ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 135

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥ {ਪੰਨਾ 135}

ਪਦ ਅਰਥ: ਅਸੁਨਿ = ਅੱਸੂ ਵਿਚ। ਉਮਾਹੜਾ = ਉਛਾਲਾ। ਜਾਇ = ਜਾ ਕੇ। ਕਿਉਂ = ਕਿਵੇਂ? ਕਿਸੇ ਨ ਕਿਸੇ ਤਰ੍ਹਾਂ। ਮਨਿ = ਮਨ ਵਿਚ। ਤਨਿ = ਸਰੀਰ ਵਿਚ। ਘਣੀ = ਬਹੁਤ। ਆਣਿ = ਲਿਆ ਕੇ। ਮਾਇ = ਹੇ ਮਾਂ! ਹਉ = ਮੈਂ! ਤਿਨ ਕੈ ਪਾਇ = ਉਹਨਾਂ ਦੀ ਚਰਨੀਂ। ਜਾਇ = ਥਾਂ। ਰਸੁ = ਸੁਆਦ, ਆਨੰਦ। ਰਹੇ ਆਘਾਇ = ਰੱਜ ਗਏ, ਤ੍ਰਿਸ਼ਨਾ ਪੋਹ ਨਹੀਂ ਸਕਦੀ। ਆਪੁ = ਆਪਾ-ਭਾਵ। ਲੜਿ = ਲੜ ਵਿਚ, ਪੱਲੇ। ਕੰਤਿ = ਕੰਤ ਨੇ। ਕਤਹਿ = ਕਿਸੇ ਹੋਰ ਥਾਂ। ਮਇਆ = ਮਿਹਰ।

ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ।

ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ– ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ।

ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।

ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8।

ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ {ਪੰਨਾ 135}

ਪਦ ਅਰਥ: ਕਤਿਕਿ = ਕੱਤਕ (ਦੀ ਠੰਡੀ ਬਹਾਰ) ਵਿਚ। ਕਾਹੂ ਜੋਗੁ = ਕਿਸੇ ਦੇ ਜ਼ਿੰਮੇ, ਕਿਸੇ ਦੇ ਮੱਥੇ। ਵਿਆਪਨਿ = ਜ਼ੋਰ ਪਾ ਲੈਂਦੇ ਹਨ। ਰਾਮ ਤੇ = ਰੱਬ ਤੋਂ। ਲਗਨਿ = ਲੱਗ ਜਾਂਦੇ ਹਨ। ਜਨਮ ਵਿਜੋਗ = ਜਨਮਾਂ ਦੇ ਵਿਛੋੜੇ, ਲੰਮੇ ਵਿਛੋੜੇ। ਮਾਇਆ ਭੋਗ = ਮਾਇਆ ਦੀਆਂ ਮੌਜਾਂ, ਦੁਨੀਆ ਦੇ ਐਸ਼। ਵਿਚੁ = ਵਿਚੋਲਾ ਪਨ। ਕਿਸ ਥੈ = (ਹੋਰ) ਕਿਸ ਕੋਲ? ਰੋਜ = ਨਿਤ, ਹਰ ਰੋਜ਼। ਕੀਤਾ = ਆਪਣਾ ਕੀਤਾ। ਧੁਰਿ = ਧੁਰ ਤੋਂ, ਪ੍ਰਭੂ ਦੀ ਹਜ਼ੂਰੀ ਤੋਂ। ਸਭਿ = ਸਾਰੇ। ਬਿਓਗ = ਵਿਛੋੜੇ ਦੇ ਦੁੱਖ। ਕਉ = ਨੂੰ। ਪ੍ਰਭੂ = ਹੇ ਪ੍ਰਭੂ! ਬੰਦੀ ਮੋਚ = ਹੇ ਕੈਦ ਤੋਂ ਛੁਡਾਣ ਵਾਲੇ! ਬਿਨਸਹਿ = ਨਾਸ ਹੋ ਜਾਂਦੇ ਹਨ। ਸੋਚ = ਫ਼ਿਕਰ।

ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ।

(ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ।

ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ {ਪੰਨਾ 135}

ਪਦ ਅਰਥ: ਮੰਘਿਰਿ = ਮੰਘਰ ਵਿਚ। ਮਾਹਿ = ਮਹੀਨੇ ਵਿਚ। ਪਿਰ ਸੰਗਿ = ਪਤੀ ਦੇ ਨਾਲ। ਕਿਆ ਗਣੀ = ਮੈਂ ਕੀਹ ਦੱਸਾਂ? ਬਿਆਨ ਨਹੀਂ ਹੋ ਸਕਦੀ। ਜਿ = ਜਿਨ੍ਹਾਂ ਨੂੰ। ਸਾਹਿਬਿ = ਸਾਹਿਬ ਨੇ। ਰਾਮ ਸਿਉ = ਪਰਮਾਤਮਾ ਨਾਲ। ਸਾਧ ਸਹੇਲੜੀਆਹ ਸੰਗਿ = ਸਤ ਸੰਗੀਆਂ ਨਾਲ। ਬਾਹਰੀ = ਬਿਨਾ। ਤੇ = ਤੋਂ। ਦਿਸਹਿ = ਦਿੱਸਦੀਆਂ ਹਨ। ਖੜੀਆਹ = ਸਾਵਧਾਨ, ਸੁਚੇਤ। ਕੰਠਿ = ਗਲ ਵਿਚ (ਭਾਵ, ਹਿਰਦੇ ਵਿਚ) । ਬਾਂਛੈ = ਮੰਗਦਾ ਹੈ। ਦਰਿ = ਦਰ ਉਤੇ। ਬਹੁੜਿ = ਮੁੜ, ਫਿਰ।

ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ।

ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ।

ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ।

ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ।10।

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ {ਪੰਨਾ 135}

ਪਦ ਅਰਥ: ਪੋਖਿ = ਪੋਹ ਮਹੀਨੇ ਵਿਚ। ਤੁਖਾਰੁ = ਕੱਕਰ, ਕੋਰਾ। ਨ ਵਿਆਪਈ = ਜ਼ੋਰ ਨਹੀਂ ਪਾਂਦਾ। ਕੰਠਿ = ਗਲ ਵਿਚ, ਗਲ ਨਾਲ (ਹਿਰਦੇ ਵਿਚ) । ਨਾਹੁ = ਨਾਥ, ਖਸਮ, ਪਤੀ। ਬੇਧਿਆ = ਵਿੰਨ੍ਹਿਆ ਜਾਂਦਾ ਹੈ। ਚਰਨਾਰਬਿੰਦ = ਚਰਨ-ਅਰਬਿੰਦ, ਚਰਨ ਕਮਲ। ਦਰਸਨਿ = ਦੀਦਾਰ ਵਿਚ। ਸਾਹੁ = ਇਕ ਇਕ ਸਾਹ, ਬ੍ਰਿਤੀ। ਲਾਹੁ = ਲਾਭ। ਬਿਖਿਆ = ਮਾਇਆ। ਸਾਧੂ = ਗੁਰੂ। ਗੁਣ ਗਾਹੁ = ਗੁਣਾਂ ਦੀ ਵਿਚਾਰ, ਗੁਣਾਂ ਵਿਚ ਚੁੱਭੀ। ਜਹ ਤੇ = ਜਿਸ ਪ੍ਰਭੂ ਤੋਂ। ਸਮਾਹੁ = ਲਿਵ। ਕਰੁ = ਹੱਥ। ਗਹਿ = ਫੜ ਕੇ। ਪਾਰਬ੍ਰਹਮਿ = ਪਾਰਬ੍ਰਹਮ ਨੇ। ਬਾਰਿ ਜਾਉ = ਮੈਂ ਵਾਰਨੇ ਜਾਂਦੀ ਹਾਂ। ਬੇਰੀਆ = ਵਾਰੀ। ਅਗਮ = ਅਪਹੁੰਚ। ਅਗਾਹੁ = ਅਗਾਧ, ਡੂੰਘੇ ਜਿਗਰੇ ਵਾਲਾ। ਸਰਮ = ਲਾਜ। ਸਰਮ ਪਈ = ਇੱਜ਼ਤ ਰੱਖਣੀ ਪਈ। ਦਰਿ = ਦਰ ਉਤੇ। ਸੋੁਹੰਦਾ = {ਅਸਲ ਲਫ਼ਜ਼ 'ਸੋਹੰਦਾ' ਹੈ, ਪਾਠ 'ਸੁਹੰਦਾ' ਕਰਨਾ ਹੈ। ਅੱਖਰ 'ਸ' ਦੇ ਨਾਲ ੋ ਅਤੇ ੁ ਦੋਵੇ ਲਗਾਂ ਵਰਤੀਆਂ ਹਨ} ਸੋਹਣਾ ਲੱਗਦਾ ਹੈ।

ਅਰਥ: ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ।

ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ। (ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ। ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ।

ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ।11।

TOP OF PAGE

Sri Guru Granth Darpan, by Professor Sahib Singh