ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ |
Page 119 ਮਾਝ ਮਹਲਾ ੩ ॥ ਅੰਮ੍ਰਿਤੁ ਵਰਸੈ ਸਹਜਿ ਸੁਭਾਏ ॥ ਗੁਰਮੁਖਿ ਵਿਰਲਾ ਕੋਈ ਜਨੁ ਪਾਏ ॥ ਅੰਮ੍ਰਿਤੁ ਪੀ ਸਦਾ ਤ੍ਰਿਪਤਾਸੇ ਕਰਿ ਕਿਰਪਾ ਤ੍ਰਿਸਨਾ ਬੁਝਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰਮੁਖਿ ਅੰਮ੍ਰਿਤੁ ਪੀਆਵਣਿਆ ॥ ਰਸਨਾ ਰਸੁ ਚਾਖਿ ਸਦਾ ਰਹੈ ਰੰਗਿ ਰਾਤੀ ਸਹਜੇ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਗੁਰ ਪਰਸਾਦੀ ਸਹਜੁ ਕੋ ਪਾਏ ॥ ਦੁਬਿਧਾ ਮਾਰੇ ਇਕਸੁ ਸਿਉ ਲਿਵ ਲਾਏ ॥ ਨਦਰਿ ਕਰੇ ਤਾ ਹਰਿ ਗੁਣ ਗਾਵੈ ਨਦਰੀ ਸਚਿ ਸਮਾਵਣਿਆ ॥੨॥ ਸਭਨਾ ਉਪਰਿ ਨਦਰਿ ਪ੍ਰਭ ਤੇਰੀ ॥ ਕਿਸੈ ਥੋੜੀ ਕਿਸੈ ਹੈ ਘਣੇਰੀ ॥ ਤੁਝ ਤੇ ਬਾਹਰਿ ਕਿਛੁ ਨ ਹੋਵੈ ਗੁਰਮੁਖਿ ਸੋਝੀ ਪਾਵਣਿਆ ॥੩॥ ਗੁਰਮੁਖਿ ਤਤੁ ਹੈ ਬੀਚਾਰਾ ॥ ਅੰਮ੍ਰਿਤਿ ਭਰੇ ਤੇਰੇ ਭੰਡਾਰਾ ॥ ਬਿਨੁ ਸਤਿਗੁਰ ਸੇਵੇ ਕੋਈ ਨ ਪਾਵੈ ਗੁਰ ਕਿਰਪਾ ਤੇ ਪਾਵਣਿਆ ॥੪॥ ਸਤਿਗੁਰੁ ਸੇਵੈ ਸੋ ਜਨੁ ਸੋਹੈ ॥ ਅੰਮ੍ਰਿਤ ਨਾਮਿ ਅੰਤਰੁ ਮਨੁ ਮੋਹੈ ॥ ਅੰਮ੍ਰਿਤਿ ਮਨੁ ਤਨੁ ਬਾਣੀ ਰਤਾ ਅੰਮ੍ਰਿਤੁ ਸਹਜਿ ਸੁਣਾਵਣਿਆ ॥੫॥ ਮਨਮੁਖੁ ਭੂਲਾ ਦੂਜੈ ਭਾਇ ਖੁਆਏ ॥ ਨਾਮੁ ਨ ਲੇਵੈ ਮਰੈ ਬਿਖੁ ਖਾਏ ॥ ਅਨਦਿਨੁ ਸਦਾ ਵਿਸਟਾ ਮਹਿ ਵਾਸਾ ਬਿਨੁ ਸੇਵਾ ਜਨਮੁ ਗਵਾਵਣਿਆ ॥੬॥ ਅੰਮ੍ਰਿਤੁ ਪੀਵੈ ਜਿਸ ਨੋ ਆਪਿ ਪੀਆਏ ॥ ਗੁਰ ਪਰਸਾਦੀ ਸਹਜਿ ਲਿਵ ਲਾਏ ॥ ਪੂਰਨ ਪੂਰਿ ਰਹਿਆ ਸਭ ਆਪੇ ਗੁਰਮਤਿ ਨਦਰੀ ਆਵਣਿਆ ॥੭॥ ਆਪੇ ਆਪਿ ਨਿਰੰਜਨੁ ਸੋਈ ॥ ਜਿਨਿ ਸਿਰਜੀ ਤਿਨਿ ਆਪੇ ਗੋਈ ॥ ਨਾਨਕ ਨਾਮੁ ਸਮਾਲਿ ਸਦਾ ਤੂੰ ਸਹਜੇ ਸਚਿ ਸਮਾਵਣਿਆ ॥੮॥੧੬॥੧੭॥ {ਪੰਨਾ 119} ਪਦ ਅਰਥ: ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਏ = ਸੁਭਾਇ, ਉੱਚੇ ਪ੍ਰੇਮ ਵਿਚ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ। ਤ੍ਰਿਪਤਾਸੇ = ਰੱਜ ਜਾਂਦਾ ਹੈ। ਤ੍ਰਿਸਨਾ = ਤ੍ਰੇਹ।1। ਰਸਨਾ = ਜੀਭ। ਚਾਖਿ = ਚੱਖ ਕੇ। ਰੰਗਿ = ਪ੍ਰੇਮ ਰੰਗ ਵਿਚ। ਸਹਜੇ = ਆਤਮਕ ਅਡੋਲਤਾ ਵਿਚ।1। ਰਹਾਉ। ਕੋ = ਕੋਈ ਵਿਰਲਾ। ਸਹਜੁ = ਆਤਮਕ ਅਡੋਲਤਾ। ਦੁਬਿਧਾ = ਦੁ-ਕਿਸਮਾ ਪਨ, ਦੁਚਿੱਤਾ ਪਨ। ਇਕਸੁ ਸਿਉ = ਸਿਰਫ਼ ਇਕ ਨਾਲ। ਲਿਵ = ਲਗਨ। ਨਦਰਿ = ਮਿਹਰ ਦੀ ਨਜ਼ਰ। ਸਚਿ = ਸਦਾ-ਥਿਰ ਪ੍ਰਭੂ ਵਿਚ।2। ਪ੍ਰਭ = ਹੇ ਪ੍ਰਭੂ! ਘਣੇਰੀ = ਬਹੁਤੀ। ਤੇ = ਤੋਂ।3। ਤਤੁ = ਅਸਲੀਅਤ। ਅੰਮ੍ਰਿਤ = ਅੰਮ੍ਰਿਤ ਨਾਲ। ਸੇਵੇ = ਸਰਨ ਪਿਆਂ।4। ਸੋਹੈ– ਸੋਭਦਾ ਹੈ, ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ। ਅੰਤਰੁ ਮਨੁ = ਅੰਦਰਲਾ ਮਨ। ਮੋਹੈ– ਮਸਤ ਹੋ ਜਾਂਦਾ ਹੈ। ਰਤਾ = ਰੱਤਾ, ਰੰਗਿਆ ਜਾਂਦਾ ਹੈ।5। ਭੂਲਾ = ਕੁਰਾਹੇ ਪਿਆ ਹੋਇਆ। ਦੂਜੈ ਭਾਇ = ਪ੍ਰਭੂ ਤੋਂ ਬਿਨਾ ਕਿਸੇ ਹੋਰ ਪਿਆਰ ਵਿਚ। ਖੁਆਏ = ਸਹੀ ਜੀਵਨ ਰਾਹ ਤੋਂ ਖੁੰਝਿਆ ਰਹਿੰਦਾ ਹੈ। ਮਰੈ = ਆਤਮਕ ਮੌਤ ਸਹੇੜਦਾ ਹੈ। ਬਿਖੁ = ਜ਼ਹਰ। ਖਾਏ = ਖਾਇ, ਖਾ ਕੇ। ਅਨਦਿਨੁ = ਹਰ ਰੋਜ਼। ਵਿਸਟਾ = ਗੰਦ।6। ਨੋ = ਨੂੰ। ਪਰਸਾਦੀ = ਪਰਸਾਦਿ, ਕਿਰਪਾ ਨਾਲ। ਪੂਰਨ = ਵਿਆਪਕ।7। ਨਿਰੰਜਨੁ = ਮਾਇਆ ਰਹਿਤ ਪ੍ਰਭੂ। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ। ਤਿਨਿ = ਉਸ (ਪ੍ਰਭੂ) ਨੇ। ਗੋਈ = ਨਾਸ ਕੀਤੀ। ਸਮਾਲਿ = ਚੇਤੇ ਰੱਖ। ਸਚਿ = ਸਦਾ-ਥਿਰ ਪ੍ਰਭੂ ਵਿਚ।8। ਅਰਥ: ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਟਿਕਦਾ ਹੈ ਪ੍ਰਭੂ ਪ੍ਰੇਮ ਵਿਚ ਜੁੜਦਾ ਹੈ, ਤਦੋਂ ਉਸ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਵਰਖਾ ਕਰਦਾ ਹੈ। ਪਰ (ਇਹ ਦਾਤਿ) ਕੋਈ ਉਹ ਵਿਰਲਾ ਮਨੁੱਖ ਹਾਸਲ ਕਰਦਾ ਹੈ, ਜੋ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ। ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਕੇ ਮਨੁੱਖ ਸਦਾ ਲਈ (ਮਾਇਆ ਵਲੋਂ) ਰੱਜ ਜਾਂਦੇ ਹਨ, (ਪ੍ਰਭੂ) ਮਿਹਰ ਕਰ ਕੇ ਉਹਨਾਂ ਦੀ ਤ੍ਰਿਸ਼ਨਾ ਬੁਝਾ ਦੇਂਦਾ ਹੈ।1। ਮੈਂ ਸਦਾ ਉਹਨਾਂ ਤੋਂ ਸਦਕੇ ਹਾਂ ਕੁਰਬਾਨ ਹਾਂ, ਜੇਹੜੇ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਪੀਂਦੇ ਹਨ। ਜਿਨ੍ਹਾਂ ਦੀ ਜੀਭ ਨਾਮ-ਰਸ ਚਖ ਕੇ ਪ੍ਰਭੂ ਦੇ ਪ੍ਰੇਮ ਰੰਗ ਵਿਚ ਸਦਾ ਰੰਗੀ ਰਹਿੰਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ।1। ਰਹਾਉ। ਗੁਰੂ ਦੀ ਕਿਰਪਾ ਨਾਲ ਕੋਈ ਵਿਰਲਾ ਮਨੁੱਖ ਆਤਮਕ ਅਡੋਲਤਾ ਹਾਸਲ ਕਰਦਾ ਹੈ, (ਜਿਸ ਦੀ ਬਰਕਤਿ ਨਾਲ) ਉਹ ਮਨ ਦਾ ਦੁਚਿੱਤਾ-ਪਨ ਮਾਰ ਕੇ ਸਿਰਫ਼ ਪਰਮਾਤਮਾ (ਦੇ ਚਰਨਾਂ) ਨਾਲ ਲਗਨ ਲਾਈ ਰੱਖਦਾ ਹੈ। ਜਦੋਂ ਪਰਮਾਤਮਾ (ਕਿਸੇ ਜੀਵ ਉੱਤੇ ਮਿਹਰ ਦੀ) ਨਿਗਾਹ ਕਰਦਾ ਹੈ, ਤਦੋਂ ਉਹ ਪਰਮਾਤਮਾ ਦੇ ਗੁਣ ਗਾਂਦਾ ਹੈ, ਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ।2। ਹੇ ਪ੍ਰਭੂ! ਤੇਰੀ ਮਿਹਰ ਦੀ ਨਿਗਾਹ ਸਭ ਜੀਵਾਂ ਉੱਤੇ ਹੀ ਹੈ, ਕਿਸੇ ਉੱਤੇ ਥੋੜੀ ਹੈ ਕਿਸੇ ਉੱਤੇ ਬਹੁਤੀ ਹੈ। ਤੈਥੋਂ ਬਾਹਰ (ਤੇਰੀ ਮਿਹਰ ਦੀ ਨਿਗਾਹ ਤੋਂ ਬਿਨਾ) ਕੁਝ ਨਹੀਂ ਹੁੰਦਾ = ਇਹ ਸਮਝ ਉਸ ਮਨੁੱਖ ਨੂੰ ਪੈਂਦੀ ਹੈ ਜੋ ਗੁਰੂ ਦੀ ਸਰਨ ਪੈਂਦਾ ਹੈ।3। ਹੇ ਪ੍ਰਭੂ! ਆਤਮਕ ਜੀਵਨ ਦੇਣ ਵਾਲੇ ਤੇਰੇ ਨਾਮ-ਜਲ ਨਾਲ ਤੇਰੇ ਖ਼ਜ਼ਾਨੇ ਭਰੇ ਪਏ ਹਨ, ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੇ ਇਸ ਅਸਲੀਅਤ ਨੂੰ ਸਮਝਿਆ ਹੈ। (ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਜਾਣਦਾ ਹੈ ਕਿ) ਗੁਰੂ ਦੀ ਸਰਨ ਪੈਣ ਤੋਂ ਬਿਨਾ ਕੋਈ ਮਨੁੱਖ ਨਾਮ-ਅੰਮ੍ਰਿਤ ਨਹੀਂ ਲੈ ਸਕਦਾ। ਗੁਰੂ ਦੀ ਕਿਰਪਾ ਨਾਲ ਹੀ ਹਾਸਲ ਕਰ ਸਕਦਾ ਹੈ।4। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ, ਆਤਮਕ ਜੀਵਨ ਦੇਣ ਵਾਲੇ ਨਾਮ ਵਿਚ ਉਸ ਦਾ ਅੰਦਰਲਾ ਮਨ ਮਸਤ ਰਹਿੰਦਾ ਹੈ। ਉਸ ਮਨੁੱਖ ਦਾ ਮਨ ਉਸ ਦਾ ਤਨ ਨਾਮ-ਅੰਮ੍ਰਿਤ ਨਾਲ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਆਤਮਕ ਜੀਵਨ ਦੇਣ ਵਾਲੀ ਨਾਮ-ਧੁਨੀ ਨੂੰ ਸੁਣਦਾ ਰਹਿੰਦਾ ਹੈ।5। ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਕੁਰਾਹੇ ਪੈ ਜਾਂਦਾ ਹੈ, ਮਾਇਆ ਦੇ ਪਿਆਰ ਵਿਚ (ਰੁੱਝ ਕੇ) ਸਹੀ ਜੀਵਨ-ਰਾਹ ਤੋਂ ਖੁੰਝ ਜਾਂਦਾ ਹੈ। ਉਹ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ, ਉਹ (ਮਾਇਆ ਦਾ ਮੋਹ-ਰੂਪ) ਜ਼ਹਰ ਖਾ ਕੇ ਆਤਮਕ ਮੌਤ ਸਹੇੜ ਲੈਂਦਾ ਹੈ। (ਗੰਦ ਦੇ ਕੀੜੇ ਵਾਂਗ) ਉਸ ਮਨੁੱਖ ਦਾ ਨਿਵਾਸ ਸਦਾ ਹਰ ਵੇਲੇ (ਵਿਕਾਰਾਂ ਦੇ) ਗੰਦ ਵਿਚ ਹੀ ਰਹਿੰਦਾ ਹੈ, ਪਰਮਾਤਮਾ ਦੀ ਸੇਵਾ-ਭਗਤੀ ਤੋਂ ਬਿਨਾ ਉਹ ਆਪਣਾ ਮਨੁੱਖਾ ਜਨਮ ਜ਼ਾਇਆ ਕਰ ਲੈਂਦਾ ਹੈ।6। (ਪਰ ਜੀਵਾਂ ਦੇ ਭੀ ਕੀਹ ਵੱਸ?) ਉਹੀ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਜਿਸ ਨੂੰ ਪਰਮਾਤਮਾ ਆਪ ਮਿਲਾਂਦਾ ਹੈ, ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜੀ ਰੱਖਦਾ ਹੈ। ਸਤਿਗੁਰੂ ਦੀ ਮਤਿ ਲੈ ਕੇ ਫਿਰ ਉਸ ਨੂੰ ਇਹ ਪ੍ਰਤੱਖ ਦਿੱਸਦਾ ਹੈ ਕਿ ਸਰਬ-ਵਿਆਪਕ ਪ੍ਰਭੂ ਹਰ ਥਾਂ ਆਪ ਹੀ ਮੌਜੂਦ ਹੈ।7। (ਹੇ ਭਾਈ!) ਮਾਇਆ ਦੇ ਪ੍ਰਭਾਵ ਤੋਂ ਉੱਚਾ ਰਹਿਣ ਵਾਲਾ ਪਰਮਾਤਮਾ ਹਰ ਥਾਂ ਆਪ ਹੀ ਆਪ ਮੌਜੂਦ ਹੈ। ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਇਸ ਨੂੰ ਨਾਸ ਕਰਦਾ ਹੈ। ਹੇ ਨਾਨਕ! ਤੂੰ ਉਸ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਸਾਂਭ ਰੱਖ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਟਿਕ ਕੇ ਉਸ ਸਦਾ-ਥਿਰ ਪ੍ਰਭੂ ਵਿਚ ਲੀਨ ਰਹੀਦਾ ਹੈ।8।16।17। ਮਾਝ ਮਹਲਾ ੩ ॥ ਸੇ ਸਚਿ ਲਾਗੇ ਜੋ ਤੁਧੁ ਭਾਏ ॥ ਸਦਾ ਸਚੁ ਸੇਵਹਿ ਸਹਜ ਸੁਭਾਏ ॥ ਸਚੈ ਸਬਦਿ ਸਚਾ ਸਾਲਾਹੀ ਸਚੈ ਮੇਲਿ ਮਿਲਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਚੁ ਸਾਲਾਹਣਿਆ ॥ ਸਚੁ ਧਿਆਇਨਿ ਸੇ ਸਚਿ ਰਾਤੇ ਸਚੇ ਸਚਿ ਸਮਾਵਣਿਆ ॥੧॥ ਰਹਾਉ ॥ ਜਹ ਦੇਖਾ ਸਚੁ ਸਭਨੀ ਥਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਤਨੁ ਸਚਾ ਰਸਨਾ ਸਚਿ ਰਾਤੀ ਸਚੁ ਸੁਣਿ ਆਖਿ ਵਖਾਨਣਿਆ ॥੨॥ ਮਨਸਾ ਮਾਰਿ ਸਚਿ ਸਮਾਣੀ ॥ ਇਨਿ ਮਨਿ ਡੀਠੀ ਸਭ ਆਵਣ ਜਾਣੀ ॥ ਸਤਿਗੁਰੁ ਸੇਵੇ ਸਦਾ ਮਨੁ ਨਿਹਚਲੁ ਨਿਜ ਘਰਿ ਵਾਸਾ ਪਾਵਣਿਆ ॥੩॥ ਗੁਰ ਕੈ ਸਬਦਿ ਰਿਦੈ ਦਿਖਾਇਆ ॥ ਮਾਇਆ ਮੋਹੁ ਸਬਦਿ ਜਲਾਇਆ ॥ ਸਚੋ ਸਚਾ ਵੇਖਿ ਸਾਲਾਹੀ ਗੁਰ ਸਬਦੀ ਸਚੁ ਪਾਵਣਿਆ ॥੪॥ ਜੋ ਸਚਿ ਰਾਤੇ ਤਿਨ ਸਚੀ ਲਿਵ ਲਾਗੀ ॥ ਹਰਿ ਨਾਮੁ ਸਮਾਲਹਿ ਸੇ ਵਡਭਾਗੀ ॥ ਸਚੈ ਸਬਦਿ ਆਪਿ ਮਿਲਾਏ ਸਤਸੰਗਤਿ ਸਚੁ ਗੁਣ ਗਾਵਣਿਆ ॥੫॥ ਲੇਖਾ ਪੜੀਐ ਜੇ ਲੇਖੇ ਵਿਚਿ ਹੋਵੈ ॥ ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥ ਅਨਦਿਨੁ ਸਚ ਸਬਦਿ ਸਾਲਾਹੀ ਹੋਰੁ ਕੋਇ ਨ ਕੀਮਤਿ ਪਾਵਣਿਆ ॥੬॥ ਪੜਿ ਪੜਿ ਥਾਕੇ ਸਾਂਤਿ ਨ ਆਈ ॥ ਤ੍ਰਿਸਨਾ ਜਾਲੇ ਸੁਧਿ ਨ ਕਾਈ ॥ ਬਿਖੁ ਬਿਹਾਝਹਿ ਬਿਖੁ ਮੋਹ ਪਿਆਸੇ ਕੂੜੁ ਬੋਲਿ ਬਿਖੁ ਖਾਵਣਿਆ ॥੭॥ ਗੁਰ ਪਰਸਾਦੀ ਏਕੋ ਜਾਣਾ ॥ ਦੂਜਾ ਮਾਰਿ ਮਨੁ ਸਚਿ ਸਮਾਣਾ ॥ ਨਾਨਕ ਏਕੋ ਨਾਮੁ ਵਰਤੈ ਮਨ ਅੰਤਰਿ ਗੁਰ ਪਰਸਾਦੀ ਪਾਵਣਿਆ ॥੮॥੧੭॥੧੮॥ {ਪੰਨਾ 119-120} ਪਦ ਅਰਥ: ਸਚਿ = ਸਦਾ-ਥਿਰ ਪ੍ਰਭੂ ਵਿਚ। ਤੁਧੁ = ਤੈਨੂੰ। ਭਾਏ = ਚੰਗੇ ਲੱਗੇ। ਸਚੁ = ਸਦਾ-ਥਿਰ ਪ੍ਰਭੂ। ਸਹਜ = ਆਤਮਕ ਅਡੋਲਤਾ। ਸੁਭਾਏ = ਸੁਭਾਇ, ਪ੍ਰੇਮ ਵਿਚ। ਸਹਜ ਸੁਭਾਏ = ਆਤਮਕ ਅਡੋਲਤਾ ਦੇ ਭਾਵ ਵਿਚ। ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ। ਸਾਲਾਹੀ = ਸਾਲਾਹੀਂ, ਮੈਂ ਸਿਫ਼ਤਿ-ਸਾਲਾਹ ਕਰਾਂ। ਸਚੈ ਮੇਲਿ = ਸਦਾ-ਥਿਰ ਪ੍ਰਭੂ ਦੇ ਮੇਲ ਵਿਚ, ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ।1। ਧਿਆਇਨਿ = ਧਿਆਨ ਧਰਦੇ ਹਨ। ਰਾਤੇ = ਮਸਤ। ਸਚੇ ਸਚਿ = ਸਦਾ-ਥਿਰ ਪ੍ਰਭੂ ਵਿਚ ਹੀ। ਰਹਾਉ। ਜਹ = ਜਿਥੇ। ਦੇਖਾ = ਦੇਖਾਂ, ਮੈਂ ਵੇਖਦਾ ਹਾਂ। ਮੰਨਿ = ਮਨ ਵਿਚ। ਵਸਾਈ = ਵਸਾਈ, ਮੈਂ ਵਸਾਂਦਾ ਹਾਂ। ਤਨੁ ਸਚਾ = ਅਡੋਲ ਸਰੀਰ, ਗਿਆਨ-ਇੰਦ੍ਰੇ ਵਿਕਾਰਾਂ ਵਲੋਂ ਅਡੋਲ। ਰਸਨਾ = ਜੀਭ।2। ਮਨਸਾ = {mnI = w} ਕਾਮਨਾ। ਮਾਰਿ = (ਮਨੁ) ਮਾਰਿ, (ਮਨ ਨੂੰ) ਮਾਰ ਕੇ। ਇਨਿ = ਇਸ ਨੇ। ਮਨਿ = ਮਨ ਨੇ। ਇਨਿ ਮਨਿ = ਇਸ ਮਨ ਨੇ। ਘਰਿ = ਘਰ ਵਿਚ।3। ਗੁਰ ਕੈ ਸਬਦਿ = ਗੁਰੂ ਦੇ ਸ਼ਬਦ ਨੇ। ਰਿਦੈ = ਹਿਰਦੇ ਵਿਚ। ਸਬਦਿ = ਸ਼ਬਦ ਦੀ ਰਾਹੀਂ। ਵੇਖਿ = ਵੇਖ ਕੇ। ਸਾਲਾਹੀ = ਮੈਂ ਸਲਾਹੁੰਦਾ ਹਾਂ।4। ਲਿਵ = ਲਗਨ। ਸਮਾਲਹਿ = ਹਿਰਦੇ ਵਿਚ ਸਾਂਭਦੇ ਹਨ।5। ਲੇਖਾ = ਪਰਮਾਤਮਾ ਦੇ ਗੁਣਾਂ ਦੀ ਹਸਤੀ ਦਾ ਅੰਤ ਲੱਭਣ ਵਾਲਾ ਹਿਸਾਬ। ਅਗਮੁ = ਅਪਹੁੰਚ। ਅਗੋਚਰੁ = {ਅ-ਗੋ-ਚਰੁ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਾਹ ਹੋ ਸਕੇ। ਸੁਧਿ = ਸਮਝ। ਅਨਦਿਨੁ = ਹਰ ਰੋਜ਼। ਸਚ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ। ਸਾਂਤਿ = ਆਤਮਕ ਅਡੋਲਤਾ। ਜਾਲੇ = ਸਾੜੇ। ਬਿਖੁ = ਜ਼ਹਰ। ਬਿਹਾਝਹਿ = ਖ਼ਰੀਦਦੇ ਹਨ। ਬੋਲਿ = ਬੋਲ ਕੇ।7। ਏਕੋ = ਇਕ ਪਰਮਾਤਮਾ ਨੂੰ ਹੀ।8। ਅਰਥ: (ਹੇ ਪ੍ਰਭੂ!) ਜੇਹੜੇ ਬੰਦੇ ਤੈਨੂੰ ਚੰਗੇ ਲੱਗਦੇ ਹਨ ਉਹ (ਤੇਰੇ) ਸਦਾ-ਥਿਰ ਨਾਮ ਵਿਚ ਜੁੜੇ ਰਹਿੰਦੇ ਹਨ। ਉਹ ਆਤਮਕ ਅਡੋਲਤਾ ਦੇ ਭਾਵ ਵਿਚ (ਟਿਕ ਕੇ) ਸਦਾ (ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਨੂੰ ਸਿਮਰਦੇ ਹਨ। (ਹੇ ਭਾਈ! ਜੇ ਪ੍ਰਭੂ ਦੀ ਮਿਹਰ ਹੋਵੇ ਤਾਂ) ਮੈਂ ਭੀ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਾਂ। (ਜੇਹੜੇ ਸਿਫ਼ਤਿ-ਸਾਲਾਹ ਕਰਦੇ ਹਨ) ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ।1। ਮੈਂ ਉਹਨਾਂ ਤੋਂ ਸਦਕੇ ਹਾਂ ਕੁਰਬਾਨ ਹਾਂ, ਜੋ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦਾ ਧਿਆਨ ਧਰਦੇ ਹਨ, ਉਹ ਉਸ ਸਦਾ-ਥਿਰ ਵਿਚ ਰੰਗੇ ਰਹਿੰਦੇ ਹਨ ਉਹ ਸਦਾ ਹੀ ਸਦਾ-ਥਿਰ ਵਿਚ ਲੀਨ ਰਹਿੰਦੇ ਹਨ।1। ਰਹਾਉ। (ਹੇ ਭਾਈ!) ਮੈਂ ਜਿਧਰ ਵੇਖਦਾ ਹਾਂ, ਸਦਾ-ਥਿਰ ਪਰਮਾਤਮਾ ਸਭ ਥਾਈਂ ਵੱਸਦਾ ਹੈ। ਗੁਰੂ ਦੀ ਕਿਰਪਾ ਨਾਲ ਹੀ ਉਸ ਨੂੰ ਮੈਂ ਆਪਣੇ ਮਨ ਵਿਚ ਵਸਾ ਸਕਦਾ ਹਾਂ। ਜੇਹੜੇ ਮਨੁੱਖ ਉਸ ਸਦਾ-ਥਿਰ ਪ੍ਰਭੂ ਦਾ ਨਾਮ ਸੁਣ ਕੇ ਉਚਾਰ ਕੇ ਉਸ ਦੇ ਗੁਣ ਕਥਨ ਕਰਦੇ ਹਨ, ਉਹਨਾਂ ਦੀ ਜੀਭ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੇ ਨਾਮ-ਰੰਗ) ਵਿਚ ਰੰਗੀ ਜਾਂਦੀ ਹੈ, ਉਹਨਾਂ ਦੇ ਗਿਆਨ-ਇੰਦ੍ਰੇ ਅਡੋਲ ਹੋ ਜਾਂਦੇ ਹਨ।2। (ਮਨ ਨੂੰ) ਮਾਰ ਕੇ ਜਿਸ ਮਨੁੱਖ ਦੀ ਵਾਸਨਾ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਗਈ ਹੈ, ਉਸ ਨੇ ਇਸ (ਟਿਕੇ ਹੋਏ) ਮਨ ਦੀ ਰਾਹੀਂ ਇਹ ਸਾਰੀ ਜਨਮ ਮਰਨ ਦੇ ਗੇੜ ਦੀ ਖੇਡ ਵੇਖ ਲਈ ਹੈ (ਸਮਝ ਲਈ ਹੈ) । ਉਹ ਮਨੁੱਖ ਗੁਰੂ ਦਾ ਆਸਰਾ ਲੈਂਦਾ ਹੈ, ਉਸ ਦਾ ਮਨ ਸਦਾ ਵਾਸਤੇ (ਮਾਇਆ ਦੇ ਹੱਲਿਆਂ ਵਲੋਂ) ਅਡੋਲ ਹੋ ਜਾਂਦਾ ਹੈ, ਉਹ ਆਪਣੇ ਅਸਲ ਘਰ ਵਿਚ (ਪ੍ਰਭੂ-ਚਰਨਾਂ ਵਿਚ) ਟਿਕਾਣਾ ਹਾਸਲ ਕਰ ਲੈਂਦਾ ਹੈ।3। (ਹੇ ਭਾਈ!) ਗੁਰੂ ਦੇ ਸ਼ਬਦ ਨੇ (ਮੈਨੂੰ ਪਰਮਾਤਮਾ ਮੇਰੇ) ਹਿਰਦੇ ਵਿਚ (ਵੱਸਦਾ) ਵਿਖਾ ਦਿੱਤਾ ਹੈ, ਸ਼ਬਦ ਨੇ (ਮੇਰੇ ਅੰਦਰੋਂ) ਮਾਇਆ ਦਾ ਮੋਹ ਸਾੜ ਦਿੱਤਾ ਹੈ। (ਹੁਣ) ਮੈਂ (ਹਰ ਥਾਂ) ਉਸ ਸਦਾ-ਥਿਰ ਪ੍ਰਭੂ ਨੂੰ ਹੀ ਵੇਖ ਕੇ (ਉਸ ਦੀ) ਸਿਫ਼ਤਿ-ਸਾਲਾਹ ਕਰਦਾ ਹਾਂ। (ਹੇ ਭਾਈ!) ਗੁਰੂ ਦੇ ਸ਼ਬਦ ਵਿਚ (ਜੁੜਨ ਵਾਲੇ ਮਨੁੱਖ) ਸਦਾ-ਥਿਰ ਪ੍ਰਭੂ ਦਾ ਮਿਲਾਪ ਹਾਸਲ ਕਰ ਲੈਂਦੇ ਹਨ।4। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ (ਦੇ ਨਾਮ-ਰੰਗ) ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਅੰਦਰ (ਪ੍ਰਭੂ ਦੇ ਚਰਨਾਂ ਵਾਸਤੇ) ਸਦਾ ਕਾਇਮ ਰਹਿਣ ਵਾਲੀ ਲਗਨ ਪੈਦਾ ਹੋ ਜਾਂਦੀ ਹੈ। ਉਹ ਵੱਡੇ ਭਾਗਾਂ ਵਾਲੇ ਮਨੁੱਖ ਪ੍ਰਭੂ ਦੇ ਨਾਮ ਨੂੰ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖਦੇ ਹਨ। ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਆਪ ਹੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੋੜਦਾ ਹੈ, ਉਹ ਸਾਧ ਸੰਗਤਿ ਵਿਚ ਰਹਿ ਕੇ ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ ਉਸ ਦੇ ਗੁਣ ਗਾਂਦੇ ਹਨ।5। (ਹੇ ਭਾਈ!) ਉਸ ਪਰਮਾਤਮਾ ਦੀ ਕੁਦਰਤਿ ਦਾ ਉਸ ਦੀ ਹਸਤੀ ਦਾ ਉਸ ਦੇ ਗੁਣਾਂ ਦਾ ਪੂਰਾ ਗਿਆਨ ਪ੍ਰਾਪਤ ਕਰਨ ਦਾ ਜਤਨ ਵਿਅਰਥ ਹੈ, ਉਸ ਦਾ ਸਰੂਪ ਲੇਖਿਆਂ ਤੋਂ ਬਾਹਰ ਹੈ। ਉਹ ਅਪਹੁੰਚ ਹੈ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਪਰ (ਪਰਮਾਤਮਾ ਦੀ ਇਸ ਅਗਾਧਤਾ ਦੀ) ਸਮਝ ਗੁਰੂ ਦੇ ਸ਼ਬਦ ਦੀ ਰਾਹੀਂ ਹੁੰਦੀ ਹੈ। ਮੈਂ ਤਾਂ ਹਰ ਵੇਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਹੀ ਕਰਦਾ ਹਾਂ। ਕੋਈ ਭੀ ਹੋਰ ਐਸਾ ਨਹੀਂ ਜਿਸ ਨੂੰ ਉਸ ਪਰਮਾਤਮਾ ਦੇ ਬਰਾਬਰ ਦਾ ਕਿਹਾ ਜਾ ਸਕੇ।6। (ਪਰਮਾਤਮਾ ਦਾ ਅੰਤ ਪਾਣ ਵਾਸਤੇ ਅਨੇਕਾਂ ਪੁਸਤਕਾਂ) ਪੜ੍ਹ ਪੜ੍ਹ ਕੇ (ਵਿਦਵਾਨ ਲੋਕ) ਥੱਕ ਗਏ, (ਪ੍ਰਭੂ ਦਾ ਸਰੂਪ ਭੀ ਨਾਹ ਸਮਝ ਸਕੇ, ਤੇ) ਆਤਮਕ ਅਡੋਲਤਾ (ਭੀ) ਪ੍ਰਾਪਤ ਨਾਹ ਹੋਈ, ਸਗੋਂ (ਮਾਇਆ ਦੀ) ਤ੍ਰਿਸ਼ਨਾ (ਦੀ ਅੱਗ) ਵਿਚ ਹੀ ਸੜਦੇ ਰਹੇ। ਆਤਮਕ ਮੌਤ ਲਿਆਉਣ ਵਾਲੀ ਉਹ ਮਾਇਆ-ਜ਼ਹਰ ਹੀ ਇੱਕਠੀ ਕਰਦੇ ਰਹਿੰਦੇ ਹਨ, ਇਸ ਮਾਇਆ-ਜ਼ਹਰ ਦੇ ਮੋਹ ਦੀ ਹੀ ਉਹਨਾਂ ਨੂੰ ਤ੍ਰੇਹ ਲੱਗੀ ਰਹਿੰਦੀ ਹੈ, ਝੂਠ ਬੋਲ ਕੇ ਉਹ ਇਸ ਜ਼ਹਰ ਨੂੰ ਹੀ ਆਪਣੀ (ਆਤਮਕ ਖ਼ੁਰਾਕ) ਬਣਾਈ ਰੱਖਦੇ ਹਨ।7। ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਸਿਰਫ਼ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ, ਪ੍ਰਭੂ ਤੋਂ ਬਿਨਾ ਹੋਰ ਪਿਆਰ ਨੂੰ ਮਾਰ ਕੇ ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਹੋ ਗਿਆ। ਜਿਨ੍ਹਾਂ ਦੇ ਮਨ ਵਿਚ ਸਿਰਫ਼ ਪਰਮਾਤਮਾ ਦਾ ਨਾਮ ਹੀ ਵੱਸਦਾ ਹੈ, ਉਹ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦੇ ਚਰਨਾਂ ਵਿਚ) ਮਿਲਾਪ ਹਾਸਲ ਕਰ ਲੈਂਦੇ ਹਨ।8।17।18। |
Sri Guru Granth Darpan, by Professor Sahib Singh |