ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 140

ਸਲੋਕੁ ਮਃ ੧ ॥ ਕੂੜੁ ਬੋਲਿ ਮੁਰਦਾਰੁ ਖਾਇ ॥ ਅਵਰੀ ਨੋ ਸਮਝਾਵਣਿ ਜਾਇ ॥ ਮੁਠਾ ਆਪਿ ਮੁਹਾਏ ਸਾਥੈ ॥ ਨਾਨਕ ਐਸਾ ਆਗੂ ਜਾਪੈ ॥੧॥ {ਪੰਨਾ 140}

ਪਦ ਅਰਥ: ਮੁਰਦਾਰੁ = ਹਰਾਮ, ਪਰਾਇਆ ਹੱਕ। ਮੁਠਾ = ਠੱਗਿਆ। ਮੁਹਾਏ = ਲੁਟਾਂਦਾ ਹੈ, ਠਗਾਂਦਾ ਹੈ। ਸਾਥੈ = ਸਾਥ ਨੂੰ। ਜਾਪੈ = ਜਾਪਦਾ ਹੈ,। ਉੱਘੜਦਾ ਹੈ।

ਅਰਥ: (ਜੋ ਮਨੁੱਖ) ਝੂਠ ਬੋਲ ਕੇ (ਆਪ ਤਾਂ) ਦੂਜਿਆਂ ਦਾ ਹੱਕ ਖਾਂਦਾ ਹੈ ਤੇ ਹੋਰਨਾਂ ਨੂੰ ਸਿੱਖਿਆ ਦੇਣ ਜਾਂਦਾ ਹੈ (ਕਿ ਝੂਠ ਨਾਹ ਬੋਲੋ) , ਹੇ ਨਾਨਕ! ਅਜੇਹਾ ਆਗੂ (ਅੰਤ ਇਉਂ) ਉੱਘੜਦਾ ਹੈ ਕਿ ਆਪ ਤਾਂ ਠੱਗਿਆ ਜਾ ਹੀ ਰਿਹਾ ਹੈ, ਆਪਣੇ ਸਾਥ ਨੂੰ ਭੀ ਲੁਟਾਂਦਾ ਹੈ।1।

ਮਹਲਾ ੪ ॥ ਜਿਸ ਦੈ ਅੰਦਰਿ ਸਚੁ ਹੈ ਸੋ ਸਚਾ ਨਾਮੁ ਮੁਖਿ ਸਚੁ ਅਲਾਏ ॥ ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ ਮਾਰਗਿ ਪਾਏ ॥ ਜੇ ਅਗੈ ਤੀਰਥੁ ਹੋਇ ਤਾ ਮਲੁ ਲਹੈ ਛਪੜਿ ਨਾਤੈ ਸਗਵੀ ਮਲੁ ਲਾਏ ॥ ਤੀਰਥੁ ਪੂਰਾ ਸਤਿਗੁਰੂ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਏ ॥ ਓਹੁ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸਟਿ ਛਡਾਏ ॥ ਜਨ ਨਾਨਕ ਤਿਸੁ ਬਲਿਹਾਰਣੈ ਜੋ ਆਪਿ ਜਪੈ ਅਵਰਾ ਨਾਮੁ ਜਪਾਏ ॥੨॥ {ਪੰਨਾ 140}

ਪਦ ਅਰਥ: ਮੁਖਿ = ਮੂੰਹੋਂ। ਅਲਾਏ = ਬੋਲਦਾ ਹੈ। ਮਾਰਗਿ = ਰਸਤੇ ਉੱਤੇ। ਤੀਰਥੁ = ਖੁਲ੍ਹੇ ਸਾਫ਼ ਪਾਣੀ ਦਾ ਸੋਮਾ, ਦਰਿਆ ਦਾ ਸਾਫ਼ ਖੁਲ੍ਹਾ ਪਾਣੀ। ਛਪੜਿ = ਛੱਪੜ ਵਿਚ। ਸਗਵੀ = ਸਗੋਂ ਹੋਰ। ਅਨਦਿਨੁ = ਹਰ ਰੋਜ਼, ਹਰ ਵੇਲੇ।

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਵੱਸਦਾ ਹੈ, ਮੂੰਹੋਂ (ਭੀ) ਸਦਾ-ਥਿਰ ਰਹਿਣ ਵਾਲਾ ਸੱਚਾ ਨਾਮ ਹੀ ਬੋਲਦਾ ਹੈ, ਉਹ ਆਪ ਪਰਮਾਤਮਾ ਦੇ ਰਾਹ ਤੇ ਤੁਰਦਾ ਹੈ ਤੇ ਹੋਰਨਾਂ ਨੂੰ ਭੀ ਤੇ ਦੇ ਰਾਹ ਪ੍ਰਭੂ ਤੋਰਦਾ ਹੈ।

(ਜਿੱਥੇ ਨ੍ਹਾਉਣ ਜਾਈਏ) ਜੇ ਉੱਥੇ ਖੁਲ੍ਹੇ ਸਾਫ਼ ਪਾਣੀ ਦਾ ਸੋਮਾ ਹੋਵੇ ਤਾਂ (ਨ੍ਹਾਉਣ ਵਾਲੇ ਦੀ) ਮੈਲ ਲਹਿ ਜਾਂਦੀ ਹੈ, ਪਰ ਛੱਪੜ ਵਿਚ ਨ੍ਹਾਤਿਆਂ ਸਗੋਂ ਹੋਰ ਮੈਲ ਵਧਦੀ ਹੈ। (ਇਹੀ ਨੇਮ ਸਮਝੋ ਮਨ ਦੀ ਮੈਲ ਧੋਣ ਲਈ) , ਪੂਰਾ ਗੁਰੂ ਜੋ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦਾ ਹੈ (ਮਾਨੋ) ਖੁਲ੍ਹੇ ਸਾਫ਼ ਪਾਣੀ ਦਾ ਸੋਮਾ ਹੈ, ਉਹ ਆਪ ਆਪਣੇ ਪਰਵਾਰ ਸਮੇਤ ਵਿਕਾਰਾਂ ਤੋਂ ਬਚਿਆ ਹੋਇਆ ਹੈ, ਪਰਮਾਤਮਾ ਦਾ ਨਾਮ ਦੇ ਕੇ ਉਹ ਸਾਰੀ ਸ੍ਰਿਸ਼ਟੀ ਨੂੰ ਵੀ ਬਚਾਂਦਾ ਹੈ।

ਹੇ ਦਾਸ ਨਾਨਕ! (ਆਖ– ਮੈਂ) ਉਸ ਤੋਂ ਸਦਕੇ ਹਾਂ, ਜੋ ਆਪ (ਪ੍ਰਭੂ ਦਾ) ਨਾਮ ਜਪਦਾ ਹੈ ਤੇ ਹੋਰਨਾਂ ਨੂੰ ਜਪਾਂਦਾ ਹੈ।2।

ਪਉੜੀ ॥ ਇਕਿ ਕੰਦ ਮੂਲੁ ਚੁਣਿ ਖਾਹਿ ਵਣ ਖੰਡਿ ਵਾਸਾ ॥ ਇਕਿ ਭਗਵਾ ਵੇਸੁ ਕਰਿ ਫਿਰਹਿ ਜੋਗੀ ਸੰਨਿਆਸਾ ॥ ਅੰਦਰਿ ਤ੍ਰਿਸਨਾ ਬਹੁਤੁ ਛਾਦਨ ਭੋਜਨ ਕੀ ਆਸਾ ॥ ਬਿਰਥਾ ਜਨਮੁ ਗਵਾਇ ਨ ਗਿਰਹੀ ਨ ਉਦਾਸਾ ॥ ਜਮਕਾਲੁ ਸਿਰਹੁ ਨ ਉਤਰੈ ਤ੍ਰਿਬਿਧਿ ਮਨਸਾ ॥ ਗੁਰਮਤੀ ਕਾਲੁ ਨ ਆਵੈ ਨੇੜੈ ਜਾ ਹੋਵੈ ਦਾਸਨਿ ਦਾਸਾ ॥ ਸਚਾ ਸਬਦੁ ਸਚੁ ਮਨਿ ਘਰ ਹੀ ਮਾਹਿ ਉਦਾਸਾ ॥ ਨਾਨਕ ਸਤਿਗੁਰੁ ਸੇਵਨਿ ਆਪਣਾ ਸੇ ਆਸਾ ਤੇ ਨਿਰਾਸਾ ॥੫॥ {ਪੰਨਾ 140}

ਪਦ ਅਰਥ: ਕੰਦ = ਗਾਜਰ ਮੂਲੀ ਗੋਂਗਲੂ ਆਦਿਕ ਸਬਜ਼ੀ ਜੋ ਜ਼ਮੀਨ ਦੇ ਅੰਦਰ ਪੈਦਾ ਹੁੰਦੀ ਹੈ। ਕੰਦ ਮੂਲੁ = ਮੂਲੀ। ਵਣ = ਜੰਗਲ। ਵਣਖੰਡਿ = ਜੰਗਲ ਦੇ ਗੋਸ਼ੇ ਵਿਚ। ਛਾਦਨ = ਕੱਪੜਾ। ਆਸਾ = ਲਾਲਸਾ। ਗਿਰਹੀ = ਗ੍ਰਿਹਸਤੀ। ਤ੍ਰਿਬਿਧਿ = ਤਿੰਨ ਕਿਸਮ ਦੀ, ਤ੍ਰਿਗੁਣੀ। ਮਨਸਾ = ਵਾਸਨਾ।

ਅਰਥ: ਕਈ ਬੰਦੇ ਮੂਲੀ ਆਦਿਕ ਪੁਟ ਕੇ ਖਾਂਦੇ ਹਨ (ਮੂਲੀ ਆਦਿਕ ਖਾ ਕੇ ਗੁਜ਼ਾਰਾ ਕਰਦੇ ਹਨ) ਤੇ ਜੰਗਲ ਦੇ ਗੋਸ਼ੇ ਵਿਚ ਜਾ ਰਹਿੰਦੇ ਹਨ। ਕਈ ਲੋਕ ਭਗਵੇ ਕੱਪੜੇ ਪਾ ਕੇ ਜੋਗੀ ਤੇ ਸੰਨਿਆਸੀ ਬਣ ਕੇ ਫਿਰਦੇ ਹਨ (ਪਰ ਉਹਨਾਂ ਦੇ) ਮਨ ਵਿਚ ਬਹੁਤ ਲਾਲਚ ਹੁੰਦਾ ਹੈ, ਕੱਪੜੇ ਤੇ ਭੋਜਨ ਦੀ ਲਾਲਸਾ ਟਿਕੀ ਰਹਿੰਦੀ ਹੈ (ਇਸ ਤਰ੍ਹਾਂ) ਅਜਾਈਂ ਮਨੁੱਖਾ ਜਨਮ ਗਵਾ ਕੇ ਨਾਹ ਉਹ ਗ੍ਰਿਹਸਤੀ ਰਹਿੰਦੇ ਹਨ ਤੇ ਨਾਹ ਹੀ ਫ਼ਕੀਰ। (ਉਹਨਾਂ ਦੇ ਅੰਦਰ) ਤ੍ਰਿਗੁਣੀ (ਮਾਇਆ ਦੀ) ਲਾਲਸਾ ਹੋਣ ਦੇ ਕਾਰਨ ਆਤਮਕ ਮੌਤ ਉਹਨਾਂ ਦੇ ਸਿਰ ਤੋਂ ਟਲਦੀ ਨਹੀਂ ਹੈ।

ਜਦੋਂ ਮਨੁੱਖ (ਪ੍ਰਭੂ ਦੇ) ਸੇਵਕਾਂ ਦਾ ਸੇਵਕ ਬਣ ਜਾਂਦਾ ਹੈ, ਤਾਂ ਸਤਿਗੁਰੂ ਦੀ ਸਿੱਖਿਆ ਤੇ ਤੁਰ ਕੇ ਆਤਮਕ ਮੌਤ ਉਸਦੇ ਨੇੜੇ ਨਹੀਂ ਆਉਂਦੀ। ਗੁਰੂ ਦਾ ਸੱਚਾ ਸਬਦ ਤੇ ਪ੍ਰਭੂ (ਉਸ ਦੇ) ਮਨ ਵਿਚ ਹੋਣ ਕਰਕੇ ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਹੀ ਤਿਆਗੀ ਹੈ।

ਹੇ ਨਾਨਕ! ਜੋ ਮਨੁੱਖ ਆਪਣੇ ਗੁਰੂ ਦੇ ਹੁਕਮ ਵਿਚ ਤੁਰਦੇ ਹਨ, ਉਹ (ਦੁਨੀਆ ਦੀਆਂ) ਲਾਲਸਾ ਤੋਂ ਉਪਰਾਮ ਹੋ ਜਾਂਦੇ ਹਨ।5।

ਸਲੋਕੁ ਮਃ ੧ ॥ ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥ ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥ ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ ॥ ਅਵਰਿ ਦਿਵਾਜੇ ਦੁਨੀ ਕੇ ਝੂਠੇ ਅਮਲ ਕਰੇਹੁ ॥੧॥ {ਪੰਨਾ 140}

ਪਦ ਅਰਥ: ਜਾਮਾ = ਕੱਪੜਾ। ਰਤੁ = ਲਹੂ। ਮਾਣਸਾ = ਮਨੁੱਖਾਂ ਦਾ। ਦਿਲਿ ਹਛੇ = ਸਾਫ਼ ਦਿਲ ਨਾਲ। ਮੁਖਿ = ਮੂੰਹੋਂ ਦਿਵਾਜੇ = ਦਿਖਾਵੇ।

ਅਰਥ: ਜੇ ਜਾਮੇ ਨੂੰ ਲਹੂ ਲੱਗ ਜਾਵੇ, ਤਾਂ ਜਾਮਾ ਪਲੀਤ ਹੋ ਜਾਂਦਾ ਹੈ (ਤੇ ਨਮਾਜ਼ ਨਹੀਂ ਹੋ ਸਕਦੀ) , (ਪਰ) ਜੋ ਬੰਦੇ ਮਨੁੱਖਾਂ ਦਾ ਲਹੂ ਪੀਂਦੇ ਹਨ (ਭਾਵ, ਧੱਕਾ ਕਰ ਕੇ ਹਰਾਮ ਦੀ ਕਮਾਈ ਖਾਂਦੇ ਹਨ) ਉਹਨਾਂ ਦਾ ਮਨ ਕਿਵੇਂ ਪਾਕ (ਸਾਫ਼) ਰਹਿ ਸਕਦਾ ਹੈ (ਤੇ ਪਲੀਤ ਮਨ ਨਾਲ ਨਮਾਜ਼ ਪੜ੍ਹੀ ਕਿਵੇਂ ਕਬੂਲ ਹੈ) ?

ਹੇ ਨਾਨਕ! ਰੱਬ ਦਾ ਨਾਮ ਮੂੰਹੋਂ ਸਾਫ਼ ਦਿਲ ਨਾਲ ਲੈ, (ਇਸ ਤੋਂ ਬਿਨਾ) ਹੋਰ ਕੰਮ ਦੁਨੀਆ ਵਾਲੇ ਵਿਖਾਵੇ ਹਨ। ਇਹ ਤਾਂ ਤੁਸੀ ਕੂੜੇ ਕੰਮ ਹੀ ਕਰਦੇ ਹੋ।1।

ਮਃ ੧ ॥ ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ ਹੋਵਾ ॥ ਕੀਤਾ ਕਰਣਾ ਕਹਿਆ ਕਥਨਾ ਭਰਿਆ ਭਰਿ ਭਰਿ ਧੋਵਾਂ ॥ ਆਪਿ ਨ ਬੁਝਾ ਲੋਕ ਬੁਝਾਈ ਐਸਾ ਆਗੂ ਹੋਵਾਂ ॥ ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥ ਅਗੈ ਗਇਆ ਮੁਹੇ ਮੁਹਿ ਪਾਹਿ ਸੁ ਐਸਾ ਆਗੂ ਜਾਪੈ ॥੨॥ {ਪੰਨਾ 140}

ਪਦ ਅਰਥ: ਹਉ = ਮੈਂ। ਕਿਆ ਹੋਵਾ = ਕਿਤਨਾ ਕੁਝ ਬਣ ਬਣ ਦਿਖਾਵਾਂ? ਕੀਤਾ ਕਰਣਾ = (ਮੇਰਾ) ਕੰਮ-ਕਾਰ। ਕਹਿਆ ਕਥਨਾ = (ਮੇਰਾ) ਬੋਲ-ਚਾਲ। ਮੁਹਾਏ = ਠਗਾਂਦਾ ਹੈ। ਮੁਹੇ ਮੁਹਿ = ਮੂੰਹ ਉਤੇ, ਮੂੰਹ ਉਤੇ। ਪਾਹਿ = ਪੈਂਦੀਆਂ ਹਨ। ਕਿਹੁ = ਕੁਝ, ਕੋਈ ਆਤਮਕ ਗੁਣ। ਭਰਿ ਭਰਿ = ਭਰੀਜ ਕੇ, ਗੰਦਾ ਹੋ ਕੇ। ਐਸਾ = (ਭਾਵ) ਹਾਸੋ-ਹੀਣਾ।

ਅਰਥ: ਜਦੋਂ ਮੈਂ ਹਾਂ ਹੀ ਕੁਝ ਨਹੀਂ (ਭਾਵ, ਮੇਰੀ ਆਤਮਕ ਹਸਤੀ ਹੀ ਕੁਝ ਨਹੀਂ ਬਣੀ) , ਤਾਂ ਮੈਂ (ਹੋਰਨਾਂ ਨੂੰ) ਉਪਦੇਸ਼ ਕੀਹ ਕਰਾਂ? (ਅੰਦਰ) ਕੋਈ ਆਤਮਕ ਗੁਣ ਨਾਹ ਹੁੰਦਿਆਂ ਕਿਤਨਾ ਕੁਝ ਬਣ ਬਣ ਕੇ ਵਿਖਾਵਾਂ? ਮੇਰਾ ਕੰਮ-ਕਾਰ, ਮੇਰਾ ਬੋਲ-ਚਾਲ = ਇਹਨਾਂ ਦੀ ਰਾਹੀਂ (ਮੰਦੇ ਸੰਸਕਾਰਾਂ ਨਾਲ) ਭਰਿਆ ਹੋਇਆ ਕਦੇ ਮੰਦੇ ਪਾਸੇ ਡਿੱਗਦਾ ਹਾਂ ਤੇ (ਕਦੇ ਫੇਰ ਮਨ ਨੂੰ) ਧੋਣ ਦਾ ਜਤਨ ਕਰਦਾ ਹਾਂ। ਜਦੋਂ ਮੈਨੂੰ ਆਪ ਨੂੰ ਹੀ ਸਮਝ ਨਹੀਂ ਆਈ ਤੇ ਲੋਕਾਂ ਨੂੰ ਰਾਹ ਦੱਸਦਾ ਹਾਂ, (ਇਸ ਹਾਲਤ ਵਿਚ) ਹਾਸੋ-ਹੀਣਾ ਆਗੂ ਹੀ ਬਣਦਾ ਹਾਂ।

ਹੇ ਨਾਨਕ! ਜੋ ਮਨੁੱਖ ਆਪ ਅੰਨ੍ਹਾ ਹੈ, ਪਰ ਹੋਰਨਾਂ ਨੂੰ ਰਾਹ ਦੱਸਦਾ ਹੈ, ਉਹ ਸਾਰੇ ਸਾਥ ਨੂੰ ਲੁਟਾ ਦੇਂਦਾ ਹੈ। ਅੱਗੇ ਚੱਲ ਕੇ ਮੂੰਹੋਂ ਮੂੰਹ ਉਸ ਨੂੰ (ਜੁੱਤੀਆਂ) ਪੈਂਦੀਆਂ ਹਨ, ਤਦੋਂ ਅਜੇਹਾ ਆਗੂ (ਅਸਲ ਰੂਪ ਵਿਚ) ਉੱਘੜਦਾ ਹੈ।2।

ਪਉੜੀ ॥ ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ ॥ ਤੂੰ ਗਣਤੈ ਕਿਨੈ ਨ ਪਾਇਓ ਸਚੇ ਅਲਖ ਅਪਾਰਾ ॥ ਪੜਿਆ ਮੂਰਖੁ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ ॥ ਨਾਉ ਪੜੀਐ ਨਾਉ ਬੁਝੀਐ ਗੁਰਮਤੀ ਵੀਚਾਰਾ ॥ ਗੁਰਮਤੀ ਨਾਮੁ ਧਨੁ ਖਟਿਆ ਭਗਤੀ ਭਰੇ ਭੰਡਾਰਾ ॥ ਨਿਰਮਲੁ ਨਾਮੁ ਮੰਨਿਆ ਦਰਿ ਸਚੈ ਸਚਿਆਰਾ ॥ ਜਿਸ ਦਾ ਜੀਉ ਪਰਾਣੁ ਹੈ ਅੰਤਰਿ ਜੋਤਿ ਅਪਾਰਾ ॥ ਸਚਾ ਸਾਹੁ ਇਕੁ ਤੂੰ ਹੋਰੁ ਜਗਤੁ ਵਣਜਾਰਾ ॥੬॥ {ਪੰਨਾ 140}

ਪਦ ਅਰਥ: ਮਾਹਾ = ਮਹੀਨੇ। ਮੂਰਤ = ਮੁਹੂਰਤ। ਵੀਚਾਰਾ = ਵਿਚਾਰਿਆ ਜਾ ਸਕਦਾ, ਧਿਆਨ ਧਰਿਆ ਜਾ ਸਕਦਾ ਹੈ। ਤੂੰ = ਤੈਨੂੰ। ਗਣਤੈ = (ਥਿੱਤਾਂ ਦੇ) ਲੇਖੇ ਕਰਨ ਨਾਲ। ਅਲਖ = ਅਦ੍ਰਿਸ਼ਟ। ਸਚਿਆਰਾ = ਸੁਰਖ਼ਰੂ, ਉੱਜਲ ਮੁਖ। ਸਚਾ = ਸਦਾ ਟਿਕੇ ਰਹਿਣ ਵਾਲਾ। ਵਣਜਾਰਾ = ਫੇਰੀ ਲਾ ਕੇ ਸਉਦਾ ਵੇਚਣ ਵਾਲਾ।

ਅਰਥ: (ਹੇ ਪ੍ਰਭੂ!) ਸਭ ਮਹੀਨਿਆਂ ਰੁੱਤਾਂ ਘੜੀਆਂ ਤੇ ਮੁਹੂਰਤਾਂ ਵਿਚ ਤੈਨੂੰ ਸਿਮਰਿਆ ਜਾ ਸਕਦਾ ਹੈ (ਭਾਵ, ਤੇਰੇ ਸਿਮਰਨ ਲਈ ਕੋਈ ਖ਼ਾਸ ਰੁੱਤ ਜਾਂ ਥਿੱਤ ਨਹੀਂ ਹੈ) । ਹੇ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ! ਥਿੱਤਾਂ ਦਾ ਲੇਖਾ ਗਿਣ ਕੇ ਕਿਸੇ ਨੇ ਭੀ ਤੈਨੂੰ ਨਹੀਂ ਲੱਭਿਆ, ਇਹੋ ਜਿਹੀ (ਥਿੱਤਾਂ ਦੀ ਵਿੱਦਿਆ) ਪੜ੍ਹੇ ਹੋਏ ਨੂੰ ਮੂਰਖ ਆਖਣਾ ਚਾਹੀਦਾ ਹੈ ਕਿਉਂਕਿ ਉਸ ਦੇ ਅੰਦਰ ਲੋਭ ਤੇ ਅਹੰਕਾਰ ਹੈ।

(ਕਿਸੇ ਥਿੱਤ ਮੁਹੂਰਤ ਦੇ ਭਰਮ ਦੀ ਲੋੜ ਨਹੀਂ, ਸਿਰਫ਼) ਸਤਿਗੁਰੂ ਦੀ ਦਿੱਤੀ ਮਤਿ ਨੂੰ ਵਿਚਾਰ ਕੇ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ਤੇ (ਉਸ ਵਿਚ) ਸੁਰਤਿ ਜੋੜਨੀ ਚਾਹੀਦੀ ਹੈ। ਜਿਨ੍ਹਾਂ ਨੇ ਗੁਰੂ ਦੀ ਸਿੱਖਿਆ ਤੇ ਤੁਰ ਕੇ ਨਾਮ-ਰੂਪ ਧਨ ਕਮਾਇਆ ਹੈ, ਉਹਨਾਂ ਦੇ ਖ਼ਜ਼ਾਨੇ ਭਗਤੀ ਨਾਲ ਭਰ ਗਏ ਹਨ। ਜਿਨ੍ਹਾਂ ਪ੍ਰਭੂ ਦਾ ਪਵਿਤ੍ਰ ਨਾਮ ਕਬੂਲ ਕੀਤਾ ਹੈ, ਉਹ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ। ਹੇ ਪ੍ਰਭੂ! ਤੂੰ ਸਦਾ ਟਿਕੇ ਰਹਿਣ ਵਾਲਾ ਸ਼ਾਹ ਹੈਂ, ਹੋਰ ਸਾਰਾ ਜਗਤ ਵਣਜਾਰਾ ਹੈ (ਭਾਵ, ਹੋਰ ਸਾਰੇ ਜੀਵ ਇਥੇ, ਮਾਨੋ, ਫੇਰੀ ਲਾ ਕੇ ਸਉਦਾ ਕਰਨ ਆਏ ਹਨ) । ਤੇਰੇ ਹੀ ਬਖ਼ਸ਼ੇ ਹੋਏ ਜਿੰਦ ਪ੍ਰਾਣ ਹਰੇਕ ਜੀਵ ਨੂੰ ਮਿਲੇ ਹਨ, ਤੇਰੀ ਹੀ ਅਪਾਰ ਜੋਤਿ ਹਰੇਕ ਜੀਵ ਦੇ ਅੰਦਰ ਹੈ।6।

ਸਲੋਕੁ ਮਃ ੧ ॥ ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥੧॥ {ਪੰਨਾ 140}

ਪਦ ਅਰਥ: ਸਿਦਕੁ = ਨਿਸ਼ਚਾ; ਸਰਧਾ। ਮੁਸਲਾ = ਮੁਸੱਲਾ, ਉਹ ਸਫ਼ ਜਿਸ ਉਤੇ ਬੈਠ ਕੇ ਨਿਮਾਜ਼ ਪੜ੍ਹੀਦੀ ਹੈ। ਹਕੁ ਹਲਾਲੁ = ਜਾਇਜ਼ ਹੱਕ, ਹੱਕ ਦੀ ਕਮਾਈ। ਸਰਮ = ਸ਼ਰਮ, ਹਯਾ, ਵਿਕਾਰਾਂ ਵਲੋਂ ਸੰਗਣਾ। ਸੀਲੁ = ਚੰਗਾ ਸੁਭਾਉ। ਕਰਮ = ਚੰਗੇ ਕੰਮ, ਨੇਕ ਅਮਲ। ਕਾਬਾ = ਮੱਕੇ ਵਿਚ ਉਹ ਮੰਦਰ ਜਿਸ ਦਾ ਦਰਸਨ ਕਰਨ ਮੁਸਲਮਾਨ ਜਾਂਦੇ ਹਨ।

ਅਰਥ: (ਲੋਕਾਂ ਉੱਤੇ) ਤਰਸ ਦੀ ਮਸੀਤ (ਬਣਾਓ) , ਸਰਧਾ ਨੂੰ ਮੁਸੱਲਾ ਤੇ ਹੱਕ ਦੀ ਕਮਾਈ ਨੂੰ ਕੁਰਾਨ (ਬਣਾਓ) । ਵਿਕਾਰ ਕਰਨ ਵਲੋਂ ਝੱਕਣਾ = ਇਹ ਸੁੰਨਤ ਹੋਵੇ, ਚੰਗਾ ਸੁਭਾਉ ਰੋਜ਼ਾ ਬਣੇ। ਇਸ ਤਰ੍ਹਾਂ (ਹੇ ਭਾਈ!) ਮੁਸਲਮਾਨ ਬਣ। ਉੱਚਾ ਆਚਰਣ ਕਾਬਾ ਹੋਵੇ, ਅੰਦਰੋਂ ਬਾਹਰੋਂ ਇਕੋ ਜਿਹੇ ਰਹਿਣਾ = ਪੀਰ ਹੋਵੇ, ਨੇਕ ਅਮਲਾਂ ਦੀ ਨਿਮਾਜ਼ ਤੇ ਕਲਮਾ ਬਣੇ। ਜੋ ਗੱਲ ਉਸ ਰੱਬ ਨੂੰ ਭਾਵੇ ਉਹੀ (ਸਿਰ ਮੱਥੇ ਤੇ ਮੰਨਣੀ, ਇਹ) ਤਸਬੀ ਹੋਵੇ। ਹੇ ਨਾਨਕ! (ਅਜਿਹੇ ਮੁਸਲਮਾਨ ਦੀ ਰੱਬ) ਲਾਜ ਰੱਖਦਾ ਹੈ।1।

TOP OF PAGE

Sri Guru Granth Darpan, by Professor Sahib Singh