ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ |
Page 33 ਸਿਰੀਰਾਗੁ ਮਹਲਾ ੩ ॥ ਗੋਵਿਦੁ ਗੁਣੀ ਨਿਧਾਨੁ ਹੈ ਅੰਤੁ ਨ ਪਾਇਆ ਜਾਇ ॥ ਕਥਨੀ ਬਦਨੀ ਨ ਪਾਈਐ ਹਉਮੈ ਵਿਚਹੁ ਜਾਇ ॥ ਸਤਗੁਰਿ ਮਿਲਿਐ ਸਦ ਭੈ ਰਚੈ ਆਪਿ ਵਸੈ ਮਨਿ ਆਇ ॥੧॥ ਭਾਈ ਰੇ ਗੁਰਮੁਖਿ ਬੂਝੈ ਕੋਇ ॥ ਬਿਨੁ ਬੂਝੇ ਕਰਮ ਕਮਾਵਣੇ ਜਨਮੁ ਪਦਾਰਥੁ ਖੋਇ ॥੧॥ ਰਹਾਉ ॥ ਜਿਨੀ ਚਾਖਿਆ ਤਿਨੀ ਸਾਦੁ ਪਾਇਆ ਬਿਨੁ ਚਾਖੇ ਭਰਮਿ ਭੁਲਾਇ ॥ ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਨ ਜਾਇ ॥ ਪੀਵਤ ਹੂ ਪਰਵਾਣੁ ਭਇਆ ਪੂਰੈ ਸਬਦਿ ਸਮਾਇ ॥੨॥ ਆਪੇ ਦੇਇ ਤ ਪਾਈਐ ਹੋਰੁ ਕਰਣਾ ਕਿਛੂ ਨ ਜਾਇ ॥ ਦੇਵਣ ਵਾਲੇ ਕੈ ਹਥਿ ਦਾਤਿ ਹੈ ਗੁਰੂ ਦੁਆਰੈ ਪਾਇ ॥ ਜੇਹਾ ਕੀਤੋਨੁ ਤੇਹਾ ਹੋਆ ਜੇਹੇ ਕਰਮ ਕਮਾਇ ॥੩॥ ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥ ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ ਮਿਲਾਵਾ ਹੋਇ ॥ ਨਾਨਕ ਸਹਜੇ ਹੀ ਰੰਗਿ ਵਰਤਦਾ ਹਰਿ ਗੁਣ ਪਾਵੈ ਸੋਇ ॥੪॥੧੭॥੫੦॥ {ਪੰਨਾ 33} ਪਦ ਅਰਥ: ਗੋਵਿਦੁ = ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ। ਨਿਧਾਨੁ = ਖ਼ਜ਼ਾਨਾ। ਕਥਨੀ = (ਨਿਰਾ) ਕਹਿਣ ਨਾਲ। ਬਦਨੀ = { = vÜ` ਬੋਲਣਾ} ਬੋਲਣ ਨਾਲ। ਸਤਿਗੁਰਿ ਮਿਲਿਐ = ਜੇ ਗੁਰੂ ਮਿਲ ਪਏ। ਸਦ = ਸਦਾ। ਭੈ = ਡਰ ਵਿਚ, ਅਦਬ ਵਿਚ। ਰਚੈ = ਰਚ ਜਾਏ, ਇਕ-ਮਿਕ ਹੋ ਜਾਏ। ਮਨਿ = ਮਨ ਵਿਚ।1। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਖੋਇ = ਗਵਾ ਲਈਦਾ ਹੈ।1। ਰਹਾਉ। ਸਾਦੁ = ਸੁਆਦ। ਭਰਮਿ = ਭਟਕਣਾ ਵਿਚ। ਭੁਲਾਇ = ਕੁਰਾਹੇ ਪੈ ਜਾਂਦਾ ਹੈ। ਕਛੂ = ਕੋਈ (ਸੁਆਦ) । ਹੂ = ਹੀ। ਪੀਵਤ ਹੂ = ਪੀਂਦਾ ਹੀ।2। ਦੇਇ = ਦੇਂਦਾ ਹੈ, ਜੇ ਦੇਵੇ। ਕੈ ਹਥਿ = ਦੇ ਹੱਥ ਵਿਚ। ਗੁਰੂ ਦੁਆਰੈ = ਗੁ੍ਰੂਰ ਦੀ ਰਾਹੀਂ। ਕੀਤੋਨੁ = ਉਨਿ ਕੀਤੋ, ਉਸ (ਪਰਮਾਤਮਾ) ਨੇ ਕੀਤਾ। ਜੇਹੇ = ਉਜੇਹੇ, ਉਹੋ ਜਿਹੇ।3। ਜਤੁ = ਕਾਮਵਾਸਨਾ ਵਲੋਂ ਬਚਣ ਦਾ ਉੱਦਮ। ਸਤੁ = ਉੱਚਾ ਆਚਰਨ। ਸੰਜਮੁ = ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣ ਦਾ ਜਤਨ। ਵਿਣੁ ਨਾਵੈ = ਨਾਮ (-ਸਿਮਰਨ) ਤੋਂ ਬਿਨਾ। ਮਨਿ = ਮਨ ਵਿਚ। ਸਬਦਿ = (ਗੁਰੂ ਦੇ) ਸਬਦ ਦੀ ਰਾਹੀਂ। ਸਹਜੇ = ਆਤਮਕ ਅਡੋਲਤਾ ਵਿਚ। ਰੰਗਿ = (ਪ੍ਰਭੂ ਦੇ) ਪ੍ਰੇਮ ਵਿਚ। ਵਰਤਦਾ = ਜੀਵਨ ਬਿਤੀਤ ਕਰਦਾ ਹੈ। ਸੋਇ = ਉਹੀ ਮਨੁੱਖ।4। ਅਰਥ: ਹੇ ਭਾਈ ਜੇਹੜਾ ਕੋਈ ਮਨੁੱਖ (ਸਹੀ ਜੀਵਨ-ਜੁਗਤਿ) ਸਮਝਦਾ ਹੈ ਉਹ ਗੁਰੂ ਦੀ ਰਾਹੀਂ ਹੀ ਸਮਝਦਾ ਹੈ। (ਸਹੀ ਜੀਵਨ-ਜੁਗਤਿ) ਸਮਝਣ ਤੋਂ ਬਿਨਾ (ਮਿਥੇ ਹੋਏ ਧਾਰਿਮਕ) ਕੰਮ ਕਰਨ ਨਾਲ ਮਨੁੱਖ ਕੀਮਤੀ ਮਨੁੱਖਾ ਜਨਮ ਗਵਾ ਲੈਂਦਾ ਹੈ।1। ਰਹਾਉ। ਪਰਮਾਤਮਾ (ਸਭ) ਗੁਣਾਂ ਦਾ ਖ਼ਜ਼ਾਨਾ ਹੈ (ਉਸ ਦੇ ਗੁਣਾਂ ਦਾ) ਅਖ਼ੀਰਲਾ ਬੰਨਾ ਲੱਭਿਆ ਨਹੀਂ ਜਾ ਸਕਦਾ। ਨਿਰਾ (ਇਹੋ) ਕਹਿਣ ਕਥਨ ਨਾਲ (ਕਿ ਮੈਂ ਪਰਮਾਤਮਾ ਨੂੰ ਲੱਭ ਲਿਆ ਹੈ) ਪਰਮਾਤਮਾ ਨੂੰ ਪ੍ਰਾਪਤ ਨਹੀਂ ਕੀਤਾ ਜਾ ਸਕਦਾ (ਪਰਮਾਤਮਾ ਤਦੋਂ ਹੀ ਮਿਲਦਾ ਹੈ ਜੇ) ਮਨੁੱਖ ਦੇ ਅੰਦਰੋਂ ਹਉਮੈ ਦੂਰ ਹੋ ਜਾਏ। ਗੁਰੂ ਦੇ ਮਿਲਣ ਨਾਲ ਮਨੁੱਖ ਦਾ ਹਿਰਦਾ ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਭਿੱਜਾ ਰਹਿੰਦਾ ਹੈ (ਤੇ ਇਸ ਤਰ੍ਹਾਂ) ਪਰਮਾਤਮਾ ਆਪ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ।1। ਪਰਮਾਤਮਾ ਦਾ ਸਦਾ-ਥਿਰ ਨਾਮ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਦਾ ਸੁਆਦ ਦੱਸਿਆ ਨਹੀਂ ਜਾ ਸਕਦਾ; ਜਿਨ੍ਹਾਂ ਨੇ ਇਹ ਅੰਮ੍ਰਿਤ ਚੱਖਿਆ ਹੈ ਉਹਨਾਂ ਨੇ ਇਸ ਦਾ ਸੁਆਦ ਮਾਣਿਆ ਹੈ, (ਨਾਮ-ਅੰਮ੍ਰਿਤ ਦਾ ਸੁਆਦ) ਚੱਖਣ ਤੋਂ ਬਿਨਾ ਮਨੁੱਖ (ਮਾਇਆ ਦੀ) ਭਟਕਣਾ ਵਿਚ (ਪੈ ਕੇ) ਕੁਰਾਹੇ ਪੈ ਜਾਂਦਾ ਹੈ। ਪੂਰੇ ਗੁਰੂ ਦੇ ਸ਼ਬਦ ਵਿਚ ਲੀਨ ਹੋ ਕੇ ਨਾਮ-ਅੰਮ੍ਰਿਤ ਪੀਂਦਿਆਂ ਹੀ ਮਨੁੱਖ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦਾ ਹੈ।2। (ਨਾਮ-ਅੰਮ੍ਰਿਤ ਦੀ ਦਾਤਿ) ਜੇ ਪਰਮਾਤਮਾ ਆਪ ਹੀ ਦੇਵੇ ਤਾਂ ਮਿਲਦੀ ਹੈ (ਜੇ ਉਸਦੀ ਮਿਹਰ ਨਾਹ ਹੋਵੇ ਤਾਂ) ਹੋਰ ਕੋਈ ਚਾਰਾ ਨਹੀਂ ਕੀਤਾ ਜਾ ਸਕਦਾ। (ਨਾਮ ਦੀ ਦਾਤਿ) ਦੇਣ ਵਾਲੇ ਪਰਮਾਤਮਾ ਦੇ ਆਪਣੇ ਹੱਥ ਵਿਚ ਇਹ ਦਾਤਿ ਹੈ (ਉਸ ਦੀ ਰਜ਼ਾ ਅਨੁਸਾਰ) ਗੁਰੂ ਦੇ ਦਰ ਤੋਂ ਹੀ ਮਿਲਦੀ ਹੈ (ਪਰਮਾਤਮਾ ਨੇ ਜੀਵ ਨੂੰ) ਜਿਹੋ ਜਿਹਾ ਬਣਾਇਆ, ਜੀਵ ਉਹੋ ਜਿਹਾ ਬਣ ਗਿਆ, (ਫਿਰ) ਉਹੋ ਜਿਹੇ ਕਰਮ ਜੀਵ ਕਰਦਾ ਹੈ (ਉਸ ਦੀ ਰਜ਼ਾ ਅਨੁਸਾਰ ਹੀ ਜੀਵ ਗੁਰੂ ਦੇ ਦਰ ਤੇ ਆਉਂਦਾ ਹੈ) ।3। (ਮਨੁੱਖ ਆਪਣੇ ਜੀਵਨ ਨੂੰ ਪਵਿਤ੍ਰ ਕਰਨ ਲਈ ਜਤ ਸਤ ਸੰਜਮ ਸਾਧਦਾ ਹੈ, ਪਰ ਨਾਮ ਸਿਮਰਨ ਤੋਂ ਬਿਨਾ ਇਹ ਕਿਸੇ ਕੰਮ ਨਹੀਂ) ਪਰਮਾਤਮਾ ਦਾ ਨਾਮ-ਅੰਮ੍ਰਿਤ ਹੀ ਜਤ ਹੈ ਨਾਮ ਹੀ ਸਤ ਹੈ ਨਾਮ ਹੀ ਸੰਜਮ ਹੈ, ਨਾਮ ਤੋਂ ਬਿਨਾ ਮਨੁੱਖ ਪਵਿਤ੍ਰ ਜੀਵਨ ਵਾਲਾ ਨਹੀਂ ਹੋ ਸਕਦਾ। ਵੱਡੀ ਕਿਸਮਤ ਨਾਲ ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ। ਹੇ ਨਾਨਕ! (ਗੁਰੂ ਦੇ ਸ਼ਬਦ ਦੀ ਬਰਕਤਿ ਨਾਲ) ਜੇਹੜਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਜੀਵਨ ਬਿਤੀਤ ਕਰਦਾ ਹੈ ਉਹ ਮਨੁੱਖ ਪਰਮਾਤਮਾ ਦੇ ਗੁਣ ਆਪਣੇ ਅੰਦਰ ਵਸਾ ਲੈਂਦਾ ਹੈ।4।17। 50। ਸਿਰੀਰਾਗੁ ਮਹਲਾ ੩ ॥ ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ ॥ ਅਧਿਆਤਮ ਕਰਮ ਜੇ ਕਰੇ ਨਾਮੁ ਨ ਕਬ ਹੀ ਪਾਇ ॥ ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥੧॥ ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ ॥ ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥੧॥ ਰਹਾਉ ॥ ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥ ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ ॥ ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥੨॥ ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥ ਸਬਦਿ ਮਰੈ ਤਾ ਉਧਰੈ ਪਾਏ ਮੋਖ ਦੁਆਰੁ ॥ ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ ॥੩॥ ਇਹੁ ਮਨੂਆ ਅਤਿ ਸਬਲ ਹੈ ਛਡੇ ਨ ਕਿਤੈ ਉਪਾਇ ॥ ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ ॥ ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥੪॥੧੮॥੫੧॥ {ਪੰਨਾ 33} ਪਦ ਅਰਥ: ਕਾਂਇਆ = ਸਰੀਰ। ਸਾਧੈ = ਸਾਧਦਾ ਹੈ, ਵੱਸ ਵਿਚ ਰੱਖਣ ਦੇ ਜਤਨ ਕਰਦਾ ਹੈ। ਉਧਰ = ਪੁੱਠਾ ਲਟਕ ਕੇ। ਅਧਿਆਤਮ ਕਰਮ = ਆਤਮਾ ਸੰਬੰਧੀ (ਧਾਰਮਿਕ) ਕੰਮ। ਅਧਿਆਤਮ = ਆਤਮਾ ਸੰਬੰਧੀ। ਕਬ ਹੀ = ਕਦੇ ਭੀ। ਜੀਵਤੁ ਮਰੈ = ਜੀਊਂਦਾ ਮਰੇ, ਦੁਨੀਆ ਦੀ ਕਿਰਤ = ਕਾਰ ਕਰਦਾ ਹੋਇਆ ਹੀ ਵਿਕਾਰਾਂ ਵਲੋਂ ਬਚਿਆ ਰਹੇ। ਮਨਿ = ਮਨ ਵਿਚ।1। ਭਜੁ ਸਰਣਾ = ਸਰਨ ਪਉ। ਛੁਟੀਐ = (ਮਾਇਆ ਦੇ ਪ੍ਰਭਾਵ ਤੋਂ) ਬਚੀਦਾ ਹੈ। ਬਿਖੁ = ਜ਼ਹਰ, ਮਾਇਆ ਦਾ ਜ਼ਹਰੀਲਾ ਅਸਰ। ਭਵ ਜਲੁ = ਸੰਸਾਰ-ਸਮੁੰਦਰ।1। ਰਹਾਉ। ਤ੍ਰੈ ਗੁਣ = ਮਾਇਆ ਦੇ ਤਿੰਨ ਗੁਣ, ਰਜੋ ਗੁਣ, ਤਮੋ ਗੁਣ, ਸਤੋ ਗੁਣ। ਧਾਤੁ = ਮਾਇਆ। ਦੂਜਾ ਭਾਉ = (ਪ੍ਰਭੂ ਤੋਂ ਬਿਨਾ) ਹੋਰ ਪਿਆਰ। ਬਿਖਿਆ ਪਿਆਰਿ = ਮਾਇਆ ਦੇ ਪਿਆਰ ਵਿਚ। ਤ੍ਰਿਕੁਟੀ = {i> kutI = ਤਿੰਨ ਵਿੰਗੀਆਂ ਲਕੀਰਾਂ} ਮੱਥੇ ਦੀ ਤਿਊੜੀ, ਅੰਦਰ ਦੀ ਖਿੱਝ। ਚਉਥੈ ਪਦਿ = ਉਸ ਆਤਮਕ ਦਰਜੇ ਵਿਚ ਜੋ ਮਾਇਆ ਦੇ ਤਿੰਨ ਗੁਣਾਂ ਤੋਂ ਉਤਾਂਹ ਹੈ।2। ਤੇ = ਤੋਂ। ਮਾਰਗੁ = (ਜੀਵਨ ਦਾ ਸਹੀ) ਰਸਤਾ। ਗੁਬਾਰੁ = ਹਨੇਰਾ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਉਧਰੈ = ਬਚ ਜਾਂਦਾ ਹੈ। ਮੋਖ ਦੁਆਰੁ = (ਵਿਕਾਰਾਂ ਤੋਂ) ਖ਼ਲਾਸੀ ਦਾ ਦਰਵਾਜ਼ਾ। ਮਿਲਿ ਰਹੈ– ਜੁੜਿਆ ਰਹੇ।3। ਸਬਲ = ਬਲਵਾਨ। ਕਿਤੈ ਉਪਾਇ = ਕਿਸੇ ਉਪਾਵ ਦੀ ਰਾਹੀਂ ਭੀ। ਦੂਜੈ ਭਾਇ = ਮਾਇਆ ਦੇ ਪ੍ਰੇਮ ਵਿਚ (ਜੋੜ ਕੇ) । ਦੇਇ = ਦੇਂਦਾ ਹੈ। ਸਬਦਿ = ਸ਼ਬਦ ਦੀ ਰਾਹੀਂ। ਜਲਾਇ = ਸਾੜ ਕੇ।4। ਅਰਥ: ਹੇ ਮੇਰੇ ਮਨ! (ਮੇਰੀ ਗੱਲ) ਸੁਣ, ਸਤਿਗੁਰੂ ਦੀ ਸਰਨ ਪਉ। (ਮਾਇਆ ਦੇ ਪ੍ਰਭਾਵ ਤੋਂ) ਗੁਰੂ ਦੀ ਕਿਰਪਾ ਨਾਲ ਹੀ ਬਚੀਦਾ ਹੈ, ਇਹ ਜ਼ਹਰ-(ਭਰਿਆ) ਸੰਸਾਰ-ਸਮੁੰਦਰ ਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਤਰ ਸਕੀਦਾ ਹੈ।1। ਰਹਾਉ। ਮਨੁੱਖ ਸਰੀਰ ਨੂੰ (ਭਾਵ, ਗਿਆਨ-ਇੰਦ੍ਰਿਆਂ ਨੂੰ) ਆਪਣੇ ਵੱਸ ਵਿਚ ਰੱਖਣ ਦੇ ਜਤਨ ਕਰਦਾ ਹੈ, ਪੁੱਠਾ ਲਟਕ ਕੇ ਤਪ ਕਰਦਾ ਹੈ, (ਪਰ ਇਸ ਤਰ੍ਹਾਂ) ਅੰਦਰੋਂ ਹਉਮੈ ਦੂਰ ਨਹੀਂ ਹੁੰਦੀ। ਜੇ ਮਨੁੱਖ ਆਤਮਕ ਉੱਨਤੀ ਸੰਬੰਧੀ (ਅਜੇਹੇ ਮਿੱਥੇ ਹੋਏ ਧਾਰਮਿਕ) ਕੰਮ ਕਰਦਾ ਰਹੇ, ਤਾਂ ਕਦੇ ਭੀ ਉਹ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਕਰ ਸਕਦਾ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਸਹੈਤਾ ਨਾਲ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਿਕਾਰਾਂ ਵਲੋਂ ਬਚਦਾ ਹੈ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ।1। ਤਿੰਨ ਗੁਣਾਂ ਦੇ ਅਧੀਨ ਰਹਿ ਕੇ ਕੰਮ ਕਰਨੇ = ਇਹ ਸਾਰਾ ਮਾਇਆ ਦਾ ਹੀ ਪ੍ਰਭਾਵ ਹੈ, ਤੇ ਮਾਇਆ ਦਾ ਪਿਆਰ (ਮਨ ਵਿਚ) ਵਿਕਾਰ (ਹੀ) ਪੈਦਾ ਕਰਦਾ ਹੈ। ਮਾਇਆ ਦੇ ਬੰਧਨਾਂ ਵਿਚ ਮਾਇਆ ਦੇ ਮੋਹ ਦਾ ਬੱਝਾ ਹੋਇਆ ਪੰਡਿਤ (ਧਰਮ-ਪੁਸਤਕ) ਪੜ੍ਹਦਾ ਹੈ, ਪਰ ਮਾਇਆ ਦੇ ਪਿਆਰ ਵਿਚ (ਫਸਿਆ ਰਹਿਣ ਕਰਕੇ ਉਹ ਜੀਵਨ ਦਾ ਸਹੀ ਰਸਤਾ) ਨਹੀਂ ਸਮਝ ਸਕਦਾ। ਜੇ ਸਤਿਗੁਰੂ ਮਿਲ ਪਏ ਤਾਂ (ਮਾਇਆ-ਮੋਹ ਦੇ ਕਾਰਨ ਪੈਦਾ ਹੋਈ ਅੰਦਰਲੀ) ਖਿੱਝ ਦੂਰ ਹੋ ਜਾਂਦੀ ਹੈ, ਮਾਇਆ ਦੇ ਤਿੰਨ ਗੁਣਾਂ ਤੋਂ ਉਤਲੇ ਆਤਮਕ ਦਰਜੇ ਵਿਚ (ਪਹੁੰਚਿਆਂ) (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ ਲੱਭ ਪੈਂਦਾ ਹੈ।2। ਗੁਰੂ ਪਾਸੋਂ ਜੀਵਨ ਦਾ ਸਹੀ ਰਸਤਾ ਲੱਭ ਪੈਂਦਾ ਹੈ (ਮਨ ਵਿਚੋਂ) ਮੋਹ (ਦਾ) ਹਨੇਰਾ ਦੂਰ ਹੋ ਜਾਂਦਾ ਹੈ। ਜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਮਾਇਆ ਦੇ ਮੋਹ ਵਲੋਂ ਮਰ ਜਾਏ ਤਾਂ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦਾ ਹੈ, ਤੇ ਵਿਕਾਰਾਂ ਤੋਂ ਖ਼ਲਾਸੀ ਦਾ ਦਰਵਾਜ਼ਾ ਲੱਭ ਲੈਂਦਾ ਹੈ। ਗੁਰੂ ਦੀ ਕਿਰਪਾ ਨਾਲ ਹੀ ਮਨੁੱਖ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹਿ ਸਕਦਾ ਹੈ, ਤੇ ਪ੍ਰਭੂ ਦਾ ਸਦਾ-ਥਿਰ ਨਾਮ ਪ੍ਰਾਪਤ ਕਰ ਸਕਦਾ ਹੈ।3। (ਨਹੀਂ ਤਾਂ) ਇਹ ਮਨ (ਤਾਂ) ਬੜਾ ਬਲਵਾਨ ਹੈ (ਗੁਰੂ ਦੀ ਸਰਨ ਤੋਂ ਬਿਨਾ ਹੋਰ) ਕਿਸੇ ਭੀ ਹੀਲੇ ਨਾਲ ਇਹ (ਕੁਰਾਹੇ ਪਾਣੋਂ) ਛੱਡਦਾ ਨਹੀਂ। ਮਾਇਆ ਦੇ ਪਿਆਰ ਵਿਚ ਫਸਾ ਕੇ (ਮਨੁੱਖ ਨੂੰ) ਦੁੱਖ ਚੰਬੋੜ ਦੇਂਦਾ ਹੈ, ਤੇ ਬੜੀ ਸਜ਼ਾ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਪਰਮਾਤਮਾ ਦੇ ਨਾਮ ਵਿਚ ਜੁੜਦੇ ਹਨ ਉਹ (ਇਸ ਦੇ ਪੰਜੇ ਤੋਂ) ਬਚਦੇ ਹਨ।4।18। 51। ਸਿਰੀਰਾਗੁ ਮਹਲਾ ੩ ॥ ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥ ਬਿਨੁ ਗੁਰ ਕਿਨੈ ਨ ਪਾਇਓ ਬਿਰਥਾ ਜਨਮੁ ਗਵਾਇ ॥ ਮਨਮੁਖ ਕਰਮ ਕਮਾਵਣੇ ਦਰਗਹ ਮਿਲੈ ਸਜਾਇ ॥੧॥ ਮਨ ਰੇ ਦੂਜਾ ਭਾਉ ਚੁਕਾਇ ॥ ਅੰਤਰਿ ਤੇਰੈ ਹਰਿ ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥ ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥ ਹਰਿ ਕਾ ਨਾਮੁ ਮਨਿ ਵਸੈ ਹਉਮੈ ਕ੍ਰੋਧੁ ਨਿਵਾਰਿ ॥ ਮਨਿ ਨਿਰਮਲ ਨਾਮੁ ਧਿਆਈਐ ਤਾ ਪਾਏ ਮੋਖ ਦੁਆਰੁ ॥੨॥ ਹਉਮੈ ਵਿਚਿ ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥ ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ ਗਵਾਇ ॥ ਗੁਰ ਸੇਵਾ ਨਾਉ ਪਾਈਐ ਸਚੇ ਰਹੈ ਸਮਾਇ ॥੩॥ ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥ ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥ ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥੪॥੧੯॥੫੨॥ {ਪੰਨਾ 33-34} ਪਦ ਅਰਥ: ਨਾਮੋ = ਨਾਮੁ। ਦੇਇ ਦ੍ਰਿੜਾਇ = ਹਿਰਦੇ ਵਿਚ ਪੱਕਾ ਕਰ ਦੇਂਦਾ ਹੈ। ਕਿਨੈ = ਕਿਸੇ ਨੇ ਭੀ।1। ਅੰਤਰਿ ਤੇਰੈ = ਤੇਰੇ ਅੰਦਰ। ਰਹਾਉ। ਸਚੁ = ਯਥਾਰਥ, ਠੀਕ। ਜਾ = ਜਦੋਂ। ਸਚਿ = ਸਦਾ-ਥਿਰ ਪ੍ਰਭੂ ਵਿਚ। ਨਿਵਾਰਿ = ਦੂਰ ਕਰ ਕੇ। ਮਨਿ = ਮਨ ਦੀ ਰਾਹੀਂ। ਧਿਆਈਐ = ਸਿਮਰਿਆ ਜਾ ਸਕਦਾ ਹੈ।2। ਬਿਨਸਦਾ = ਆਤਮਕ ਮੌਤ ਮਰਦਾ ਹੈ। ਜਾਣਨੀ = ਜਾਣਨਿ, ਜਾਣਦੇ। ਜਾਸਨਿ = ਜਾਣਗੇ। ਪਤਿ = ਇੱਜ਼ਤ। ਸਚੇ = ਸਚਿ ਹੀ, ਸਦਾ-ਥਿਰ ਪ੍ਰਭੂ ਵਿਚ ਹੀ।3। ਸਬਦਿ ਮੰਨਿਐ = ਜੇ ਗੁਰੂ ਦੇ ਸ਼ਬਦ ਵਿਚ ਸਰਧਾ ਬਣ ਜਾਏ। ਆਪੁ = ਆਪਾ-ਭਾਵ। ਅਨਦਿਨੁ = ਹਰ ਰੋਜ਼। ਮਨਿ = ਮਨ ਵਿਚ। ਸਹਜਿ = ਆਤਮਕ ਅਡੋਲਤਾ ਵਿਚ।4। ਅਰਥ: (ਜਦੋਂ ਪਰਮਾਤਮਾ) ਕਿਰਪਾ ਕਰਦਾ ਹੈ (ਤਾਂ) ਗੁਰੂ ਮਿਲਦਾ ਹੈ (ਗੁਰੂ ਮਨੁੱਖ ਦੇ ਹਿਰਦੇ ਵਿਚ) ਪਰਮਾਤਮਾ ਦਾ ਨਾਮ ਪੱਕਾ ਕਰ ਦੇਂਦਾ ਹੈ। (ਕਦੇ ਭੀ) ਕਿਸੇ ਮਨੁੱਖ ਨੇ ਗੁਰੂ ਤੋਂ ਬਿਨਾ (ਪਰਮਾਤਮਾ ਨੂੰ) ਨਹੀਂ ਪ੍ਰਾਪਤ ਕੀਤਾ (ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ ਉਹ) ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰ ਕੇ (ਮਿੱਥੇ ਹੋਏ ਧਾਰਮਿਕ) ਕੰਮ (ਭੀ) ਕੀਤਿਆਂ ਪ੍ਰਭੂ ਦੀ ਦਰਗਾਹ ਵਿਚ ਸਜ਼ਾ ਹੀ ਮਿਲਦੀ ਹੈ।1। ਰਹਾਉ। ਹੇ ਮੇਰੇ ਮਨ! (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ। ਪਰਮਾਤਮਾ ਤੇਰੇ ਅੰਦਰ ਵੱਸਦਾ ਹੈ (ਫਿਰ ਭੀ ਤੂੰ ਸੁਖੀ ਨਹੀਂ ਹੈਂ) ਗੁਰੂ ਦੀ ਦੱਸੀ ਸੇਵਾ ਭਗਤੀ ਕੀਤਿਆਂ ਹੀ ਆਤਮਕ ਸੁੱਖ ਲੱਭਦਾ ਹੈ।1। ਰਹਾਉ। ਜਦੋਂ ਮਨੁੱਖ ਸਦਾ-ਥਿਰ ਪਰਮਾਤਮਾ ਵਿਚ ਪਿਆਰ ਜੋੜਦਾ ਹੈ, ਤਦੋਂ ਉਸ ਨੂੰ ਗੁਰੂ ਦੀ ਬਾਣੀ ਗੁਰੂ ਦਾ ਸ਼ਬਦ ਯਥਾਰਥ ਪ੍ਰਤੀਤ ਹੁੰਦਾ ਹੈ (ਗੁਰੂ ਦੇ ਸ਼ਬਦ ਦੀ ਰਾਹੀਂ ਅੰਦਰੋਂ) ਹਉਮੈ ਤੇ ਕ੍ਰੋਧ ਦੂਰ ਕਰ ਕੇ ਪਰਮਾਤਮਾ ਦਾ ਨਾਮ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ। ਪਰਮਾਤਮਾ ਦਾ ਨਾਮ ਪਵਿਤ੍ਰ ਮਨ ਦੀ ਰਾਹੀਂ ਹੀ ਸਿਮਰਿਆ ਜਾ ਸਕਦਾ ਹੈ (ਜਦੋਂ ਮਨੁੱਖ ਸਿਮਰਦਾ ਹੈ) ਤਦੋਂ ਵਿਕਾਰਾਂ ਤੋਂ ਖ਼ਲਾਸੀ ਦਾ ਰਾਹ ਲੱਭ ਲੈਂਦਾ ਹੈ।3। ਜਗਤ ਹਉਮੈ ਵਿਚ ਫਸ ਕੇ ਆਤਮਕ ਮੌਤ ਸਹੇੜਦਾ ਹੈ ਤੇ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਗੁਰੂ ਦੇ ਸ਼ਬਦ (ਦੀ ਕਦਰ) ਨਹੀਂ ਜਾਣਦੇ, ਉਹ ਆਪਣੀ ਇੱਜ਼ਤ ਗਵਾ ਕੇ ਹੀ (ਜਗਤ ਵਿਚੋਂ) ਜਾਣਗੇ। ਗੁਰੂ ਦੀ ਦੱਸੀ ਸੇਵਾ-ਭਗਤੀ ਕੀਤਿਆਂ ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ (ਜੋ ਮਨੁੱਖ ਗੁਰੂ ਦੀ ਦੱਸੀ ਸੇਵਾ ਕਰਦਾ ਹੈ ਉਹ) ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ।3। ਜੇ ਗੁਰੂ ਦੇ ਸ਼ਬਦ ਵਿਚ ਸਰਧਾ ਬਣ ਜਾਏ ਤਾਂ ਗੁਰੂ ਮਿਲ ਪੈਂਦਾ ਹੈ (ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਸਰਧਾ ਬਣਾਂਦਾ ਹੈ ਉਹ ਆਪਣੇ) ਅੰਦਰੋਂ ਹਉਮੈ ਦੂਰ ਕਰ ਲੈਂਦਾ ਹੈ। ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਸਦਾ ਉਸ ਦੀ ਭਗਤੀ ਕਰਦਾ ਹੈ। ਹੇ ਨਾਨਕ! ਉਸ ਦੇ ਮਨ ਵਿਚ ਪਰਮਾਤਮਾ ਦਾ ਅਮੋਲਕ ਨਾਮ ਆ ਵੱਸਦਾ ਹੈ। ਉਹ ਆਤਮਕ ਅਡੋਲਤਾ ਵਿਚ (ਭੀ) ਟਿਕਿਆ ਰਹਿੰਦਾ ਹੈ।4।19। 52। |
Sri Guru Granth Darpan, by Professor Sahib Singh |