ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ |
Page 545 ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ {ਪੰਨਾ 545} ਪਦਅਰਥ: ਤਹ = ਉੱਥੇ, ਸਾਧ ਸੰਗਤਿ ਵਿਚ। ਬਿਨੋਦ = ਖ਼ੁਸ਼ੀਆਂ। ਅਨਹਦ = ਇਕ-ਰਸ, ਲਗਾਤਾਰ। ਝੁਣਕਾਰੋ = (ਵੱਜ ਰਹੇ ਸਾਜਾਂ ਦੀ) ਮੱਠੀ ਮੱਠੀ ਆਵਾਜ਼। ਮਿਲਿ = ਮਿਲ ਕੇ। ਜੈਕਾਰੋ = ਸਿਫ਼ਤਿ-ਸਾਲਾਹ। ਖਸਮ ਭਾਵਹਿ = ਖਸਮ ਨੂੰ ਪਿਆਰੇ ਲੱਗਦੇ ਹਨ। ਰੰਗਿ = ਰੰਗ ਵਿਚ। ਭਿੰਨੀਆ = ਭਿੱਜੀ ਰਹਿੰਦੀ ਹੈ। ਆਪੁ = ਆਪਾ = ਭਾਵ, ਅਹੰਕਾਰ। ਚਿਰੀ ਵਿਛੁੰਨਿਆ = ਚਿਰਾਂ ਦੇ ਵਿਛੁੱੜੇ ਹੋਏ। ਗਹਿ = ਫੜ ਕੇ। ਭੁਜਾ = ਬਾਂਹ। ਅਗਮ = ਅਪਹੁੰਚ। ਅਪਾਰੋ = ਬੇਅੰਤ। ਸਚੁ ਸਬਦੁ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਰੁਣਝੁਣਕਾਰੋ = ਮਿੱਠੀ ਸੁਰੀਲੀ ਮੱਧਮ ਆਵਾਜ਼।੨। ਅਰਥ: ਸਾਧ ਸੰਗਤਿ ਵਿਚ ਸਦਾ ਆਤਮਕ ਆਨੰਦ ਤੇ ਖ਼ੁਸ਼ੀਆਂ ਦੀ (ਮਾਨੋ) ਇਕ-ਰਸ ਰੌ ਚਲੀ ਰਹਿੰਦੀ ਹੈ। ਸਾਧ ਸੰਗਤਿ ਵਿਚ ਸੰਤ ਜਨ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ। ਸੰਤ ਜਨ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਖ਼ਸਮ-ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਦੀ ਸੁਰਤਿ ਪਰਮਾਤਮਾ ਦੇ ਪ੍ਰੇਮ-ਰਸ ਦੇ ਰੰਗ ਵਿਚ ਭਿੱਜੀ ਰਹਿੰਦੀ ਹੈ। ਉਹ (ਇਸ ਮਨੁੱਖਾ ਜਨਮ ਵਿਚ) ਪਰਮਾਤਮਾ ਦੇ ਨਾਮ ਦੀ ਖੱਟੀ ਖੱਟਦੇ ਹਨ, (ਆਪਣੇ ਅੰਦਰੋਂ) ਆਪਾ-ਭਾਵ ਮਿਟਾ ਲੈਂਦੇ ਹਨ, ਚਿਰਾਂ ਤੋਂ ਵਿਛੁੜੇ ਹੋਏ (ਮੁੜ ਪਰਮਾਤਮਾ ਨੂੰ) ਮਿਲ ਪੈਂਦੇ ਹਨ। ਅਪਹੁੰਚ ਤੇ ਬੇਅੰਤ ਪਰਮਾਤਮਾ ਉਹਨਾਂ ਉਤੇ ਦਇਆ ਕਰਦਾ ਹੈ, (ਉਹਨਾਂ ਦੀ) ਬਾਂਹ ਫੜ ਕੇ (ਉਹਨਾਂ ਨੂੰ) ਆਪਣੇ ਬਣਾ ਲੈਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਉਹ ਸੰਤ ਜਨ ਸਦਾ ਲਈ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਬਾਣੀ ਉਹਨਾਂ ਦੇ ਅੰਦਰ ਮਿੱਠੀ ਮਿੱਠੀ ਰੌ ਚਲਾਈ ਰੱਖਦੀ ਹੈ।੨। ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥ {ਪੰਨਾ 545} ਪਦਅਰਥ: ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਜਿਨ੍ਹ੍ਹ ਕਉ = ਜਿਨ੍ਹਾਂ ਦੇ ਮੱਥੇ ਉਤੇ। ਕਰਮਿ = (ਪਰਮਾਤਮਾ ਦੀ) ਬਖ਼ਸ਼ਸ਼ ਨਾਲ। ਤਿਸੁ ਰਿਦੈ = ਉਸ ਉਸ ਮਨੁੱਖ ਦੇ ਹਿਰਦੇ ਵਿਚ। {ਨੋਟ:ਲਫ਼ਜ਼ 'ਜਿਨ੍ਹ੍ਹ' ਬਹੁ-ਵਚਨ ਹੈ, ਲਫ਼ਜ਼ 'ਤਿਸੁ' ਇਕ-ਵਚਨ ਹੈ। ਦੋਹਾਂ ਦਾ ਮੇਲ ਠੀਕ ਕਰਨ ਲਈ 'ਤਿਸੁ' ਦਾ ਅਰਥ 'ਤਿਸੁ ਤਿਸੁ' ਕਰਨਾ ਹੈ}। ਅਕਥ = ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਜਿਸੁ = ਜਿਸ ਜਿਸ ਉਤੇ। ਅਮਰੁ = ਅਟੱਲ ਆਤਮਕ ਜੀਵਨ ਵਾਲਾ। ਨਾ ਮੂਆ = ਆਤਮਕ ਮੌਤ ਦੇ ਕਾਬੂ ਨਹੀਂ ਆਉਂਦਾ। ਕਲਿ = ਝਗੜੇ। ਹਰੇ = ਦੂਰ ਕਰ ਲੈਂਦਾ ਹੈ। ਤਜਿ = ਛੱਡ ਕੇ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਭਾਣੀ = ਪਿਆਰੀ ਲੱਗੀ। ਗਾਈਐ = ਗਾਣੀ ਚਾਹੀਦੀ ਹੈ।੩। ਅਰਥ: ਹੇ ਭਾਗਾਂ ਵਾਲੇ! ਆਤਮਕ ਜੀਵਨ ਦੇਣ ਵਾਲੀ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸਦਾ ਸੁਣਿਆ ਕਰ। ਇਹ ਬਾਣੀ ਉਸ ਉਸ (ਵਡ-ਭਾਗੀ) ਦੇ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਮੱਥੇ ਉਤੇ ਪਰਮਾਤਮਾ ਦੀ ਬਖ਼ਸ਼ਸ਼ ਨਾਲ ਇਸ ਦੀ ਪ੍ਰਾਪਤੀ ਦਾ ਲੇਖ ਲਿਖਿਆ ਹੁੰਦਾ ਹੈ। ਜਿਸ ਜਿਸ ਮਨੁੱਖ ਉੱਤੇ ਪ੍ਰਭੂ ਆਪ ਕਿਰਪਾ ਕਰਦਾ ਹੈ ਉਹ ਬੰਦੇ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸਾਂਝ ਪਾਂਦੇ ਹਨ। (ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਸਾਂਝ ਪਾਂਦਾ ਹੈ) ਉਹ ਅਟੱਲ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ, ਉਹ ਮੁੜ ਕਦੇ ਆਤਮਕ ਮੌਤ ਨਹੀਂ ਸਹੇੜਦਾ, ਉਹ (ਆਪਣੇ ਅੰਦਰੋਂ) ਸਾਰੇ ਦੁੱਖ ਕਲੇਸ਼ ਝਗੜੇ ਦੂਰ ਕਰ ਲੈਂਦਾ ਹੈ, ਉਹ ਮਨੁੱਖ ਉਸ ਪਰਮਾਤਮਾ ਦੀ ਸਰਨ ਪ੍ਰਾਪਤ ਕਰ ਲੈਂਦਾ ਹੈ ਜੇਹੜਾ ਕਦੇ ਛੱਡ ਕੇ ਨਹੀਂ ਜਾਂਦਾ, ਉਸ ਮਨੁੱਖ ਦੇ ਮਨ ਵਿਚ, ਹਿਰਦੇ ਵਿਚ ਪ੍ਰਭੂ ਦੀ ਪ੍ਰੀਤਿ ਪਿਆਰੀ ਲੱਗਣ ਲੱਗ ਪੈਂਦੀ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਪਵਿਤ੍ਰ ਬਾਣੀ ਸਦਾ ਗਾਣੀ ਚਾਹੀਦੀ ਹੈ।੩। ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥ {ਪੰਨਾ 545} ਪਦਅਰਥ: ਗਲਤੁ = ਗ਼ਲਤਾਨ, ਮਸਤ। ਕਹਣੁ ਨ ਜਾਈ = ਬਿਆਨ ਨਹੀਂ ਕੀਤਾ ਜਾ ਸਕਦਾ। ਜਿਸ ਤੇ = ਜਿਸ (ਪਰਮਾਤਮਾ) ਤੋਂ {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ}। ਤਿਨਿ = ਉਸ (ਪਰਮਾਤਮਾ) ਨੇ। ਲੀਆ ਸਮਾਈ = ਆਪਣੇ ਵਿਚ ਮਿਲਾ ਲਿਆ। ਮਿਲਿ = ਮਿਲ ਕੇ। ਓਤਿ = ਉਣੇ ਹੋਏ ਵਿਚ। ਪੋਤੀ = ਪੋਤਿ = ਪ੍ਰੋਤੇ ਹੋਏ ਵਿਚ। ਓਤ ਪੋਤੀ = (ਕੱਪੜੇ ਦੇ) ਤਾਣੇ ਪੇਟੇ ਵਾਂਗ। ਉਦਕੁ = ਪਾਣੀ। ਉਦਕਿ = ਪਾਣੀ ਵਿਚ। ਜਲ = ਪਾਣੀ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਤੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ। ਜਿਨਿ = ਜਿਸ (ਪਰਮਾਤਮਾ) ਨੇ।੪। ਅਰਥ: ('ਅੰਮ੍ਰਿਤ ਬਾਣੀ' ਦੀ ਬਰਕਤਿ ਨਾਲ ਮਨੁੱਖ ਦਾ) ਮਨ ਤੇ ਹਿਰਦਾ (ਪਰਮਾਤਮਾ ਦੀ ਯਾਦ ਵਿਚ ਇਸ ਤਰ੍ਹਾਂ) ਮਸਤ ਹੋ ਜਾਂਦਾ ਹੈ ਕਿ (ਇਸ ਦੀ ਬਾਬਤ) ਕੁਝ ਦੱਸਿਆ ਨਹੀਂ ਜਾ ਸਕਦਾ, (ਬੱਸ! ਇਹ ਹੀ ਕਿਹਾ ਜਾ ਸਕਦਾ ਹੈ ਕਿ) ਜਿਸ ਪਰਮਾਤਮਾ ਤੋਂ ਉਹ ਪੈਦਾ ਹੋਇਆ ਸੀ ਉਸ ਨੇ (ਉਸ ਨੂੰ) ਆਪਣੇ ਵਿਚ ਮਿਲਾ ਲਿਆ। ਤਾਣੇ ਪੇਟੇ ਵਾਂਗ ਪਰਮਾਤਮਾ ਦੀ ਜੋਤਿ ਵਿਚ ਮਿਲ ਕੇ (ਉਹ ਇਉਂ ਹੋ ਗਿਆ ਜਿਵੇਂ) ਪਾਣੀ ਵਿਚ ਪਾਣੀ ਮਿਲ ਜਾਂਦਾ ਹੈ। (ਫਿਰ ਉਸ ਮਨੁੱਖ ਨੂੰ) ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ, ਇਕ ਪਰਮਾਤਮਾ ਹੀ ਮੌਜੂਦ ਦਿੱਸਦਾ ਹੈ (ਉਸ ਤੋਂ ਬਿਨਾ) ਕੋਈ ਹੋਰ ਨਹੀਂ ਦਿੱਸਦਾ। ਉਸ ਮਨੁੱਖ ਨੂੰ ਪਰਮਾਤਮਾ ਜੰਗਲ ਵਿਚ, ਘਾਹ (ਦੇ ਹਰੇਕ ਤੀਲੇ) ਵਿਚ, ਸਾਰੇ ਸੰਸਾਰ ਵਿਚ ਵਿਆਪਕ ਜਾਪਦਾ ਹੈ (ਉਸ ਮਨੁੱਖ ਦੀ ਆਤਮਕ ਅਵਸਥਾ ਦਾ) ਮੁੱਲ ਬਿਆਨ ਨਹੀਂ ਕੀਤਾ ਜਾ ਸਕਦਾ। ਨਾਨਕ ਬੇਨਤੀ ਕਰਦਾ ਹੈ-ਜਿਸ ਪਰਮਾਤਮਾ ਨੇ (ਉਸ ਮਨੁੱਖ ਦੀ ਆਤਮਕ ਅਵਸਥਾ ਦੀ) ਇਹ ਖੇਡ ਬਣਾ ਦਿੱਤੀ ਉਹ ਆਪ ਹੀ ਉਸ ਨੂੰ ਸਮਝਦਾ ਹੈ।੪।੨।੫। ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ {ਪੰਨਾ 545} ਪਦਅਰਥ: ਖੋਜਤ ਫਿਰਹਿ = ਲੱਭਦੇ ਫਿਰਦੇ ਹਨ। ਪ੍ਰਾਣ ਅਧਾਰੇ ਰਾਮ = ਜਿੰਦ ਦੇ ਆਸਰੇ ਪ੍ਰਭੂ ਨੂੰ। ਤਾਣੁ = ਤਾਕਤ, ਬਲ। ਤਨੁ = ਸਰੀਰ। ਖੀਨ = ਲਿੱਸਾ, ਕਮਜ਼ੋਰ। ਪ੍ਰਭ = ਹੇ ਪ੍ਰਭੂ! ਮਇਆ = ਦਇਆ। ਧਾਰੇ = ਧਾਰਿ, ਧਾਰ ਕੇ। ਲੜਿ = ਲੜ ਨਾਲ। ਜਪਉ = ਜਪਉਂ, ਮੈਂ ਜਪਾਂ। ਸੁਆਮੀ = ਹੇ ਸੁਆਮੀ! ਪੇਖੇ = ਪੇਖਿ, ਵੇਖ ਕੇ। ਜੀਜੀਐ = ਜੀਊ ਪਈਦਾ ਹੈ। ਨਿਹਚਲ = ਸਦਾ ਕਾਇਮ ਰਹਿਣ ਵਾਲੇ! ਪ੍ਰਾਨ ਪਿਆਰੇ = ਹੇ ਜਿੰਦ ਤੋਂ ਪਿਆਰੇ।੧। ਅਰਥ: (ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ।੧। ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ {ਪੰਨਾ 545} ਪਦਅਰਥ: ਪੇਖਨ ਕਉ = ਵੇਖਣ ਵਾਸਤੇ। ਤਪਤਿ = ਤਪਸ਼, ਸੜਨ। ਕਤਹਿ = ਕਿਤੇ ਭੀ। ਪ੍ਰਭ = ਹੇ ਪ੍ਰਭੂ! ਬੇਰੀ = ਬੇੜੀ। ਤਾਰੀਐ = ਪਾਰ ਲੰਘਾ ਲੈ। ਅਨਾਥ = ਨਿਆਸਰਾ। ਨ ਜਾਨਾ = ਨ ਜਾਨਾਂ, ਮੈਂ ਨਹੀਂ ਜਾਣਦਾ। ਨ ਬੀਚਾਰੀਐ = ਖ਼ਿਆਲ ਵਿਚ ਨਾਹ ਲਿਆਵੀਂ। ਚਾਤ੍ਰਿਕ = ਪਪੀਹਾ। ਮਾਗੈ = ਮੰਗਦਾ ਹੈ। ਜੀਵਾ = ਜੀਵਾਂ, ਮੈਂ ਜੀਊਂਦਾ ਹਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ।੨। ਅਰਥ: ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ। ਹੇ ਪ੍ਰਭੂ! ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ। ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ। ਹੇ ਨਾਨਕ! ਆਖ-) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੨। |
Sri Guru Granth Darpan, by Professor Sahib Singh |