ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ |
Page 541 ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥ ਜਿਨ੍ਹ੍ਹੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥ ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥੪॥੫॥ {ਪੰਨਾ 541} ਪਦਅਰਥ: ਸੇਵੀਐ = ਸੇਵਾ = ਭਗਤੀ ਕਰਨੀ ਚਾਹੀਦੀ ਹੈ। ਸਭ ਦੂ = ਸਭ ਤੋਂ। ਸਾਹਿਬੁ = ਮਾਲਕ। ਇਕ ਮਨਿ = ਇਕ ਮਨ ਨਾਲ, ਸੁਰਤਿ ਜੋੜ ਕੇ। ਚਡਾ = ਮੁਥਾਜੀ। ਗੁਰ ਸੇਵਿਐ = ਜੇ ਗੁਰੂ ਦੀ ਸੇਵਾ ਕੀਤੀ ਜਾਏ {ਲਫ਼ਜ਼ 'ਸੇਵੀਐ' ਅਤੇ 'ਸੇਵਿਐ' ਦਾ ਫ਼ਰਕ ਚੇਤੇ ਰੱਖੋ}। ਹਰਿ ਮਹਲੁ = ਪਰਮਾਤਮਾ ਦਾ ਘਰ, ਪਰਮਾਤਮਾ ਦੀ ਹਜ਼ੂਰੀ। ਸਭਿ = ਸਾਰੇ। ਘੰਡਾ = ਚਾਲਾਕ, ਕੁਪੱਤੇ। ਧੁਰਿ = ਧੁਰ ਦਰਗਾਹ ਤੋਂ। ਮਸਤਕਿ = ਮੱਥੇ ਉਤੇ। ਲਿਖਿ ਛਡਾ = ਲਿਖ ਰੱਖਿਆ ਹੈ।੪। ਅਰਥ: ਹੇ ਮੇਰੀ ਸੋਹਣੀ ਜਿੰਦੇ! ਸਦਾ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਨੀ ਚਾਹੀਦੀ ਹੈ ਜੇਹੜਾ ਸਭ ਤੋਂ ਵੱਡਾ ਮਾਲਕ ਹੈ। ਜਿਨ੍ਹਾਂ ਮਨੁੱਖਾਂ ਨੇ ਸੁਰਤਿ ਜੋੜ ਕੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਉਹਨਾਂ ਨੂੰ ਕਿਸੇ ਦੀ ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪਿਆਂ ਪਰਮਾਤਮਾ ਦਾ ਦਰ ਪ੍ਰਾਪਤ ਹੋ ਜਾਂਦਾ ਹੈ, (ਫਿਰ) ਸਾਰੇ ਹੀ ਚਾਲਾਕ ਨਿੰਦਕ ਪਏ ਜ਼ੋਰ ਲਾਣ (ਉਸ ਦਾ ਕੁਝ ਵਿਗਾੜ ਨਹੀਂ ਸਕਦੇ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਉਹਨਾਂ ਮਨੁੱਖਾਂ ਨੇ ਹੀ) ਪਰਮਾਤਮਾ ਦਾ ਨਾਮ ਸਿਮਰਿਆ ਹੈ (ਜਿਨ੍ਹਾਂ ਦੇ) ਮੱਥੇ ਉੱਤੇ ਪਰਮਾਤਮਾ ਨੇ ਧੁਰ ਦਰਗਾਹ ਤੋਂ (ਸਿਮਰਨ ਦਾ) ਲੇਖ ਲਿਖ ਰੱਖਿਆ ਹੈ।੪।੫। ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ {ਪੰਨਾ 541} ਪਦਅਰਥ: ਸਭਿ = ਸਾਰੇ। ਜੀਅ = {ਲਫ਼ਜ਼ 'ਜੀਉ' ਤੋਂ ਬਹੁ-ਵਚਨ}। ਪ੍ਰਭ = ਹੇ ਪ੍ਰਭੂ! ਜੀਇ = ਜੀ ਵਿਚ, ਮਨ ਵਿਚ। ਕਮਾਈਐ = ਕਮਾਈਦਾ ਹੈ। ਮਨਿ = ਮਨ ਵਿਚ। ਮੁਕਰਾਈਐ = ਮੁੱਕਰ ਜਾਈਦਾ ਹੈ। ਮਨਮੁਖ = ਆਪਣੇ ਮਨ ਦੇ ਪਿਛੇ ਤੁਰਨ ਵਾਲੇ। ਘਾਲ = ਮੇਹਨਤ। ਗਵਾਈਐ = ਗਵਾਚ ਜਾਂਦੀ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਹਾਜਰੁ = ਪਰਤੱਖ, ਹਰ ਥਾਂ ਵੱਸਦਾ। ਆਈਐ = ਆ ਜਾਂਦਾ ਹੈ।੧। ਅਰਥ: ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ।੧। ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ {ਪੰਨਾ 541} ਪਦਅਰਥ: ਸੇ = {ਬਹੁ-ਵਚਨ} ਉਹ। ਮਨਿ = ਮਨ ਵਿਚ। ਭਾਣੈ = ਪਸੰਦ ਆ ਗਏ। ਪੈਨ੍ਹ੍ਹਾਇਆ = ਸਿਰੋਪਾ ਦਿੱਤਾ ਜਾਂਦਾ ਹੈ, ਸਤਕਾਰੇ ਜਾਂਦੇ ਹਨ। ਅਹਿ = ਦਿਨ। ਨਿਸਿ = ਰਾਤ। ਸਾਚਿ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ। ਰੰਗਿ = ਪ੍ਰੇਮ = ਰੰਗ ਵਿਚ। ਰਾਤੇ = ਰੰਗੇ ਜਾਂਦੇ ਹਨ। ਨੀਸਾਣੇ = (ਮੱਥੇ ਉਤੇ) ਨਿਸ਼ਾਨ। ਮਿਲਿ ਸਾਧੂ = ਗੁਰੂ ਨੂੰ ਮਿਲ ਕੇ। ਅਘਾਣੇ = ਤ੍ਰਿਸਨਾ ਵਲੋਂ ਰੱਜੇ ਰਹੀਦਾ ਹੈ।੨। ਅਰਥ: ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ (ਅਸਲ) ਭਗਤ ਹਨ (ਅਸਲ) ਸੇਵਕ ਹਨ ਜੋ ਪਿਆਰੇ ਪਰਮਾਤਮਾ ਦੇ ਮਨ ਵਿਚ ਚੰਗੇ ਲੱਗਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ, ਉਹ ਦਿਨ ਰਾਤ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹਨਾਂ ਦੀ ਸੰਗਤਿ ਵਿਚ ਰਿਹਾਂ (ਮਨ ਤੋਂ ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ਉਹ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਉਹਨਾਂ ਦੇ ਮੱਥੇ ਉੱਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਦਾ ਨਿਸ਼ਾਨ ਹੁੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਨਾਨਕ ਦੀ ਇਹ ਅਰਜ਼ੋਈ ਹੈ (ਕਿ ਨਾਨਕ ਗੁਰੂ ਦੀ ਸੰਗਤਿ ਵਿਚ ਟਿਕਿਆ ਰਹੇ) ਗੁਰੂ ਦੀ ਸੰਗਤਿ ਵਿਚ ਰਿਹਾਂ (ਮਾਇਆ ਦੀ ਤ੍ਰਿਸਨਾ ਵਲੋਂ) ਰੱਜੇ ਰਹੀਦਾ ਹੈ।੨। ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥ {ਪੰਨਾ 541} ਪਦਅਰਥ: ਰਸਨਾ = ਜੀਭ। ਗੋਬਿੰਦੋ = ਗੋਬਿੰਦੁ। ਤ੍ਰਿਸਨਾ = ਮਾਇਆ ਦੀ ਤ੍ਰੇਹ। ਮਨਿ = ਮਨ ਵਿਚ। ਭੇਟੇ = ਮਿਲਦਾ ਹੈ। ਨਿਧਿ = ਖ਼ਜ਼ਾਨਾ। ਪਏ = ਲੱਭ ਲੈਂਦਾ ਹੈ।੩। ਅਰਥ: ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਜੀਭ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ ਜਪ ਜਪ ਕੇ ਮਾਇਆ ਦਾ ਲਾਲਚ ਦੂਰ ਹੋ ਜਾਂਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਸ ਦੇ ਮਨ ਵਿਚ ਆਪਣਾ ਨਾਮ ਵਸਾ ਦੇਂਦਾ ਹੈ, ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦਾ ਨਾਮ-ਧਨ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ। ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ਉਹ (ਸਦਾ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ।੩। ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥ {ਪੰਨਾ 541} ਪਦਅਰਥ: ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ। ਬਿਧਾਤਾ = ਸਿਰਜਣਹਾਰ, ਪੈਦਾ ਕਰਨ ਵਾਲਾ। ਸਹਸ = ਹਜ਼ਾਰਾਂ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਜਾਤਾ = ਸਾਂਝ ਪੈਂਦੀ ਹੈ।੪। ਅਰਥ: ਹੇ ਮੇਰੀ ਸੋਹਣੀ ਜਿੰਦੇ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪ੍ਰਭੂ ਪਰਮਾਤਮਾ ਹਰੇਕ ਥਾਂ ਵਿਚ ਵੱਸ ਰਿਹਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਉਹ ਸਿਰਜਣਹਾਰ ਕਰਤਾਰ ਸਭ ਘਟਾਂ ਵਿਚ ਵਿਆਪਕ ਹੈ। ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਪਾਲਦੇ ਹਨ, ਤਿਵੇਂ ਪਰਮਾਤਮਾ ਸਾਰੇ ਜੀਵਾਂ ਨੂੰ ਪਾਲਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਹਜ਼ਾਰਾਂ ਚਤੁਰਾਈਆਂ ਨਾਲ ਉਹ ਪਰਮਾਤਮਾ ਨਹੀਂ ਮਿਲ ਸਕਦਾ, ਗੁਰੂ ਦੀ ਸਰਨ ਪਿਆਂ ਉਸ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ।੪।੬। ਛਕਾ ੧। ਬਿਹਾਗੜਾ ਮਹਲਾ ੫ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥ ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥ ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥ {ਪੰਨਾ 541-542} ਪਦਅਰਥ: ਅਚੰਭਉ = ਅਚਰਜ ਤਮਾਸ਼ਾ। ਲਾਲ = ਹੇ ਪਿਆਰੇ! ਧਰਮ ਨਿਆਏ = ਧਰਮ ਨਿਆਇ, ਧਰਮ ਅਤੇ ਨਿਆਉ ਅਨੁਸਾਰ। ਰੰਗੁ = ਰੰਗ = ਭੂਮੀ ਜਿਥੇ ਨਟ ਆ ਕੇ ਆਪਣਾ ਖੇਲ ਵਿਖਾਂਦੇ ਹਨ। ਅਖਾੜਾ = ਪਿੜ। ਪਾਇਓਨੁ = ਉਸ ਨੇ ਬਣਾ ਦਿੱਤਾ ਹੈ। ਆਵਣੁ ਜਾਣੁ = ਜੰਮਣਾ ਤੇ ਮਰਨਾ। ਸਬਾਏ = ਸਾਰੇ ਜੀਵਾਂ ਨੂੰ। ਤਿਨਹਿ = ਉਸ (ਪਰਮਾਤਮਾ) ਨੇ ਹੀ। ਜਿਨਿ = ਜਿਸ ਨੇ। ਮੇਦਨਿ = ਧਰਤੀ, ਸ੍ਰਿਸ਼ਟੀ। ਸਿਰਜੀਆ = ਪੈਦਾ ਕੀਤੀ ਹੈ। ਮੇਲਿ = ਮਿਲਾ ਕੇ। ਮਹਲਿ = ਮਹਲ ਵਿਚ, ਹਜ਼ੂਰੀ ਵਿਚ। ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ}। ਭਰਮਿ = ਭਟਕਣਾ ਵਿਚ ਪੈ ਕੇ। ਤੂੰ ਹੈ– ਤੂੰ ਹੀ। ਸਚੁ = ਅਟੱਲ ਨਿਯਮ। ਵਰਤੈ = ਕਾਰ = ਵਿਹਾਰ ਚਲਾਂਦਾ ਹੈ।੧। ਅਰਥ: ਹੇ ਮੇਰੇ ਪਿਆਰੇ! ਮੈਂ ਪਰਮਾਤਮਾ ਦਾ ਇਕ ਅਚਰਜ ਤਮਾਸ਼ਾ ਵੇਖਿਆ ਹੈ ਕਿ ਉਹ ਜੋ ਕੁਝ ਕਰਦਾ ਹੈ ਧਰਮ ਅਨੁਸਾਰ ਕਰਦਾ ਹੈ, ਨਿਆਂ ਅਨੁਸਾਰ ਕਰਦਾ ਹੈ। ਹੇ ਮੇਰੇ ਪਿਆਰੇ! ਇਹ ਜਗਤ) ਉਸ ਪਰਮਾਤਮਾ ਨੇ ਇਕ ਪਿੜ ਬਣਾ ਦਿੱਤਾ ਹੈ ਇਕ ਰੰਗ-ਭੂਮੀ ਰਚ ਦਿੱਤੀ ਹੈ ਜਿਸ ਵਿਚ ਸਾਰੇ (ਨਟਾਂ ਲਈ, ਪਹਿਲਵਾਨਾਂ ਲਈ) ਜੰਮਣਾ ਮਰਨਾ (ਭੀ ਨਿਯਤ ਕਰ ਦਿੱਤਾ ਹੈ) । (ਜਗਤ ਵਿਚ ਜੀਵਾਂ ਦਾ) ਜੰਮਣਾ ਮਰਨਾ ਉਸੇ ਪਰਮਾਤਮਾ ਨੇ ਬਣਾਇਆ ਹੈ ਜਿਸ ਨੇ ਇਹ ਜਗਤ ਪੈਦਾ ਕੀਤਾ ਹੈ। ਕਈ ਜੀਵਾਂ ਨੂੰ ਗੁਰੂ ਮਿਲਾ ਕੇ ਪ੍ਰਭੂ ਆਪਣੀ ਹਜ਼ੂਰੀ ਵਿਚ ਟਿਕਾ ਲੈਂਦਾ ਹੈ, ਤੇ, ਕਈ ਜੀਵ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਫਿਰਦੇ ਹਨ। ਹੇ ਪ੍ਰਭੂ! ਆਪਣੇ (ਗੁਣਾਂ ਦਾ) ਅੰਤ ਤੂੰ ਆਪ ਹੀ ਜਾਣਦਾ ਹੈਂ, ਤੂੰ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈਂ। ਹੇ ਸੰਤ ਜਨੋ! ਸੁਣੋ, ਨਾਨਕ ਇਕ ਅਟੱਲ ਨਿਯਮ ਦੱਸਦਾ ਹੈ (ਕਿ) ਪਰਮਾਤਮਾ ਧਰਮ ਅਨੁਸਾਰ ਨਿਆਂ ਅਨੁਸਾਰ ਦੁਨੀਆ ਦੀ ਕਾਰ ਚਲਾ ਰਿਹਾ ਹੈ।੧। TOP OF PAGE |
Sri Guru Granth Darpan, by Professor Sahib Singh |