ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 68

ਸਿਰੀਰਾਗੁ ਮਹਲਾ ੩ ॥ ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥ ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਇ ॥ ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ ॥੧॥ ਭਾਈ ਰੇ ਗੁਰ ਬਿਨੁ ਸਹਜੁ ਨ ਹੋਇ ॥ ਸਬਦੈ ਹੀ ਤੇ ਸਹਜੁ ਊਪਜੈ ਹਰਿ ਪਾਇਆ ਸਚੁ ਸੋਇ ॥੧॥ ਰਹਾਉ ॥ ਸਹਜੇ ਗਾਵਿਆ ਥਾਇ ਪਵੈ ਬਿਨੁ ਸਹਜੈ ਕਥਨੀ ਬਾਦਿ ॥ ਸਹਜੇ ਹੀ ਭਗਤਿ ਊਪਜੈ ਸਹਜਿ ਪਿਆਰਿ ਬੈਰਾਗਿ ॥ ਸਹਜੈ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ ਜੀਵਣੁ ਬਾਦਿ ॥੨॥ ਸਹਜਿ ਸਾਲਾਹੀ ਸਦਾ ਸਦਾ ਸਹਜਿ ਸਮਾਧਿ ਲਗਾਇ ॥ ਸਹਜੇ ਹੀ ਗੁਣ ਊਚਰੈ ਭਗਤਿ ਕਰੇ ਲਿਵ ਲਾਇ ॥ ਸਬਦੇ ਹੀ ਹਰਿ ਮਨਿ ਵਸੈ ਰਸਨਾ ਹਰਿ ਰਸੁ ਖਾਇ ॥੩॥ ਸਹਜੇ ਕਾਲੁ ਵਿਡਾਰਿਆ ਸਚ ਸਰਣਾਈ ਪਾਇ ॥ ਸਹਜੇ ਹਰਿ ਨਾਮੁ ਮਨਿ ਵਸਿਆ ਸਚੀ ਕਾਰ ਕਮਾਇ ॥ ਸੇ ਵਡਭਾਗੀ ਜਿਨੀ ਪਾਇਆ ਸਹਜੇ ਰਹੇ ਸਮਾਇ ॥੪॥ ਮਾਇਆ ਵਿਚਿ ਸਹਜੁ ਨ ਊਪਜੈ ਮਾਇਆ ਦੂਜੈ ਭਾਇ ॥ ਮਨਮੁਖ ਕਰਮ ਕਮਾਵਣੇ ਹਉਮੈ ਜਲੈ ਜਲਾਇ ॥ ਜੰਮਣੁ ਮਰਣੁ ਨ ਚੂਕਈ ਫਿਰਿ ਫਿਰਿ ਆਵੈ ਜਾਇ ॥੫॥ ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ ॥ ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥ ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥੬॥ ਨਿਰਗੁਣ ਨਾਮੁ ਨਿਧਾਨੁ ਹੈ ਸਹਜੇ ਸੋਝੀ ਹੋਇ ॥ ਗੁਣਵੰਤੀ ਸਾਲਾਹਿਆ ਸਚੇ ਸਚੀ ਸੋਇ ॥ ਭੁਲਿਆ ਸਹਜਿ ਮਿਲਾਇਸੀ ਸਬਦਿ ਮਿਲਾਵਾ ਹੋਇ ॥੭॥ ਬਿਨੁ ਸਹਜੈ ਸਭੁ ਅੰਧੁ ਹੈ ਮਾਇਆ ਮੋਹੁ ਗੁਬਾਰੁ ॥ ਸਹਜੇ ਹੀ ਸੋਝੀ ਪਈ ਸਚੈ ਸਬਦਿ ਅਪਾਰਿ ॥ ਆਪੇ ਬਖਸਿ ਮਿਲਾਇਅਨੁ ਪੂਰੇ ਗੁਰ ਕਰਤਾਰਿ ॥੮॥ ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ ਨਿਰੰਕਾਰੁ ॥ ਸਭਨਾ ਜੀਆ ਕਾ ਇਕੁ ਦਾਤਾ ਜੋਤੀ ਜੋਤਿ ਮਿਲਾਵਣਹਾਰੁ ॥ ਪੂਰੈ ਸਬਦਿ ਸਲਾਹੀਐ ਜਿਸ ਦਾ ਅੰਤੁ ਨ ਪਾਰਾਵਾਰੁ ॥੯॥ ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥ ਅਨਦਿਨੁ ਲਾਹਾ ਹਰਿ ਨਾਮੁ ਲੈਨਿ ਅਖੁਟ ਭਰੇ ਭੰਡਾਰ ॥ ਨਾਨਕ ਤੋਟਿ ਨ ਆਵਈ ਦੀਏ ਦੇਵਣਹਾਰਿ ॥੧੦॥੬॥੨੩॥ {ਪੰਨਾ 68}

ਪਦ ਅਰਥ: ਨੋ = ਨੂੰ। ਸਭ = ਸਾਰੀ ਸ੍ਰਿਸ਼ਟੀ। ਸਹਜੁ = ਆਤਮਕ ਅਡੋਲਤਾ, ਮਨ ਦੀ ਸ਼ਾਂਤੀ। ਪੜਿ = ਪੜ੍ਹ ਕੇ। ਜੋਤਕੀ = ਜੋਤਸ਼ੀ। ਭੇਖੀ = ਛੇ ਭੇਖਾਂ ਦੇ ਸਾਧੂ। ਭੁਲਾਇ = ਕੁਰਾਹੇ ਪੈ ਕੇ। ਗੁਰ ਭੇਟੇ = ਗੁਰੂ ਨੂੰ ਮਿਲਿਆਂ। ਰਜਾਇ = ਆਪਣੀ ਰਜ਼ਾ ਵਿਚ, ਆਪਣੀ ਮਰਜ਼ੀ ਨਾਲ।1।

ਤੇ = ਤੋਂ। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ।1। ਰਹਾਉ।

ਗਾਵਿਆ = ਸਿਫ਼ਤਿ-ਸਾਲਾਹ ਕੀਤੀ ਹੋਈ। ਥਾਇ ਪਵੈ = ਕਬੂਲ ਹੁੰਦਾ ਹੈ। ਕਥਨੀ = ਧਾਰਮਿਕ ਗੱਲਾਂ ਦੀ ਕਹਾਣੀ। ਬਾਦਿ = ਵਿਅਰਥ। ਪਿਆਰਿ = ਪਿਆਰ ਵਿਚ।2।

ਸਾਲਾਹੀ = (ਤੂੰ) ਸਿਫ਼ਤਿ-ਸਾਲਾਹ ਕਰੀਂ। ਲਿਵ ਲਾਇ = ਸੁਰਤ ਜੋੜ ਕੇ। ਰਸਨਾ = ਜੀਭ।3।

ਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ। ਵਿਡਾਰਿਆ = ਮਾਰਿਆ।4।

ਦੂਜੈ ਭਾਇ = ਕਿਸੇ ਹੋਰ ਦੇ ਪਿਆਰ ਵਿਚ। ਮਨਮੁਖ ਕਰਮ = ਮਨਮੁਖਾਂ ਵਾਲੇ ਕਰਮ, ਉਹ ਕਰਮ ਜੋ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਕਰਦੇ ਹਨ। ਨ ਚੂਕਈ = ਨਹੀਂ ਮੁੱਕਦਾ।5।

ਤ੍ਰੈ ਗੁਣ = ਰਜੋ, ਤਮੋ, ਸਤੋ। ਘੁਥਾ ਜਾਇ = ਖੁੰਝਿਆ ਜਾਂਦਾ ਹੈ, ਕੁਰਾਹੇ ਪਿਆ ਜਾਂਦਾ ਹੈ।6।

ਨਿਰਗੁਣ ਨਾਮੁ = ਉਸ ਪਰਮਾਤਮਾ ਦਾ ਨਾਮ ਜੋ ਮਾਇਆ ਦੇ ਤਿੰਨ ਗੁਣਾਂ ਤੋਂ ਉਤਾਂਹ ਹੈ। ਸੋਇ = ਸੋਭਾ।7।

ਸਭੁ = ਸਾਰਾ ਜਗਤ। ਅੰਧੁ = ਅੰਨ੍ਹਾ। ਗੁਬਾਰੁ = ਘੁੱਪ ਹਨੇਰਾ। ਅਪਾਰਿ = ਅਪਾਰ ਵਿਚ। ਮਿਲਾਇਅਨੁ = ਉਸ ਨੇ ਮਿਲਾ ਲਏ ਹਨ। ਕਰਤਾਰਿ = ਕਰਤਾਰ ਨੇ।8।

ਸਹਜੇ = ਆਤਮਕ ਅਡੋਲਤਾ ਵਿਚ ਹੀ। ਜੋਤਿ = ਚਾਨਣ-ਸਰੂਪ। ਨਿਰੰਕਾਰੁ = ਅਕਾਰ-ਰਹਿਤ।9।

ਕਰਹਿ = ਕਰਦੇ ਹਨ। ਲੈਨਿ = ਲੈਂਦੇ ਹਨ। ਅਖੁੱਟ = ਨਾਹ ਮੁੱਕਣ ਵਾਲੇ। ਭੰਡਾਰ = ਖ਼ਜ਼ਾਨੇ। ਦੇਵਣਹਾਰਿ = ਦੇਵਣਹਾਰ ਨੇ।10।

ਅਰਥ: ਹੇ ਭਾਈ! ਗੁਰੂ ਦੀ ਸਰਨ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੁੰਦੀ। ਗੁਰੂ ਦੇ ਸ਼ਬਦ ਵਿਚ ਜੁੜਨ ਤੋਂ ਹੀ ਆਤਮਕ ਅਡੋਲਤਾ (ਮਨ ਦੀ ਸ਼ਾਂਤੀ) ਪੈਦਾ ਹੁੰਦੀ ਹੈ, ਤੇ ਉਹ ਸਦਾ-ਥਿਰ ਰਹਿਣ ਵਾਲਾ ਹਰੀ ਮਿਲਦਾ ਹੈ।1। ਰਹਾਉ।

ਸਾਰੀ ਸ੍ਰਿਸ਼ਟੀ ਮਨ ਦੀ ਸ਼ਾਂਤੀ ਲਈ ਤਰਸਦੀ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਇਹ ਸਹਜ ਅਵਸਥਾ ਨਹੀਂ ਮਿਲਦੀ। ਪੰਡਿਤ ਤੇ ਜੋਤਸ਼ੀ (ਸ਼ਾਸਤ੍ਰ ਆਦਿਕ ਧਰਮ-ਪੁਸਤਕਾਂ) ਪੜ੍ਹ-ਪੜ੍ਹ ਕੇ ਥੱਕ ਗਏ (ਪਰ ਸਹਜ-ਅਵਸਥਾ ਪ੍ਰਾਪਤ ਨਾਹ ਕਰ ਸਕੇ) , ਛੇ ਭੇਖਾਂ ਦੇ ਸਾਧੂ ਭੀ ਭਟਕ ਭਟਕ ਕੇ ਕੁਰਾਹੇ ਹੀ ਪਏ ਰਹੇ (ਉਹ ਭੀ ਸਹਜ-ਅਵਸਥਾ ਨਾ ਲੱਭ ਸਕੇ) । ਜਿਨ੍ਹਾਂ ਉੱਤੇ ਪਰਮਾਤਮਾ ਆਪਣੀ ਰਜ਼ਾ ਅਨੁਸਾਰ ਕਿਰਪਾ ਕਰਦਾ ਹੈ, ਉਹ ਗੁਰੂ ਨੂੰ ਮਿਲ ਕੇ ਸਹਜ-ਅਵਸਥਾ ਪ੍ਰਾਪਤ ਕਰਦੇ ਹਨ।1।

ਪਰਮਾਤਮਾ ਦੇ ਗੁਣਾਂ ਦਾ ਕੀਰਤਨ ਕਰਨਾ ਭੀ ਤਦੋਂ ਹੀ ਪਰਵਾਨ ਹੁੰਦਾ ਹੈ, ਜੇ ਆਤਮਕ ਅਡੋਲਤਾ ਵਿਚ ਟਿਕ ਕੇ ਕੀਤਾ ਜਾਏ। ਆਤਮਕ ਅਡੋਲਤਾ ਤੋਂ ਬਿਨਾ ਧਾਰਮਿਕ ਗੱਲਾਂ ਦਾ ਕਹਿਣਾ ਵਿਅਰਥ ਜਾਂਦਾ ਹੈ। ਆਤਮਕ ਅਡੋਲਤਾ ਵਿਚ ਟਿਕਿਆਂ ਹੀ (ਮਨੁੱਖ ਦੇ ਅੰਦਰ ਪਰਮਾਤਮਾ ਦੀ) ਭਗਤੀ (ਦਾ ਜਜ਼ਬਾ) ਪੈਦਾ ਹੁੰਦਾ ਹੈ, ਆਤਮਕ ਅਡੋਲਤਾ ਦੀ ਰਾਹੀਂ ਹੀ ਮਨੁੱਖ ਪ੍ਰਭੂ ਦੇ ਪਿਆਰ ਵਿਚ ਟਿਕਦਾ ਹੈ, (ਦੁਨੀਆ ਵਲੋਂ) ਵੈਰਾਗ ਵਿਚ ਰਹਿੰਦਾ ਹੈ। ਆਤਮਕ ਅਡੋਲਤਾ ਤੋਂ ਆਤਮਕ ਆਨੰਦ ਤੇ ਸ਼ਾਂਤੀ ਪੈਦਾ ਹੁੰਦੀ ਹੈ, ਆਤਮਕ ਅਡੋਲਤਾ ਤੋਂ ਬਿਨਾ (ਮਨੁੱਖ ਦੀ ਸਾਰੀ) ਜ਼ਿੰਦਗੀ ਵਿਅਰਥ ਜਾਂਦੀ ਹੈ।2।

(ਹੇ ਭਾਈ!) ਤੂੰ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਅਡੋਲਤਾ ਵਿਚ ਸਮਾਧੀ ਲਾ ਕੇ ਹੀ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੀਂ।

ਜੇਹੜਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ, ਪ੍ਰਭੂ-ਚਰਨਾਂ ਵਿਚ ਸੁਰਤਿ ਜੋੜ ਕੇ ਭਗਤੀ ਕਰਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਉਸ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਸ ਦੀ ਜੀਭ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦੀ ਰਹਿੰਦੀ ਹੈ।3।

ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਰਨ ਪੈ ਕੇ ਆਤਮਕ ਅਡੋਲਤਾ ਵਿਚ ਟਿਕ ਕੇ ਜਿਨ੍ਹਾਂ ਨੇ ਆਤਮਕ ਮੌਤ ਨੂੰ ਮਾਰ ਲਿਆ, ਇਹ ਸਦਾ ਨਾਲ ਨਿਭਣ ਵਾਲੀ ਕਾਰ ਕਰਨ ਦੇ ਕਾਰਨ ਉਹਨਾਂ ਦੇ ਅੰਦਰ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹ ਬੰਦੇ ਵੱਡੇ ਭਾਗਾਂ ਵਾਲੇ ਹੋ ਗਏ, ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ।4।

ਮਾਇਆ (ਦੇ ਮੋਹ) ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਪੈਦਾ ਨਹੀਂ ਹੁੰਦੀ, ਮਾਇਆ ਤਾਂ (ਪ੍ਰਭੂ ਤੋਂ ਬਿਨਾ ਕਿਸੇ) ਹੋਰ ਪਿਆਰ ਵਿਚ (ਫਸਾਂਦੀ ਹੈ) । ਅਜੇਹੇ ਮਨਮੁਖਤਾ ਵਾਲੇ ਕਰਮ ਕੀਤਿਆਂ ਮਨੁੱਖ ਹਉਮੈ ਵਿਚ ਹੀ ਸੜਦਾ ਹੈ, (ਆਪਣੇ ਆਪ ਨੂੰ ਸਾੜਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਕਦੇ ਮੁੱਕਦਾ ਨਹੀਂ, ਉਹ ਮੁੜ ਮੁੜ ਜੰਮਦਾ ਰਹਿੰਦਾ ਹੈ।5।

ਮਾਇਆ (ਦੇ ਮੋਹ) ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਪੈਦਾ ਨਹੀਂ ਹੁੰਦੀ, ਮਾਇਆ ਦੇ ਤਿੰਨ ਗੁਣਾਂ ਦੇ ਕਾਰਨ ਜੀਵ ਭਟਕਣਾ ਵਿਚ ਫਸ ਕੇ ਕੁਰਾਹੇ ਪਿਆ ਰਹਿੰਦਾ ਹੈ। (ਇਸ ਹਾਲਤ ਵਿਚ) ਧਾਰਮਿਕ ਪੁਸਤਕਾਂ ਪੜ੍ਹਨ ਦਾ ਵਿਚਾਰਨ ਦਾ ਤੇ ਹੋਰਨਾਂ ਨੂੰ ਸੁਣਾਣ ਦਾ ਕੋਈ ਲਾਭ ਨਹੀਂ ਹੁੰਦਾ, ਕਿਉਂਕਿ ਜੀਵ ਆਪਣੇ ਮੂਲ-ਪ੍ਰਭੂ ਤੋਂ ਖੁੰਝ ਕੇ (ਗ਼ਲਤ ਜੀਵਨ-ਰਾਹ ਤੇ) ਤੁਰਦਾ ਹੈ। (ਮਾਇਆ ਦੇ ਤਿੰਨ ਗੁਣਾਂ ਤੋਂ ਲੰਘ ਕੇ) ਚੌਥੀ ਆਤਮਕ ਅਵਸਥਾ ਵਿਚ ਅੱਪੜਿਆਂ ਮਨ ਦੀ ਸ਼ਾਂਤੀ ਪੈਦਾ ਹੁੰਦੀ ਹੈ, ਤੇ ਇਹ ਆਤਮਕ ਅਵਸਥਾ ਗੁਰੂ ਦੀ ਸਰਨ ਪਿਆਂ ਪ੍ਰਾਪਤ ਹੁੰਦੀ ਹੈ।6।

ਤਿੰਨ ਗੁਣਾਂ ਤੋਂ ਨਿਰਲੇਪ ਪਰਮਾਤਮਾ ਦਾ ਨਾਮ (ਸਭ ਪਦਾਰਥਾਂ ਦਾ) ਖ਼ਜ਼ਾਨਾ ਹੈ, ਆਤਮਕ ਅਡੋਲਤਾ ਵਿਚ ਪਹੁੰਚਿਆਂ ਇਹ ਸਮਝ ਪੈਂਦੀ ਹੈ। ਗੁਣਾਂ ਵਾਲੇ ਜੀਵ ਹੀ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ। (ਜੇਹੜਾ ਮਨੁੱਖ ਸਿਫ਼ਤਿ-ਸਾਲਾਹ ਕਰਦਾ ਹੈ ਉਹ) ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ, ਉਸ ਦੀ ਸੋਭਾ ਭੀ ਅਟੱਲ ਹੋ ਜਾਂਦੀ ਹੈ। (ਉਹ ਪਰਮਾਤਮਾ ਇਤਨਾ ਦਇਆਲ ਹੈ ਕਿ ਉਹ ਸਰਨ ਆਏ) ਕੁਰਾਹੇ ਪਏ ਬੰਦਿਆਂ ਨੂੰ ਆਤਮਕ ਅਡੋਲਤਾ ਵਿਚ ਜੋੜ ਦੇਂਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ (ਵਡਭਾਗੀ ਪਰਮਾਤਮਾ ਨਾਲ) ਮਿਲਾਪ ਹੋ ਜਾਂਦਾ ਹੈ।7।

ਮਨ ਦੀ ਸ਼ਾਂਤੀ ਤੋਂ ਬਿਨਾ ਸਾਰਾ ਜਗਤ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਰਹਿੰਦਾ ਹੈ, (ਜਗਤ ਉੱਤੇ) ਮਾਇਆ ਦੇ ਮੋਹ ਦਾ ਘੁੱਪ ਹਨੇਰਾ ਛਾਇਆ ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ ਜਿਸ ਮਨੁੱਖ ਨੂੰ ਆਤਮਕ ਅਡੋਲਤਾ ਵਿਚ ਜੁੜ ਕੇ (ਪਰਮਾਤਮਾ ਦੇ ਗੁਣਾਂ ਦੀ) ਸੂਝ ਪੈਂਦੀ ਹੈ, ਉਹ ਉਸ ਅਪਾਰ ਪ੍ਰਭੂ ਵਿਚ (ਸੁਰਤਿ ਜੋੜੀ ਰੱਖਦਾ ਹੈ) । (ਅਜੇਹੇ ਭਾਗਾਂ ਵਾਲੇ ਬੰਦਿਆਂ ਨੂੰ) ਪੂਰੇ ਗੁਰੂ ਨੇ ਕਰਤਾਰ ਨੇ ਆਪ ਹੀ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ।8।

ਆਤਮਕ ਅਡੋਲਤਾ ਵਿਚ ਪਹੁੰਚ ਕੇ ਉਸ ਪਰਮਾਤਮਾ ਨਾਲ ਸਾਂਝ ਬਣ ਜਾਂਦੀ ਹੈ, ਜੋ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ ਜਿਸ ਨੂੰ ਕਿਸੇ ਦਾ ਡਰ ਨਹੀਂ ਜੋ ਨਿਰਾ ਚਾਨਣ ਹੀ ਚਾਨਣ ਹੈ ਤੇ ਜਿਸ ਦਾ ਕੋਈ ਖ਼ਾਸ ਸਰੂਪ (ਦੱਸਿਆ) ਨਹੀਂ (ਜਾ ਸਕਦਾ) । ਉਹੀ ਪਰਮਾਤਮਾ ਸਾਰੇ ਜੀਵਾਂ ਨੂੰ ਸਭ ਦਾਤਾਂ ਦੇਣ ਵਾਲਾ ਹੈ, ਤੇ ਸਭ ਦੀ ਜੋਤਿ (ਸੁਰਤਿ) ਨੂੰ ਆਪਣੀ ਜੋਤਿ ਵਿਚ ਮਿਲਾਣ ਦੇ ਸਮਰੱਥ ਹੈ। (ਹੇ ਭਾਈ!) ਪੂਰੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੇ ਵਡੱਪਣ ਦਾ ਉਰਲਾ ਤੇ ਪਰਲਾ ਬੰਨਾ ਨਹੀਂ ਲੱਭ ਸਕਦਾ।9।

ਜੇਹੜੇ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ, ਪਰਮਾਤਮਾ ਦਾ ਨਾਮ ਹੀ ਉਹਨਾਂ ਦਾ (ਅਸਲ) ਧਨ ਬਣ ਜਾਂਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਇਸ ਨਾਮ-ਧਨ ਦਾ ਹੀ ਵਪਾਰ ਕਰਦੇ ਹਨ। ਉਹ ਹਰ ਵੇਲੇ (ਪਰਮਾਤਮਾ ਦਾ ਨਾਮ ਸਿਮਰ ਕੇ) ਪਰਮਾਤਮਾ ਦਾ ਨਾਮ-ਲਾਭ ਹੀ ਖੱਟਦੇ ਹਨ, ਨਾਮ-ਧਨ ਨਾਲ ਭਰੇ ਹੋਏ ਉਹਨਾਂ ਦੇ ਖ਼ਜ਼ਾਨੇ ਕਦੇ ਮੁੱਕਦੇ ਨਹੀਂ ਹਨ। ਹੇ ਨਾਨਕ! ਇਹ ਖ਼ਜ਼ਾਨੇ ਦੇਵਣਹਾਰ ਦਾਤਾਰ ਨੇ ਆਪ ਉਹਨਾਂ ਨੂੰ ਦਿੱਤੇ ਹੋਏ ਹਨ, ਇਹਨਾਂ ਖ਼ਜ਼ਾਨਿਆਂ ਵਿਚ ਕਦੇ ਭੀ ਤੋਟ ਨਹੀਂ ਅਉਂਦੀ।10।6। 23।

TOP OF PAGE

Sri Guru Granth Darpan, by Professor Sahib Singh