰਨ ਮਨੁੱਖ) ਬੇਅੰਤ ਗੁਣਾਂ ਦੀ ਸੂਝ ਵਾਲੇ ਹੋ ਜਾਂਦੇ ਹਨ, ਸ਼ੇਖ ਪੀਰ ਤੇ ਪਾਤਿਸ਼ਾਹਾਂ ਦੀ ਪਦਵੀ ਪਾ ਲੈਂਦੇ ਹਨ। ਇਹ ਨਾਮ ਸੁਣਨ ਦੀ ਹੀ ਬਰਕਤਿ ਹੈ ਕਿ ਅੰਨ੍ਹੇ ਗਿਆਨ-ਹੀਣ ਮਨੁੱਖ ਭੀ (ਅਕਾਲ ਪੁਰਖ ਨੂੰ ਮਿਲਣ ਦਾ) ਰਾਹ ਲੱਭ ਲੈਂਦੇ ਹਨ। ਅਕਾਲ ਪੁਰਖ ਦੇ ਨਾਮ ਵਿਚ ਜੁੜਨ ਦਾ ਸਦਕਾ ਇਸ ਡੂੰਘੇ ਸੰਸਾਰ-ਸਮੁੰਦਰ ਦੀ ਅਸਲੀਅਤ ਸਮਝ ਵਿਚ ਆ ਜਾਂਦੀ ਹੈ।11।

ਭਾਵ: ਜਿਉਂ ਜਿਉਂ ਸੁਰਤਿ ਨਾਮ ਵਿੱਚ ਜੁੜਦੀ ਹੈ, ਮਨੁੱਖ ਰੱਬੀ ਗੁਣਾਂ ਦੇ ਸਮੁੰਦਰ ਵਿੱਚ ਚੁੱਭੀ ਲਾਂਦਾ ਹੈ। ਸੰਸਾਰ ਅਥਾਹ ਸਮੁੰਦਰ ਹੈ, ਜਿਥੇ ਰੱਬ ਨਾਲੋਂ ਵਿਛੜਿਆ ਹੋਇਆ ਜੀਵ ਅੰਨ੍ਹਿਆਂ ਵਾਂਗ ਹੱਥ ਪੈਰ ਮਾਰਦਾ ਹੈ। ਪਰ ਨਾਮ ਵਿੱਚ ਜੁੜਿਆ ਜੀਵ ਜੀਵਨ ਦਾ ਸਹੀ ਰਾਹ ਲੱਭ ਲੈਂਦਾ ਹੈ।11।

ਨੋਟ: ਨੰਬਰ 12 ਤੋਂ 15 ਤਕ ਚਾਰ ਪਉੜੀਆਂ ਦਾ ਮਜ਼ਮੂਨ ਇਕੋ ਲੜੀ ਦਾ ਹੈ।

ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥

ਪਦ ਅਰਥ: ਮੰਨੇ ਕੀ = ਮੰਨਣ ਵਾਲੇ ਦੀ, ਪਤੀਜੇ ਹੋਏ ਦੀ, ਯਕੀਨ ਕਰ ਲੈਣ ਵਾਲੇ ਦੀ। ਗਤਿ = ਹਾਲਤ, ਅਵਸਥਾ। ਕਹੈ– ਦੱਸੇ, ਬਿਆਨ ਕਰੇ। ਮੰਨੇ ਕਾ ਵੀਚਾਰੁ = ਸ਼ਰਧਾ ਧਾਰਨ ਵਾਲੇ ਦੀ ਵਡਿਆਈ ਦੀ ਵੀਚਾਰ। ਬਹਿ ਕਰਨਿ = ਬੈਠ ਕੇ ਕਰਦੇ ਹਨ। ਐਸਾ = ਅਜਿਹਾ, ਇੱਡਾ ਉੱਚਾ। ਹੋਇ = ਹੈ। ਮੰਨਿ = ਸ਼ਰਧਾ ਧਾਰ ਕੇ, ਲਗਨ ਲਾ ਕੇ। ਮੰਨਿ ਜਾਣੈ = ਸ਼ਰਧਾ ਰੱਖ ਕੇ ਵੇਖੇ, ਮੰਨ ਕੇ ਵੇਖੇ। ਮਨਿ = ਮਨ ਵਿਚ। ਕਾਗਦਿ = ਕਾਗ਼ਜ਼ ਉੱਤੇ। ਕਲਮ = ਕਲਮ (ਨਾਲ) ।

ਅਰਥ: ਉਸ ਮਨੁੱਖ ਦੀ (ਉੱਚੀ) ਆਤਮਕ ਅਵਸਥਾ ਦੱਸੀ ਨਹੀਂ ਜਾ ਸਕਦੀ, ਜਿਸ ਨੇ (ਅਕਾਲ ਪੁਰਖ ਦੇ ਨਾਮ ਨੂੰ) ਮੰਨ ਲਿਆ ਹੈ, (ਭਾਵ, ਜਿਸ ਦੀ ਲਗਨ ਨਾਮ ਵਿਚ ਲੱਗ ਗਈ ਹੈ) । ਜੇ ਕੋਈ ਮਨੁੱਖ ਬਿਆਨ ਕਰੇ ਭੀ, ਤਾਂ ਉਹ ਪਿਛੋਂ ਪਛਤਾਉਂਦਾ ਹੈ (ਕਿ ਮੈਂ ਹੋਛਾ ਜਤਨ ਕੀਤਾ ਹੈ) । (ਮਨੁੱਖ) ਰਲ ਕੇ (ਨਾਮ ਵਿਚ) ਪਤੀਜੇ ਹੋਏ ਦੀ ਆਤਮਕ ਅਵਸਥਾ ਦਾ ਅੰਦਾਜ਼ਾ ਲਾਂਦੇ ਹਨ, ਪਰ ਕਾਗਜ਼ ਉੱਤੇ ਕਲਮ ਨਾਲ ਕੋਈ ਮਨੁੱਖ ਲਿਖਣ ਦੇ ਸਮਰੱਥ ਨਹੀਂ ਹੈ। ਅਕਾਲ ਪੁਰਖ ਦਾ ਨਾਮ ਬਹੁਤ (ਉੱਚਾ) ਹੈ ਤੇ ਮਾਇਆ ਦੇ ਪਰਭਾਵ ਤੋਂ ਪਰੇ ਹੈ, (ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ) ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ।12।

ਭਾਵ: ਪ੍ਰਭੂ ਮਾਇਆ ਦੇ ਪਰਭਾਵ ਤੋਂ ਬੇਅੰਤ ਉੱਚਾ ਹੈ। ਉਸ ਦੇ ਨਾਮ ਵਿਚ ਸੁਰਤ ਜੋੜ ਜੋੜ ਕੇ ਜਿਸ ਮਨੁੱਖ ਦੇ ਮਨ ਵਿਚ ਉਸ ਦੀ ਲਗਨ ਲੱਗ ਜਾਂਦੀ ਹੈ, ਉਸ ਦੀ ਭੀ ਆਤਮਾ ਮਾਇਆ ਦੀ ਮਾਰ ਤੋਂ ਉਤਾਂਹ ਹੋ ਜਾਂਦੀ ਹੈ।

ਜਿਸ ਮਨੁੱਖ ਦੀ ਪ੍ਰਭੂ ਨਾਲ ਲਗਨ ਲੱਗ ਜਾਏ, ਉਸ ਦੀ ਆਤਮਕ ਉੱਚਤਾ ਨਾਹ ਕੋਈ ਬਿਆਨ ਕਰ ਸਕਦਾ ਹੈ ਨਾਹ ਕੋਈ ਲਿਖ ਸਕਦਾ ਹੈ।12।

ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥

ਪਦ ਅਰਥ: ਮੰਨੈ = ਮੰਨਣ ਕਰਕੇ, ਜੇ ਮੰਨ ਲਈਏ, ਜੇ ਮਨ ਪਤੀਜ ਜਾਏ, ਜੇ ਪ੍ਰਭੂ ਦੇ ਨਾਮ ਵਿਚ ਲਗਨ ਲੱਗ ਜਾਏ। ਸੁਰਤਿ ਹੋਵੈ-(ਉੱਚੀ) ਸੁਰਤ ਹੋ ਜਾਂਦੀ ਹੈ। ਮਨਿ = ਮਨ ਵਿਚ। ਬੁਧਿ = ਜਾਗ੍ਰਤ। ਸੁਧਿ = ਖ਼ਬਰ, ਸੋਝੀ। ਮੁਹਿ = ਮੂੰਹ ਉੱਤੇ। ਚੋਟਾ = ਸੱਟਾਂ। ਜਮ ਕੈ ਸਾਥਿ = ਜਮਾਂ ਦੇ ਨਾਲ।13।

ਅਰਥ: ਜੇ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ ਉਸ ਦੀ ਸੁਰਤਿ ਉੱਚੀ ਹੋ ਜਾਂਦੀ ਹੈ, ਉਸ ਦੇ ਮਨ ਵਿਚ ਜਾਗ੍ਰਤ ਆ ਜਾਂਦੀ ਹੈ, (ਭਾਵ, ਮਾਇਆ ਵਿਚ ਸੁੱਤਾ ਮਨ ਜਾਗ ਪੈਂਦਾ ਹੈ) ਸਾਰੇ ਭਵਨਾਂ ਦੀ ਉਸ ਨੂੰ ਸੋਝੀ ਹੋ ਜਾਂਦੀ ਹੈ (ਕਿ ਹਰ ਥਾਂ ਪ੍ਰਭੂ ਵਿਆਪਕ ਹੈ) ਉਹ ਮਨੁੱਖ (ਸੰਸਾਰ ਦੇ ਵਿਕਾਰਾਂ ਦੀਆਂ) ਸੱਟਾਂ ਮੂੰਹ ਉੱਤੇ ਨਹੀਂ ਖਾਦਾ (ਭਾਵ, ਸੰਸਾਰਕ ਵਿਕਾਰ ਉਸ ਉੱਤੇ ਦਬਾ ਨਹੀਂ ਪਾ ਸਕਦੇ) , ਅਤੇ ਜਮਾਂ ਨਾਲ ਉਸ ਨੂੰ ਵਾਹ ਨਹੀਂ ਪੈਂਦਾ (ਭਾਵ, ਉਹ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ) । ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਇੱਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ) , ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ।13।

ਭਾਵ: ਪ੍ਰਭੂ-ਚਰਨਾਂ ਦੀ ਪ੍ਰੀਤ ਮਨੁੱਖ ਦੇ ਮਨ ਵਿਚ ਚਾਨਣ ਕਰ ਦੇਂਦੀ ਹੈ, ਸਾਰੇ ਸੰਸਾਰ ਵਿਚ ਉਸ ਨੂੰ ਪਰਮਾਤਮਾ ਹੀ ਦਿੱਸਦਾ ਹੈ। ਉਸ ਨੂੰ ਵਿਕਾਰਾਂ ਦੀਆਂ ਚੋਟਾਂ ਨਹੀਂ ਵੱਜਦੀਆਂ ਤੇ ਨਾ ਹੀ ਉਸ ਨੂੰ ਮੌਤ ਡਰਾ ਸਕਦੀ ਹੈ।13।

ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥

ਪਦ ਅਰਥ: ਮਾਰਗਿ = ਮਾਰਗ ਵਿਚ, ਰਾਹ ਵਿਚ। ਠਾਕ = ਰੋਕ। ਠਾਕ ਨ ਪਾਇ = ਰੋਕ ਨਹੀਂ ਪੈਂਦੀ। ਪਤਿ ਸਿਉ = ਇੱਜ਼ਤ ਨਾਲ। ਪਰਗਟੁ = ਪਰਸਿੱਧ ਹੋ ਕੇ।

ਮਗੁ ਪੰਥੁ:

(ਪ੍ਰ:) ਸ਼ਬਦ 'ਮਗੁ' ਤੇ 'ਪੰਥੁ' ਦੇ ਅੰਤ ਵਿਚ (ੁ) ਕਿਉਂ ਹੈ?

(ਉ:) ਸਾਧਾਰਨ ਨੀਯਮ ਅਨੁਸਾਰ ਤਾਂ ਇੱਥੇ (ਿ) ਹੀ ਚਾਹੀਦੀ ਹੈ, ਪਰ ਸੰਸਕ੍ਰਿਤ ਵਿਚ ਇਕ ਨੀਯਮ ਆਮ ਪਰਚਲਤ ਸੀ ਕਿ ਜੇ 'ਲੰਮੇ ਸਮੇ' ਜਾਂ ਲੰਮੇ ਪੈਂਡੇ' ਦਾ ਜ਼ਿਕਰ ਹੋਵੇ, ਤਾਂ ਅਧਿਕਰਣ ਕਾਰਕ ਦੇ ਥਾਂ ਕਰਮ ਕਾਰਕ ਵਰਤਿਆ ਜਾਂਦਾ ਸੀ। ਉਹੀ ਨੀਯਮ ਪ੍ਰਾਕ੍ਰਿਤ ਦੀ ਰਾਹੀਂ ਥੋੜ੍ਹਾ ਥੋੜ੍ਹਾ ਪੁਰਾਣੀ ਪੰਜਾਬੀ ਵਿਚ ਵਰਤਿਆ ਗਿਆ ਹੈ; ਜਿਵੇਂ:

(1) ਗਾਵਨਿ ਤੁਧ ਨੋ ਪੰਡਿਤ ਪੜਨਿ ਰਖੀਸਰ, 'ਜੁਗੁ ਜੁਗੁ' ਵੇਦਾ ਨਾਲੇ। (ਪਉੜੀ 20)

(2) ਜੁਗੁ ਜੁਗੁ ਭਗਤ ਉਪਾਇਆ, ਪੈਜ ਰਖਦਾ ਆਇਆ ਰਾਮ ਰਾਜੇ।

(3) ਸਾਵਣਿ ਵਰਸੁ ਅੰਮ੍ਰਿਤਿ 'ਜਗੁ' ਛਾਇਆ ਜੀਉ। (ਗਉੜੀ ਮਾਝ ਮ: 4)

(4) ਬਾਵੈ 'ਮਾਰਗੁ' ਟੇਢਾ ਚਲਣਾ। ਸੀਧਾ ਛੋਡਿ ਅਪੂਠਾ ਬੁਨਨਾ।3। 29। 98। (ਗਾਉੜੀ ਗੁਆਰੇਰੀ ਮ:5

ਮਗੁ = ਮਾਰਗ, ਰਸਤਾ (ਸੰਸਕ੍ਰਿਤ 'mwgL' ਤੋਂ ਪ੍ਰਾਕ੍ਰਿਤ ਸ਼ਬਦ 'ਮੱਗ' ਹੈ) । ਪੰਥੁ = ਰਸਤਾ। ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿਚ ਇਹ ਦੋਵੇਂ ਸ਼ਬਦ 'ਮਾਰਗ' (ਜਿਸ ਦੀ ਪ੍ਰਾਕ੍ਰਿਤ ਸ਼ਕਲ 'ਮੱਗ' ਹੈ) ਅਤੇ 'ਪੰਥ' ਇਕੋ ਹੀ ਅਰਥ ਵਿਚ ਵਰਤੇ ਗਏ ਹਨ; ਜਿਵੇਂ:

(1) 'ਮਾਰਗਿ ਪੰਥ ਚਲੇ ਗੁਰ ਸਤਿਗੁਰ ਸੰਗਿ ਸਿਖਾ। ' (ਤੁਖਾਰੀ ਛੰਤ ਮ: 4

(2) ਮੁੰਧ ਨੈਣ ਭਰੇਦੀ, ਗੁਣ ਸਾਰੇਦੀ , ਕਿਉਂ ਪ੍ਰਭ ਮਿਲਾ ਪਿਆਰੇ।
ਮਾਰਗੁ ਪੰਥੁ ਨ ਜਾਣਉ ਬਿਖੜਾ, ਕਿਉ ਪਾਈਐ ਪਿਰ ਪਾਰੇ।
(ਤੁਖਾਰੀ ਮ: 1

ਸੇਤੀ = ਨਾਲ। ਸਨਬੰਧੁ = ਸਾਕ, ਰਿਸ਼ਤਾ, ਜੋੜ।

ਅਰਥ: ਜੇ ਮਨੁੱਖ ਦਾ ਮਨ ਨਾਮ ਵਿਚ ਪਤੀਜ ਜਾਏ ਤਾਂ ਜ਼ਿਦੰਗੀ ਦੇ ਸਫ਼ਰ ਵਿਚ ਵਿਚਾਰ ਆਦਿਕ ਦੀ ਕੋਈ ਰੋਕ ਨਹੀਂ ਪੈਂਦੀ, ਉਹ (ਸੰਸਾਰ ਵਿਚ) ਸ਼ੋਭਾ ਖੱਟ ਕੇ ਇੱਜ਼ਤ ਨਾਲ ਜਾਂਦਾ ਹੈ। ਉਸ ਮਨੁੱਖ ਦਾ ਧਰਮ ਨਾਲ (ਸਿੱਧਾ) ਜੋੜ ਬਣ ਜਾਂਦਾ ਹੈ, ਉਹ ਫਿਰ (ਦੁਨੀਆਂ ਦੇ ਵੱਖੋ-ਵੱਖਰੇ ਮਜ਼ਹਬਾਂ ਦੇ ਦੱਸੇ) ਰਸਤਿਆਂ 'ਤੇ ਨਹੀਂ ਤੁਰਦਾ (ਭਾਵ, ਉਸ ਦੇ ਅੰਦਰ ਇਹ ਵਿਖੇਪਤਾ ਨਹੀਂ ਰਹਿੰਦੀ ਕਿ ਇਹ ਰਸਤਾ ਚੰਗਾ ਹੈ ਤੇ ਇਹ ਮੰਦਾ ਹੈ) । ਅਕਾਲ ਪੁਰਖ ਦਾ ਨਾਮ ਜੋ ਮਾਇਆ ਦੇ ਪ੍ਰਭਾਵ ਤੋਂ ਪਰ੍ਹੇ ਹੈ, ਏਡਾ (ਉੱਚਾ) ਹੈ, (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ) ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ।14।

ਭਾਵ: ਯਾਦ ਦੀ ਬਰਕਤਿ ਨਾਲ ਜਿਉਂ ਜਿਉਂ ਮਨੁੱਖ ਦਾ ਪਿਆਰ ਪਰਮਾਤਮਾ ਨਾਲ ਬਣਦਾ ਹੈ, ਇਸ ਸਿਮਰਨ ਰੂਪ 'ਧਰਮ' ਨਾਲ ਉਸਦਾ ਇਤਨਾ ਡੂੰਘਾ ਸੰਬੰਧ ਬਣ ਜਾਂਦਾ ਹੈ ਕਿ ਕੋਈ ਰੁਕਾਵਟ ਉਸਨੂੰ ਇਸ ਸਹੀ ਨਿਸ਼ਾਨੇ ਤੋਂ ਉਖੇੜ ਨਹੀਂ ਸਕਦੀ। ਹੋਰ ਲਾਂਭ ਦੀਆਂ ਪਗ-ਡੰਡੀਆਂ ਉਸਨੂੰ ਕੁਰਾਹੇ ਨਹੀਂ ਪਾ ਸਕਦੀਆਂ।14।

ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥

ਪਦ ਅਰਥ: ਪਾਵਹਿ = ਲੱਭ ਲੈਂਦੇ ਹਨ। ਮੋਖੁ ਦੁਆਰੁ = ਮੁਕਤੀ ਦਾ ਦਰਵਾਜ਼ਾ, 'ਕੂੜ' ਤੋਂ ਖ਼ਲਾਸੀ ਪਾਣ ਦਾ ਰਾਹ। ਪਰਵਾਰੈ = ਪਰਵਾਰ ਨੂੰ। ਸਾਧਾਰੁ = ਆਧਾਰ ਸਹਿਤ ਕਰਦਾ ਹੈ, (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ। ਤਰੈ ਗੁਰੁ = ਗੁਰੂ ਆਪਿ ਤਰਦਾ ਹੈ। ਸਿਖ = ਸਿੱਖਾਂ ਨੂੰ।

ਜਪੁ ਜੀ ਵਿਚ ਸ਼ਬਦ 'ਸਿਖ' ਹੇਠ-ਲਿਖੀਆਂ ਤੁਕਾਂ ਵਿਚ ਆਇਆ ਹੈ:

(1) ਮਤਿ ਵਿਚਿ ਰਤਨ ਜਵਾਹਰ ਮਾਣਿਕ, ਜੇ ਇਕ ਗੁਰ ਕੀ ਸਿਖ ਸੁਣੀ। (ਪਉੜੀ 6

(2) ਮੰਨੈ ਤਰੈ ਤਾਰੇ ਗੁਰੁ ਸਿਖ। (ਪਉੜੀ 15

ਪਹਿਲੀ ਤੁਕ ਵਿਚ 'ਸਿਖ' ਇਸਤ੍ਰੀ-ਲਿੰਗ ਹੈ। ਇਸ ਦਾ ਵਿਸ਼ੇਸ਼ਣ 'ਇਕ' ਭੀ ਇਸਤ੍ਰੀ-ਲਿੰਗ ਹੈ। ਇਸ ਵਾਸਤੇ ਇਕ-ਵਚਨ ਹੁੰਦਿਆਂ ਭੀ (ੁ) ਨਹੀਂ ਵਰਤਿਆ ਗਿਆ, ਜੋ ਕੇਵਲ ਪੁਲਿੰਗ ਵਾਸਤੇ ਹੈ। ਦੂਜੀ ਵਿਚ 'ਸਿਖ' ਪੁਲਿੰਗ ਬਹੁ-ਵਚਨ ਹੈ।

ਤਾਰੇ ਸਿਖ = ਸਿੱਖਾਂ ਨੂੰ ਤਾਰਦਾ ਹੈ। ਭਵਹਿ ਨ = ਨਹੀਂ ਭੌਂਦੇ। ਭਵਹਿ ਨ ਭਿਖ = ਭਿੱਖਿਆ ਲਈ ਨਹੀਂ ਭੌਂਦੇ ਫਿਰਦੇ, ਲੋੜਾਂ ਦੀ ਖ਼ਾਤਰ ਦਰ-ਦਰ ਨਹੀਂ ਰੁਲਦੇ ਫਿਰਦੇ, ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ।

ਅਰਥ: ਜੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ (ਮਨੁੱਖ) 'ਕੂੜ' ਤੋਂ ਖ਼ਲਾਸੀ ਪਾਣ ਦਾ ਰਾਹ ਲੱਭ ਲੈਂਦੇ ਹਨ। (ਇਹੋ ਜਿਹਾ ਮਨੁੱਖ) ਆਪਣੇ ਪਰਵਾਰ ਨੂੰ ਭੀ (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ। ਨਾਮ ਵਿਚ ਮਨ ਪਤੀਜਣ ਕਰਕੇ ਹੀ, ਸਤਿਗੁਰੂ (ਭੀ ਆਪ ਸੰਸਾਰ-ਸਾਗਰ ਤੋਂ) ਪਾਰ ਲੰਘ ਜਾਂਦਾ ਹੈ ਤੇ ਸਿੱਖਾਂ ਨੂੰ ਪਾਰ ਲੰਘਾਉਂਦਾ ਹੈ। ਨਾਮ ਵਿਚ ਮਨ ਜੁੜਨ ਕਰ ਕੇ, ਹੇ ਨਾਨਕ! ਮਨੁੱਖ ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ। ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਏਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ) , ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰੇ।15।

ਭਾਵ: ਇਸ ਲਗਨ ਦੀ ਬਰਕਤਿ ਨਾਲ ਉਹ ਸਾਰੇ ਬੰਧਨ ਟੁੱਟ ਜਾਂਦੇ ਹਨ ਜਿਨ੍ਹਾਂ ਨੇ ਪ੍ਰਭੂ ਨਾਲੋਂ ਵਿੱਥ ਪਾਈ ਹੋਈ ਸੀ। ਐਸੀ ਲਗਨ ਵਾਲਾ ਬੰਦਾ ਨਿਰਾ ਆਪ ਹੀ ਨਹੀਂ ਬਚਦਾ, ਆਪਣੇ ਪਰਵਾਰ ਦੇ ਜੀਆਂ ਨੂੰ ਭੀ ਖਸਮ ਪ੍ਰਭੂ ਦੇ ਲੜ ਲਾ ਲੈਂਦਾ ਹੈ। ਇਹ ਦਾਤ ਜਿਨ੍ਹਾਂ ਨੂੰ ਗੁਰੂ ਤੋਂ ਮਿਲਦੀ ਹੈ ਉਹ ਪ੍ਰਭੂ-ਦਰ ਤੋਂ ਖੁੰਝ ਕੇ ਹੋਰ ਪਾਸੇ ਨਹੀਂ ਭਟਕਦੇ।15।

ਨੋਟ: ਪਉੜੀ ਨੰ: 12 ਵਿਚ ਦੋ ਥਾਈਂ ਸ਼ਬਦ 'ਮੰਨੈ' ਹੈ, ਬਾਕੀ ਸਭ ਥਾਈਂ 'ਮੰਨੈ' ਆਇਆ ਹੈ। ਦੋਹਾਂ ਦੇ ਅਰਥਾਂ ਵਿਚ ਫ਼ਰਕ ਹੈ। ਪਹਿਲੀ ਤੁਕ ਹੈ; ਮੰਨੇ ਕੀ ਗਤਿ ਕਹੀ ਨ ਜਾਇ'। ਇਸੇ ਹੀ ਪਉੜੀ ਵਿਚ ਚੌਥੀ ਤੁਕ: 'ਮੰਨੇ ਕਾ ਬਹਿ ਕਰਨਿ ਵੀਚਾਰੁ' ਦਾ ਜ਼ਿਕਰ ਹੈ। ਸੋ 'ਮੰਨੇ' ਦਾ ਭਾਵ ਹੈ, 'ਮੰਨੇ ਹੋਏ ਮਨੁੱਖ ਦਾ'। ਬਾਕੀ ਸਭ ਥਾਈਂ 'ਮੰਨੈ' ਹੈ। ਜਿਵੇਂ ਪਹਿਲੀਆਂ ਚਾਰ ਪਉੜੀਆਂ ਵਿਚ 'ਸੁਣਿਐ' ਆਇਆ ਹੈ। 'ਸੁਣਿਐ' ਦਾ ਅਰਥ ਹੈ 'ਸੁਣਨ ਨਾਲ, ਜੇ ਸੁਣ ਲਈਏ'। ਤਿਵੇਂ 'ਮੰਨੈ' ਦਾ ਅਰਥ ਹੈ 'ਮੰਨ ਲੈਣ ਨਾਲ, ਜੇ ਮਨ ਪਤੀਜ ਜਾਏ'।

ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥

ਪਦ ਅਰਥ: ਪੰਚ = ਉਹ ਮਨੁੱਖ ਜਿਨ੍ਹਾਂ ਨਾਮ ਸੁਣਿਆ ਹੈ ਤੇ ਮੰਨਿਆ ਹੈ, ਉਹ ਮਨੁੱਖ ਜਿਨ੍ਹਾਂ ਦੀ ਸੁਰਤਿ ਨਾਮ ਵਿਚ ਜੁੜੀ ਹੈ ਤੇ ਜਿਨ੍ਹਾਂ ਦੇ ਅੰਦਰ ਪਰਤੀਤ ਆ ਗਈ ਹੈ।

ਨੋਟ: ਇਹ ਲਫ਼ਜ਼ 'ਪੰਚ' ਉਹਨਾਂ ਵਾਸਤੇ ਹੈ ਜਿਨ੍ਹਾਂ ਦਾ ਜ਼ਿਕਰ ਪਿਛਲੀਆਂ 8 ਪਉੜੀਆਂ ਵਿਚ ਆਇਆ ਹੈ।

ਪਰਵਾਣੁ = ਕਬੂਲ, ਸੁਰਖ਼ਰੂ। ਪਰਧਾਨੁ = ਆਗੂ, ਵੱਡੇ। ਪੰਚੇ = ਪੰਚ ਹੀ, ਸੰਤ ਜਨ ਹੀ। ਦਰਗਹ = ਅਕਾਲ ਪੁਰਖ ਦੇ ਦਰਬਾਰ ਵਿਚ। ਮਾਨੁ = ਆਦਰ; ਵਡਿਆਈ। ਸੋਹਹਿ = ਸੋਭਦੇ ਹਨ, ਸੋਹਣੇ ਲੱਗਦੇ ਹਨ। ਦਰਿ = ਦਰ 'ਤੇ, ਦਰਬਾਰ ਵਿਚ। ਗੁਰੁ ਏਕੁ = ਕੇਵਲ ਗੁਰੂ ਹੀ। ਧਿਆਨੁ = ਸੁਰਤ ਦਾ ਨਿਸ਼ਾਨਾ।

ਅਰਥ: ਜਿਨ੍ਹਾਂ ਮਨੁੱਖਾਂ ਦੀ ਸੁਰਤ ਨਾਮ ਵਿਚ ਜੁੜੀ ਰਹਿੰਦੀ ਹੈ ਤੇ ਜਿਨ੍ਹਾਂ ਦੇ ਅੰਦਰ ਪ੍ਰਭੂ ਵਾਸਤੇ ਲਗਨ ਬਣ ਜਾਂਦੀ ਹੈ ਉਹੀ ਮਨੁੱਖ (ਇੱਥੇ ਜਗਤ ਵਿਚ) ਮੰਨੇ-ਪ੍ਰਮੰਨੇ ਰਹਿੰਦੇ ਹਨ ਅਤੇ ਸਭ ਦੇ ਆਗੂ ਹੁੰਦੇ ਹਨ, ਅਕਾਲ ਪੁਰਖ ਦੀ ਦਰਗਾਹ ਵਿਚ ਭੀ ਉਹ ਪੰਚ ਜਨ ਹੀ ਆਦਰ ਪਾਂਦੇ ਹਨ। ਰਾਜ-ਦਰਬਾਰਾਂ ਵਿਚ ਭੀ ਉਹ ਪਂਚ ਜਨ ਹੀ ਸੋਭਦੇ ਹਨ। ਇਹਨਾਂ ਪੰਚ ਜਨਾਂ ਦੀ ਸੁਰਤ ਦਾ ਨਿਸ਼ਾਨਾ ਕੇਵਲ ਇਕ ਗੁਰੂ ਹੀ ਹੈ (ਭਾਵ, ਇਹਨਾਂ ਦੀ ਸੁਰਤਿ ਗੁਰ-ਸ਼ਬਦ ਵਿਚ ਹੀ ਰਹਿਂਦੀ ਹੈ, ਗੁਰ-ਸ਼ਬਦ ਵਿਚ ਜੁੜੇ ਰਹਿੰਦਾ ਹੀ ਇਹਨਾਂ ਦਾ ਅਸਲ ਨਿਸ਼ਾਨਾ ਹੈ) ।

ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥

ਪਦ ਅਰਥ: ਕਹੈ– ਬਿਆਨ ਕਰੇ, ਕਥਨ ਕਰੇ। ਵੀਚਾਰੁ = ਕੁਦਰਤ ਦੇ ਲੇਖੇ ਦੀ ਵੀਚਾਰ। ਕਰਤੇ ਕੈ ਕਰਣੈ = ਕਰਤਾਰ ਦੀ ਕੁਦਰਤ ਦਾ। ਸੁਮਾਰੁ = ਹਿਸਾਬ, ਲੇਖਾ।

ਅਰਥ: (ਪਰ ਗੁਰ-ਸ਼ਬਦ ਵਿਚ ਜੁੜੇ ਰਹਿਣ ਦਾ ਇਹ ਸਿੱਟਾ ਨਹੀਂ ਨਿਕਲ ਸਕਦਾ ਕਿ ਕੋਈ ਮਨੁੱਖ ਪ੍ਰਭੂ ਦੀ ਰਚੀ ਸਿਸ਼੍ਰਟੀ ਦਾ ਅੰਤ ਪਾ ਸਕੇ) ਅਕਾਲ-ਪੁਰਖ ਦੀ ਕੁਦਰਤਿ ਦਾ ਕੋਈ ਲੇਖਾ ਹੀ ਨਹੀਂ (ਭਾਵ, ਅੰਤ ਨਹੀਂ ਪੈ ਸਕਦਾ) , ਭਾਵੇਂ ਕੋਈ ਕਥਨ ਕਰ ਵੇਖੇ ਤੇ ਵਿਚਾਰ ਕਰ ਲਏ (ਪਰਮਾਤਮਾ ਤੇ ਉਸ ਦੀ ਕੁਦਰਤਿ ਦਾ ਅੰਤ ਲੱਭਣਾ ਮਨੁੱਖ ਦੀ ਜ਼ਿੰਦਗੀ ਦਾ ਮਨੋਰਥ ਹੋ ਹੀ ਨਹੀਂ ਸਕਦਾ) ।

ਨੋਟ: ਢੇਰ ਪੁਰਾਣੇ ਸਮੇਂ ਵਿਚ ਕਈ ਰਿਸ਼ੀ ਮੁਨੀ ਜੰਗਲ ਵਿਚ ਤਪ ਕਰਦੇ ਰਹੇ, ਜਿਨ੍ਹਾਂ ਨੇ ਉਪਨਿਸ਼ਦਾਂ ਲਿਖੀਆਂ। ਇਹ ਬਹੁਤ ਪੁਰਾਣੀਆਂ ਧਰਮ-ਪੁਸਤਕਾਂ ਹਨ। ਕਈਆਂ ਵਿਚ ਇਹ ਵਿਚਾਰ ਕੀਤੀ ਗਈ ਹੈ ਕਿ ਜਗਤ ਕਦੋਂ ਬਣਿਆ, ਕਿਉਂ ਬਣਿਆ, ਕਿਵੇਂ ਬਣਿਆ, ਕਿਤਨਾ ਕੁ ਵੱਡਾ ਹੈ, ਇਤਿ ਆਦਿਕ। ਭਗਤੀ ਕਰਨ ਗਏ ਰਿਸ਼ੀ ਭਗਤੀ ਦੇ ਥਾਂ ਇਕ ਅਜਿਹੇ ਉੱਦਮ ਵਿਚ ਲੱਗ ਪਏ ਜੋ ਮਨੁੱਖ ਦੀ ਸਮਝ ਤੋਂ ਬਹੁਤ ਪਰੇ ਹੈ। ਇੱਥੇ ਸਤਿਗੁਰੂ ਜੀ ਇਸ ਉਕਾਈ ਵਲ ਇਸ਼ਾਰਾ ਕਰਦੇ ਹਨ। ਅਜਿਹੇ ਕੋਝੇ ਜਤਨਾਂ ਦਾ ਹੀ ਇਹ ਨਤੀਜਾ ਸੀ ਕਿ ਆਮ ਲੋਕਾਂ ਨੇ ਇਹ ਮਿਥ ਲਿਆ ਕਿ ਅਸਾਡੀ ਧਰਤੀ ਨੂੰ ਇਕ ਬਲਦ ਨੇ ਚੁੱਕਿਆ ਹੋਇਆ ਹੈ। ਇਹ ਮਿਸਾਲ ਲੈ ਕੇ ਸਤਿਗੁਰੂ ਜੀ ਇਸ ਦੀ ਨਿਖੇਧੀ ਕਰ ਕੇ ਆਖਦੇ ਹਨ ਕਿ ਕੁਦਰਤਿ ਬੇਅੰਤ ਹੈ, ਤੇ ਇਸ ਦਾ ਰਚਨਹਾਰ ਭੀ ਬੇਅੰਤ ਹੈ।

ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥

ਪਦ ਅਰਥ: ਧੌਲੁ = ਬਲਦ। ਦਇਆ ਕਾ ਪੂਤੁ = ਦਇਆ ਦਾ ਪੁੱਤਰ, ਧਰਮ ਦਇਆ ਤੋਂ ਪੈਦਾ ਹੁੰਦਾ ਹੈ, ਭਾਵ, ਜਿਸ ਹਿਰਦੇ ਵਿਚ ਦਇਆ ਹੈ ਉੱਥੇ ਧਰਮ ਪਰਫੁਲਤ ਹੁੰਦਾ ਹੈ। ਸੰਤੋਖ = ਸੰਤੋਖ ਨੂੰ। ਥਾਪਿ ਰਖਿਆ = ਟਿਕਾ ਰੱਖਿਆ, ਹੋਂਦ ਵਿਚ ਲਿਆਂਦਾ ਹੈ, ਪੈਦਾ ਕੀਤਾ ਹੈ। ਜਿਨਿ = ਜਿਸ (ਧਰਮ) ਨੇ। ਧਰਮ = ਅਕਾਲ ਪੁਰਖ ਦਾ ਨਿਯਮ। ਸੂਤਿ = ਸੂਤਰ ਵਿਚ, ਮਰਯਾਦਾ ਵਿਚ। ਬੁਝੈ = ਸਮਝ ਲਏ। ਸਚਿਆਰੁ = ਸੱਚ ਦਾ ਪਰਕਾਸ਼ ਹੋਣ ਲਈ ਯੋਗ। ਕੇਤਾ ਭਾਰੁ = ਬੇਅੰਤ ਭਾਰ। ਧਰਤੀ ਹੋਰੁ = ਧਰਤੀ ਦੇ ਹੇਠਾਂ ਹੋਰ ਬਲਦ। ਪਰੈ = ਉਸ ਤੋਂ ਹੇਠਾਂ। ਤਿਸ ਤੇ = ਉਸ ਬਲਦ ਤੋਂ। ਤਲੈ = ਉਸ ਬਲਦ ਦੇ ਹੇਠਾਂ। ਕਵਣੁ ਜੋਰੁ = ਕਿਹੜਾ ਸਹਾਰਾ।

ਅਰਥ: (ਅਕਾਲ ਪੁਰਖ ਦਾ) ਧਰਮ-ਰੂਪੀ ਬੱਝਵਾਂ ਨੀਯਮ ਹੀ ਬਲਦ ਹੈ (ਜੋ ਸ੍ਰਿਸ਼ਟੀ ਨੂੰ ਕਾਇਮ ਰੱਖ ਰਿਹਾ ਹੈ) । (ਇਹ ਧਰਮ) ਦਇਆ ਦਾ ਪੁੱਤਰ ਹੈ (ਭਾਵ, ਅਕਾਲ ਪੁਰਖ ਨੇ ਆਪਣੀ ਮਿਹਰ ਕਰ ਕੇ ਸ੍ਰਿਸ਼ਟੀ ਨੂੰ ਟਿਕਾ ਰੱਖਣ ਲਈ 'ਧਰਮ'-ਰੂਪ ਨੀਯਮ ਬਣਾ ਦਿੱਤਾ ਹੈ) । ਇਸ ਧਰਮ ਨੇ ਆਪਣੀ ਮਰਯਾਦਾ ਅਨੁਸਾਰ ਸੰਤੋਖੁ ਨੂੰ ਜਨਮ ਦੇ ਦਿੱਤਾ ਹੈ। ਜੇ ਕੋਈ ਮਨੁੱਖ (ਇਸ ਉਪਰ-ਦੱਸੀ ਵਿਚਾਰ ਨੂੰ) ਸਮਝ ਲਏ, ਤਾਂ ਉਹ ਇਸ ਯੋਗ ਹੋ ਜਾਂਦਾ ਹੈ ਕਿ ਉਸ ਦੇ ਅੰਦਰ ਅਕਾਲ ਪੁਰਖ ਦਾ ਪਰਕਾਸ਼ ਹੋ ਜਾਏ। (ਨਹੀਂ ਤਾਂ, ਖ਼ਿਆਲ ਤਾਂ ਕਰੋ ਕਿ) ਬਲਦ ਉੱਤੇ ਧਰਤੀ ਦਾ ਕਿਤਨਾ ਕੁ ਬੇਅੰਤ ਭਾਰ ਹੈ (ਉਹ ਵਿਚਾਰਾ ਇਤਨੇ ਭਾਰ ਨੂੰ ਚੁੱਕ ਕਿਵੇਂ ਸਕਦਾ ਹੈ?) , (ਦੂਜੀ ਵਿਚਾਰ ਹੋਰ ਹੈ ਕਿ ਜੇ ਧਰਤੀ ਦੇ ਹੇਠ ਬਲਦ ਹੈ, ਉਸ ਬਲਦ ਨੂੰ ਸਹਾਰਾ ਦੇਣ ਲਈ ਹੇਠ ਹੋਰ ਧਰਤੀ ਹੋਈ, ਉਸ) ਧਰਤੀ ਦੇ ਹੋਰ ਬਲਦ, ਉਸ ਤੋਂ ਹੇਠਾਂ (ਧਰਤੀ ਦੇ ਹੇਠ) ਹੋਰ ਬਲਦ, ਫੇਰ ਹੋਰ ਬਲਦ, (ਇਸੇ ਤਰ੍ਹਾਂ ਅਖ਼ੀਰਲੇ) ਬਲਦ ਤੋਂ ਭਾਰ (ਸਹਾਰਨ ਲਈ ਉਸ ਦੇ) ਹੇਠ ਕਿਹੜਾ ਆਸਰਾ ਹੋਵੇਗਾ?

ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥

ਪਦ ਅਰਥ: ਜੀਅ = ਜੀਵ ਜੰਤ। ਕੇ ਨਾਵ = ਕਈ ਨਾਵਾਂ ਦੇ। ਵੁੜੀ = ਵਗਦੀ, ਚਲਦੀ। ਕਲਾਮ = ਕਲਮ। ਵੁੜੀ ਕਲਾਮ = ਚਲਦੀ ਕਲਮ ਨਾਲ, ਭਾਵ, ਕਲਮ ਨੂੰ ਰੋਕਣ ਤੋਂ ਬਿਨਾ ਹੀ ਇਕ-ਤਾਰ। ਲਿਖਿ ਜਾਣੈ = ਲਿਖਦਾ ਜਾਣਦਾ ਹੈ, ਲਿਖਣ ਦੀ ਸਮਝ ਹੈ। ਕੋਇ = ਕੋਈ ਵਿਰਲਾ। ਲੇਖਾ ਲਿਖਿਆ = ਲਿਖਿਆ ਹੋਇਆ ਲੇਖਾ, ਜੇ ਇਹ ਲੇਖਾ ਲਿਖਿਆ ਜਾਏ। ਕੇਤਾ ਹੋਇ = ਕੇਡਾ ਵੱਡਾ ਹੋ ਜਾਏ, ਬੇਅੰਤ ਹੋ ਜਾਏ। ਪਸਾਉ = ਪਸਾਰਾ, ਸੰਸਾਰ। ਕਵਾਉ = ਬਚਨ, ਹੁਕਮ। ਤਿਸ ਤੇ = ਉਸ ਹੁਕਮ ਤੋਂ। ਹੋਏ = ਬਣ ਗਏ। ਲਖ ਦਰੀਆਉ = ਲੱਖਾਂ ਦਰਿਆ। ਸੁਆਲਿਹੁ = ਸੁੰਦਰ। ਕੂਤੁ = ਮਾਪ, ਅੰਦਾਜ਼ਾ।

ਅਰਥ: (ਸ੍ਰਿਸ਼ਟੀ ਵਿਚ) ਕਈ ਜ਼ਾਤਾਂ ਦੇ, ਕਈ ਕਿਸਮਾਂ ਦੇ ਅਤੇ ਕਈ ਨਾਵਾਂ ਦੇ ਜੀਵ ਹਨ। ਇਹਨਾਂ ਸਭਨਾਂ ਨੇ ਇਕ-ਤਾਰ ਚਲਦੀ ਕਲਮ ਨਾਲ (ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਲਿਖਿਆ ਹੈ (ਪਰ) ਕੋਈ ਵਿਰਲਾ ਮਨੁੱਖ ਇਹ ਲੇਖਾ ਲਿਖਣਾ ਜਾਣਦਾ ਹੈ (ਭਾਵ, ਪਰਮਾਤਮਾ ਦੀ ਕੁਦਰਤ ਦਾ ਅੰਤ ਕੋਈ ਭੀ ਜੀਵ ਖਾ ਨਹੀਂ ਸਕਦਾ। (ਜੇ) ਲੇਖਾ ਲਿਖਿਆ (ਭੀ ਜਾਏ ਤਾਂ ਇਹ ਅੰਦਾਜ਼ਾ ਨਹੀਂ ਲੱਗ ਸਕਦਾ ਕਿ ਲੇਖਾ) ਕੇਡਾ ਵੱਡਾ ਹੋ ਜਾਏ। ਅਕਾਲ ਪੁਰਖ ਦਾ ਬੇਅੰਤ ਬਲ ਹੈ, ਬੇਅੰਤ ਸੁੰਦਰ ਰੂਪ ਹੈ, ਬੇਅੰਤ ਉਸ ਦੀ ਦਾਤ ਹੈ-ਇਸ ਦਾ ਕੌਣ ਅੰਦਾਜ਼ਾ ਲਾ ਸਕਦਾ ਹੈ? (ਅਕਾਲ ਪੁਰਖ ਨੇ) ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ, ਉਸ ਹੁਕਮ ਨਾਲ (ਹੀ ਜ਼ਿੰਦਗੀ ਦੇ) ਲੱਖਾਂ ਦਰੀਆ ਬਣ ਗਏ।

ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੬॥

ਪਦ ਅਰਥ: ਕੁਦਰਤਿ = ਤਾਕਤ, ਸਮਰਥਾ। ਕਵਣ = ਕਿਹੜੀ, ਕੀਹ। ਕੁਦਰਤਿ ਕਵਣ = ਕੀਹ ਸਮਰੱਥਾ? ('ਕੁਦਰਤਿ' ਸ਼ਬਦ ਇਸਤ੍ਰੀ ਲਿੰਗ ਹੈ। ਸੋ ਇਹ 'ਕੁਦਰਤਿ' ਦਾ ਵਿਸ਼ਸ਼ੇਣ ਹੈ।) ਕਹਾ = ਮੈਂ-ਆਖਾਂ। ਕਹਾ ਵਿਚਾਰੁ = ਮੈਂ ਵਿਚਾਰ ਕਰ ਸਕਾਂ। ਵਾਰਿਆ ਨਾ ਜਾਵਾ = ਸਦਕੇ ਨਹੀਂ ਹੋ ਸਕਦਾ, (ਭਾਵ, ਮੇਰੀ ਕੀਹ ਪਾਂਇਆਂ ਹੈ?) ਸਾਈ ਕਾਰ = ਉਹੋ ਕਾਰ, ਉਹੋ ਕੰਮ। ਸਲਾਮਤਿ = ਥਿਰ, ਅਟੱਲ। ਨਿਰੰਕਾਰ = ਹੇ ਹਰੀ!

ਅਰਥ: (ਸੋ) ਮੇਰੀ ਕੀਹ ਤਾਕਤ ਹੈ ਕਿ (ਕਰਤਾਰ ਦੀ ਕੁਦਰਤਿ ਦੀ) ਵਿਚਾਰ ਕਰ ਸਕਾਂ? (ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ) ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ। ਜੋ ਤੈਨੂੰ ਚੰਗਾ ਲੱਗਦਾ ਹੈ, ਉਹ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ) ।16।

ਭਾਵ: ਭਾਗਾਂ ਵਾਲੇ ਹਨ ਉਹ ਮਨੁੱਖ ਜਿਨ੍ਹਾਂ ਨੇ ਗੁਰੂ ਦੇ ਦੱਸੇ ਹੋਏ ਰਾਹ ਨੂੰ ਆਪਣੇ ਜੀਵਨ ਦਾ ਮਨੋਰਥ ਬਣਾਇਆ ਹੈ, ਜਿਨ੍ਹਾਂ ਨੇ ਨਾਮ ਵਿਚ ਸੁਰਤ ਜੋੜੀ ਹੈ ਤੇ ਜਿਨ੍ਹਾਂ ਨੇ ਪਰਮਾਤਮਾ ਨਾਲ ਪਿਆਰ ਦਾ ਰਿਸ਼ਤਾ ਗੰਢਿਆ ਹੈ। ਇਸ ਰਾਹ 'ਤੇ ਤੁਰ ਕੇ ਪ੍ਰਭੂ ਦੀ ਰਜ਼ਾ ਵਿਚ ਰਹਿਣਾ ਹੀ ਉਹਨਾਂ ਨੂੰ ਭਾਉਂਦਾ ਹੈ। ਇਹ ਨਾਮ ਸਿਮਰਨ-ਰੂਪ 'ਧਰਮ' ਉਹਨਾਂ ਦੀ ਜ਼ਿੰਦਗੀ ਦਾ ਸਹਾਰਾ ਬਣਦਾ ਹੈ, ਜਿਸ ਕਰਕੇ ਉਹ ਸੰਤੋਖ ਵਾਲਾ ਜੀਵਨ ਬਿਤਾਂਦੇ ਹਨ।

ਪਰ ਗੁਰੂ ਦੇ ਦੱਸੇ ਹੋਏ ਰਾਹ ਉੱਤੇ ਤੁਰਨ ਦਾ ਇਹ ਸਿੱਟਾ ਨਹੀਂ ਨਿਕਲ ਸਕਦਾ ਕਿ ਕੋਈ ਮਨੁੱਖ ਪ੍ਰਭੂ ਦੀ ਰਚੀ ਸ੍ਰਿਸ਼ਟੀ ਦਾ ਅੰਤ ਪਾ ਸਕੇ। ਇਧਰ ਤਾਂ ਜਿਉਂ ਜਿਉਂ ਵਧੀਕ ਡੂੰਘਾਈ ਵਿਚ ਜਾਉਗੇ, ਤਿਊਂ ਤਿਉਂ ਇਹ ਸ੍ਰਿਸ਼ਟੀ ਹੋਰ ਬੇਅੰਤ ਜਾਪੇਗੀ। ਅਸਲ ਵਿਚ ਅਜਿਹੇ ਕੋਝੇ ਜਤਨ ਦਾ ਹੀ ਨਤੀਜਾ ਸੀ ਕਿ ਆਮ ਲੋਕਾਂ ਨੇ ਇਹ ਮਿਥ ਲਿਆ ਕਿ ਅਸਾਡੀ ਧਰਤੀ ਨੂੰ ਇਕ ਬੌਲਦ ਨੇ ਚੁੱਕਿਆ ਹੋਇਆ ਹੈ। ਪਰਮਾਤਮਾ ਤੇ ਉਸ ਦੀ ਕੁਦਰਤਿ ਦਾ ਅੰਤ ਲੱਭਣਾ ਮਨੁੱਖ ਦੀ ਜ਼ਿੰਦਗੀ ਦਾ ਮਨੋਰਥ ਬਣ ਹੀ ਨਹੀਂ ਸਕਦਾ।16।

ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥

ਪਦ ਅਰਥ: ਅਸੰਖ = ਅਨਗਿਣਤ, ਬੇਅੰਤ (ਜੀਵ) । ਭਾਉ = ਪਿਆਰ। ਤਪ-ਤਾਉ = ਤਪਾਂ ਦਾ ਤਪਣਾ।

ਅਰਥ: (ਅਕਾਲ ਪੁਰਖ ਦੀ ਰਚਨਾ ਵਿਚ) ਅਨਗਿਣਤ ਜੀਵ ਜਪ ਕਰਦੇ ਹਨ, ਬੇਅੰਤ ਜੀਵ (ਹੋਰਨਾਂ ਨਾਲ) ਪਿਆਰ (ਦਾ ਵਰਤਾਉ) ਕਰ ਰਹੇ ਹਨ। ਕਈ ਜੀਵ ਪੂਜਾ ਕਰ ਰਹੇ ਹਨ। ਅਤੇ ਅਨਗਿਣਤ ਹੀ ਜੀਵ ਤਪ ਸਾਧ ਕਰ ਰਹੇ ਹਨ।

ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥

ਪਦ ਅਰਥ: ਮੁਖਿ = ਮੂੰਹ ਨਾਲ। ਗਰੰਥ ਵੇਦ ਪਾਠ = ਵੇਦਾਂ ਅਤੇ ਹੋਰ ਧਾਰਮਿਕ ਪੁਸਤਕਾਂ ਦੇ ਪਾਠ। ਜੋਗ = ਜੋਗ ਸਾਧਨ ਕਰਨ ਵਾਲੇ। ਮਨਿ = ਮਨ ਵਿਚ। ਉਦਾਸ ਰਹਹਿ = ਉਪਰਾਮ ਰਹਿੰਦੇ ਹਨ।

ਅਰਥ: ਬੇਅੰਤ ਜੀਵ ਵੇਦਾਂ ਅਤੇ ਹੋਰ ਧਾਰਮਿਕ ਪੁਸਤਕਾਂ ਦੇ ਪਾਠ ਮੂੰਹ ਨਾਲ ਕਰ ਰਹੇ ਹਨ। ਜੋਗ ਦੇ ਸਾਧਨ ਕਰਨ ਵਾਲੇ ਬੇਅੰਤ ਮਨੁੱਖ ਆਪਣੇ ਮਨ ਵਿਚ (ਮਾਇਆ ਵਲੋ) ਉਪਰਾਮ ਰਹਿੰਦੇ ਹਨ।

TOP OF PAGE

Sri Guru Granth Darpan, by Professor Sahib Singh