ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ |
Page 568 ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥ {ਪੰਨਾ 567-568} ਪਦਅਰਥ: ਨਿਰਗੁਣਵੰਤੜੀਏ = ਹੇ ਗੁਣਾਂ ਤੋਂ ਸੱਖਣੀ ਜਿੰਦੇ! ਹਦੂਰੇ = ਹਾਜ਼ਰ = ਨਾਜ਼ਰ, ਅੰਗ = ਸੰਗ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਰਾਵਿਆ = ਹਿਰਦੇ ਵਿਚ ਵਸਾਇਆ। ਮੁਈਏ = ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਰਵਿ ਰਹਿਆ = ਵਿਆਪਕ ਹੈ। ਹਜੂਰੇ = ਅੰਗ = ਸੰਗ। ਜੁਗਿ ਜੁਗਿ = ਹਰੇਕ ਜੁਗ ਵਿਚ। ਏਕੋ = ਇਕ ਪ੍ਰਭੂ ਹੀ। ਜਾਤਾ = ਪ੍ਰਸਿੱਧ। ਧਨ = ਜੀਵ = ਇਸਤ੍ਰੀ। ਬਾਲੀ = ਬਾਲ = ਸੁਭਾਵ ਵਾਲੀ। ਭੋਲੀ = ਭੋਲੇ ਸੁਭਾਵ ਵਾਲੀ। ਸਹਜਿ = ਆਤਮਕ ਅਡੋਲਤਾ ਵਿਚ। ਕਰਮ ਵਿਧਾਤਾ = ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਜਿਨਿ = ਜਿਸ ਨੇ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੁਭਾਖਿਆ = ਉਚਾਰਿਆ, ਸਿਫ਼ਤਿ-ਸਾਲਾਹ ਕੀਤੀ। ਹਰਿ ਸਰਿ = ਹਰੀ = ਸਰੋਵਰ ਵਿਚ। ਕਾਮਣਿ = ਜੀਵ = ਇਸਤ੍ਰੀ। ਸਾ = ਉਹ {ਇਸਤ੍ਰੀ ਲਿੰਗ}। ਪਿਰ ਭਾਵੈ = ਪਿਰ ਨੂੰ ਚੰਗੀ ਲੱਗਦੀ ਹੈ।੨। ਅਰਥ: ਹੇ ਗੁਣ-ਹੀਣ ਜਿੰਦੇ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ। ਹੇ ਜਿੰਦੇ! ਪ੍ਰਭੂ-ਪਤੀ ਜ਼ੱਰੇ ਜ਼ੱਰੇ ਵਿਚ ਵਿਆਪਕ ਹੈ; ਉਸ ਨੂੰ ਹਰ ਥਾਂ ਹਾਜ਼ਰ-ਨਾਜ਼ਰ ਵੇਖ। ਉਹ ਪ੍ਰਭੂ ਹੀ ਹਰੇਕ ਜੁਗ ਵਿਚ (ਜੀਊਂਦਾ-ਜਾਗਦਾ) ਪ੍ਰਸਿੱਧ ਹੈ। ਜੇਹੜੀ ਜੀਵ-ਇਸਤ੍ਰੀ ਬਾਲ-ਸੁਭਾਵ ਹੋ ਕੇ ਭੋਲੇ ਸੁਭਾਵ ਵਾਲੀ ਬਣ ਕੇ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਪ੍ਰਭੂ-ਪਤੀ ਨੂੰ ਯਾਦ ਕਰਦੀ ਰਹਿੰਦੀ ਹੈ, ਉਸ ਨੂੰ ਉਹ ਸਿਰਜਣਹਾਰ ਮਿਲ ਪੈਂਦਾ ਹੈ। ਹੇ ਜਿੰਦੇ! ਜਿਸ ਜੀਵ-ਇਸਤ੍ਰੀ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ਹੈ, ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਹ ਉਸ ਸਰੋਵਰ-ਪ੍ਰਭੂ ਵਿਚ ਹਰ ਵੇਲੇ ਚੁੱਭੀ ਲਾਈ ਰੱਖਦੀ ਹੈ। ਹੇ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਜੇਹੜੀ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ।੨। ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥ {ਪੰਨਾ 568} ਪਦਅਰਥ: ਸੋਹਾਗਣੀ = ਉਹ ਜੀਵ = ਇਸਤ੍ਰੀਆਂ ਜਿਨ੍ਹਾਂ ਨੇ ਪ੍ਰਭੂ = ਪਤੀ ਨੂੰ ਪ੍ਰਸੰਨ ਕਰ ਲਿਆ ਹੈ। ਜਾਇ = ਜਾ ਕੇ। ਮੁਈਏ = ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਆਪੁ = ਆਪਾ = ਭਾਵ। ਰੰਗ ਸਿਉ = ਆਨੰਦ ਨਾਲ। ਰੰਗਿ = ਪ੍ਰੇਮ = ਰੰਗ ਵਿਚ। ਰਾਤੀ = ਰੰਗੀ ਹੋਈ। ਸਹਜੇ = ਆਤਮਕ ਅਡੋਲਤਾ ਵਿਚ। ਮਾਤੀ = ਮਸਤ। ਅਨਦਿਨੁ = ਹਰ ਰੋਜ਼, ਹਰ ਵੇਲੇ। ਸੁਭਾਇਆ = ਪਸੰਦ ਆਇਆ। ਜਿਨਿ = ਜਿਸ ਨੇ। ਸਚੁ = ਸਦਾ-ਥਿਰ ਹਰਿ = ਨਾਮ।੩। ਅਰਥ: ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਜਾ ਕੇ (ਉਹਨਾਂ) ਸੁਹਾਗਣਾਂ ਪਾਸੋਂ (ਜੀਵਨ-ਜੁਗਤਿ) ਪੁੱਛ, ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ। ਪਰ ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਨਹੀਂ ਕੀਤਾ ਉਹਨਾਂ ਨੇ ਪ੍ਰਭੂ ਦੀ ਰਜ਼ਾ (ਵਿਚ ਤੁਰਨ ਦੀ ਜਾਚ) ਨਹੀਂ ਸਿੱਖੀ। ਜਿਨ੍ਹਾਂ ਨੇ ਆਪਾ-ਭਾਵ ਦੂਰ ਕਰ ਲਿਆ, ਉਹਨਾਂ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਪ੍ਰਭੂ-ਪਤੀ ਪ੍ਰੇਮ ਨਾਲ ਉਹਨਾਂ ਨੂੰ ਆਪਣਾ ਮਿਲਾਪ ਬਖ਼ਸ਼ੀ ਰੱਖਦਾ ਹੈ। ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਹਰ ਵੇਲੇ ਪ੍ਰਭੂ-ਪਤੀ ਦਾ ਨਾਮ ਸਿਮਰਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਵੱਡੇ ਭਾਗਾਂ ਵਾਲੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ, ਉਸ ਨੂੰ ਪ੍ਰਭੂ ਦਾ ਪਿਆਰ ਚੰਗਾ ਲੱਗਦਾ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਸ਼ਿੰਗਾਰ ਬਣਾ ਲਿਆ ਹੈ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ।੩। ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥ {ਪੰਨਾ 568} ਪਦਅਰਥ: ਗੁਰ ਕੈ ਭਾਏ = ਗੁਰ ਕੈ ਭਾਇ, ਗੁਰੂ ਦੇ ਪ੍ਰੇਮ ਵਿਚ, ਗੁਰੂ ਦੇ ਅਨੁਸਾਰ। ਵਰੁ = ਖਸਮ। ਰਾਵਹਿ = ਤੂੰ ਮਿਲਾਪ ਪ੍ਰਾਪਤ ਕਰ ਲਏਂਗੀ। ਨਿਜ ਘਰਿ = ਆਪਣੇ ਅਸਲ ਘਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ। ਪਾਏ = ਪਾਇ, ਪਾ ਕੇ। ਵਜਾਏ = ਵਜਾਂਦੀ ਹੈ, ਪ੍ਰਭਾਵ ਹਿਰਦੇ ਵਿਚ ਵਸਾਂਦੀ ਹੈ। ਰਲੀਆਲਾ = ਰਲੀਆਂ ਦਾ ਘਰ, ਆਨੰਦ ਦਾ ਸੋਮਾ। ਬਾਲਾ = ਜਵਾਨ। ਕੰਤਿ = ਕੰਤ ਨੇ। ਅਨਦਿਨੁ = ਹਰ ਰੋਜ਼। ਮਸਤਕਿ = ਮੱਥੇ ਉਤੇ। ਕਾਮਣਿ = ਜੀਵ = ਇਸਤ੍ਰੀ। ਰੰਗਿ = ਪ੍ਰੇਮ ਵਿਚ।੪। ਅਰਥ: ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਤੂੰ (ਆਪਣੇ ਅੰਦਰੋਂ) ਹਉਮੈ ਦੂਰ ਕਰ, ਤੇ, ਗੁਰੂ ਦੇ ਅਨੁਸਾਰ ਹੋ ਕੇ (ਜੀਵਨ-ਤੋਰ) ਤੁਰ। (ਜੇ ਤੂੰ ਗੁਰੂ ਦੇ ਅਨੁਸਾਰ ਤੁਰੇਂਗੀ, ਤਾਂ) ਪ੍ਰਭੂ ਦੀ ਹਜ਼ੂਰੀ ਵਿਚ ਨਿਵਾਸ ਹਾਸਲ ਕਰ ਕੇ ਤੂੰ ਸਦਾ ਲਈ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਰਹੇਂਗੀ। ਹੇ ਜਿੰਦੇ! ਜੇਹੜੀ ਜੀਵ-ਇਸਤ੍ਰੀ ਆਪਣੇ ਹਿਰਦੇ ਵਿਚ ਗੁਰ-ਸ਼ਬਦ ਵਸਾ ਲੈਂਦੀ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲੈਂਦੀ ਹੈ, ਉਹ ਸਦਾ ਵਾਸਤੇ ਭਾਗਾਂ ਵਾਲੀ ਹੋ ਜਾਂਦੀ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਪ੍ਰਭੂ-ਪਤੀ ਆਨੰਦ ਦਾ ਸੋਮਾ ਹੈ, ਪ੍ਰਭੂ-ਪਤੀ ਦਾ ਜੋਬਨ ਸਦਾ ਕਾਇਮ ਰਹਿਣ ਵਾਲਾ ਹੈ, ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਕੰਤ ਨੇ ਸਦਾ ਵਾਸਤੇ ਸੋਹਣੇ ਜੀਵਨ ਵਾਲੀ ਬਣਾ ਦਿੱਤਾ। ਹੇ ਨਾਨਕ! ਜਦੋਂ ਜੀਵ-ਇਸਤ੍ਰੀ ਗੁਰੂ ਦੇ ਅਨੁਸਾਰ ਤੁਰਦੀ ਹੈ, ਤਾਂ ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਸ ਨੂੰ ਪ੍ਰਭੂ-ਪਤੀ ਸੁਹਾਗ ਮਿਲ ਜਾਂਦਾ ਹੈ, ਉਸ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਸੋਹਣੇ ਆਤਮਕ ਜੀਵਨ ਵਾਲੀ ਬਣ ਜਾਂਦੀ ਹੈ।੪। ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥ {ਪੰਨਾ 568} ਪਦਅਰਥ: ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਵਾਪਾਰੁ = ਨਾਮ ਦਾ ਵਣਜ। ਸਹਜੇ = ਆਤਮਕ ਅਡੋਲਤਾ ਵਿਚ। ਅਨਦਿਨੁ = ਹਰ ਰੋਜ਼, ਹਰ ਵੇਲੇ। ਵਖਾਣੀਐ = ਉਚਾਰਨਾ ਚਾਹੀਦਾ ਹੈ। ਲਾਹਾ = ਲਾਭ। ਪੀਜੈ = ਪੀਣਾ ਚਾਹੀਦਾ ਹੈ। ਰਾਵੀਜੈ = ਹਿਰਦੇ ਵਿਚ ਵਸਾਣਾ ਚਾਹੀਦਾ ਹੈ। ਵਖਾਣੈ = ਉਚਾਰਦਾ ਹੈ। ਸੰਗ੍ਰਹਿ = ਇਕੱਠੇ ਕਰ ਕੇ। ਆਪੈ ਆਪੁ = ਆਪਣੇ ਆਪ ਨੂੰ। ਵਿਕਣਹਿ = ਵਿਕ ਜਾਂਦੇ ਹਨ, ਦੂਰ ਹੋ ਜਾਂਦੇ ਹਨ। ਨਿਰਾਲੀ = ਅਨੋਖੀ।੧। ਅਰਥ: ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ-ਇਹੀ ਹੈ ਮਨੁੱਖਾ ਜਨਮ ਦੀ ਖੱਟੀ। ਹਰਿ-ਨਾਮ ਦਾ ਸੁਆਦ ਲੈਣਾ ਚਾਹੀਦਾ ਹੈ, ਹਰਿ-ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ-ਇਹੀ ਮਨੁੱਖਾ ਜਨਮ ਦਾ ਲਾਭ ਹੈ। ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗੁਣ ਦੂਰ ਹੋ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਹਾਸਲ ਕਰ ਲਈ, ਉਸ ਨੂੰ ਬੜੀ ਇੱਜ਼ਤ ਪ੍ਰਾਪਤ ਹੋਈ। ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਹਰਿ-ਨਾਮ-ਰਸ ਪੀਣਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦੀ ਭਗਤੀ ਇਕ ਅਸਚਰਜ ਦਾਤਿ ਹੈ, ਪਰ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਭਗਤੀ ਕੀਤੀ ਹੈ।੧। ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥ ਪਦਅਰਥ: ਗੁਰਮੁਖਿ = ਗੁਰੂ ਦੇ ਸਨਮੁਖ ਰਹਿ ਕੇ। ਅੰਤਰਿ = (ਮਨ ਦੇ) ਅੰਦਰ। ਸਰੀਰਿ = ਸਰੀਰ ਵਿਚ, ਹਿਰਦੇ ਵਿਚ। ਲੀਜੈ ਜਮਾਏ = ਜਮਾਇ ਲੀਜੈ, ਉਗਾ ਲੈਣੀ ਚਾਹੀਦੀ ਹੈ। ਘਰ = ਹਿਰਦਾ। ਭੁੰਚੁ = ਖਾਹ। ਲਾਹਾ = ਲਾਭ। ਪਰਥਾਏ = ਪਰਲੋਕ ਦਾ। ਮੰਨਿ = ਮਨਿ, ਮਨ ਵਿਚ। ਧਨੁ = ਧੰਨੁ, ਸਲਾਹੁਣ = ਜੋਗ। ਬੂਝੈ = (ਆਤਮਕ ਜੀਵਨ ਨੂੰ) ਸਮਝ ਲੈਂਦਾ ਹੈ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਨ ਜਾਏ = ਦੂਰ ਨਹੀਂ ਹੁੰਦੀ। ਸੁਭਾਏ = ਸੁਭਾਇ, ਪ੍ਰੇਮ ਨਾਲ। ਸਬਦਿ = ਸ਼ਬਦ ਵਿਚ (ਜੁੜ ਕੇ) ।੨। ਅਰਥ: ਹੇ ਭਾਈ! ਗੁਰੂ ਦੇ ਸਨਮੁਖ ਰਹਿ ਕੇ ਹਰਿ-ਨਾਮ ਦੀ ਖੇਤੀ ਆਪਣੇ ਮਨ ਵਿਚ ਬੀਜਣੀ ਚਾਹੀਦੀ ਹੈ, ਹਰਿ-ਨਾਮ ਬੀਜ ਆਪਣੇ ਹਿਰਦੇ ਵਿਚ ਉਗਾਣਾ ਚਾਹੀਦਾ ਹੈ। ਹੇ ਭਾਈ! ਤੂੰ ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਚੱਖਿਆ ਕਰ, ਤੇ, ਇਸ ਤਰ੍ਹਾਂ ਪਰਲੋਕ ਦਾ ਲਾਭ ਖੱਟ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਪਰਲੋਕ ਦਾ ਲਾਭ ਖੱਟ ਲੈਂਦਾ ਹੈ, ਉਸ ਦੀ ਨਾਮ-ਖੇਤੀ ਉਸ ਦਾ ਨਾਮ-ਵਪਾਰ ਸਲਾਹੁਣ-ਜੋਗ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਜੇਹੜਾ ਹਰਿ-ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਗੁਰ-ਸ਼ਬਦ ਦੀ ਵਿਚਾਰ ਦੀ ਬਰਕਤਿ ਨਾਲ (ਆਤਮਕ ਜੀਵਨ ਨੂੰ) ਸਮਝ ਲੈਂਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨਿਰੀ ਸੰਸਾਰਕ ਖੇਤੀ ਨਿਰਾ ਸੰਸਾਰਕ ਵਣਜ ਕਰ ਕੇ ਥੱਕ ਜਾਂਦੇ ਹਨ, ਉਹਨਾਂ ਦੀ ਮਾਇਆ ਦੀ ਤ੍ਰੇਹ ਨਹੀਂ ਮਿਟਦੀ, ਮਾਇਆ ਦੀ ਭੁੱਖ ਨਹੀਂ ਦੂਰ ਹੁੰਦੀ। ਹੇ ਨਾਨਕ! (ਆਖ-ਹੇ ਭਾਈ!) ਤੂੰ ਪ੍ਰੇਮ ਨਾਲ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਆਪਣੇ ਮਨ ਵਿਚ ਪਰਮਾਤਮਾ ਦਾ ਨਾਮ-ਬੀਜ ਬੀਜਿਆ ਕਰ।੨। ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥ ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥ ਮੁਖਿ ਮਸਤਕਿ ਭਾਗੋ ਸਚਿ ਬੈਰਾਗੋ ਸਾਚਿ ਰਤੇ ਵੀਚਾਰੀ ॥ ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥ ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ ਨਾਮੁ ਸੋਹਾਗੋ ॥ ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥ {ਪੰਨਾ 568} ਪਦਅਰਥ: ਵਾਪਾਰਿ = ਵਪਾਰ ਵਿਚ। ਮਸਤਕਿ = ਮੱਥੇ ਉੱਤੇ। ਨਿਜ ਘਰਿ = ਪ੍ਰਭੂ ਦੀ ਹਜ਼ੂਰੀ ਵਿਚ। ਬੈਰਾਗੋ = ਲਗਨ। ਸਚਿ = ਸਦਾ-ਥਿਰ ਪ੍ਰਭੂ ਵਿਚ। ਵੀਚਾਰੀ = ਵਿਚਾਰਵਾਨ। ਬਉਰਾਨਾ = ਝੱਲਾ, ਕਮਲਾ। ਸਬਦੇ = ਸਬਦ ਦੀ ਰਾਹੀਂ ਹੀ। ਸਹਾਗੋ = {ਅਸਲ ਲਫ਼ਜ਼ 'ਸੋਹਾਗੋ' ਹੈ, ਇਥੇ 'ਸੁਹਾਗੋ' ਪੜ੍ਹਨਾ ਹੈ। ਅੱਖਰ 'ਸ' ਦੇ ਨਾਲ ਦੋ ਲਗਾਂ = ੋ , ੁ }। ਭਉ ਭੰਜਨੁ = ਡਰ ਨਾਸ ਕਰਨ ਵਾਲਾ।੩। ਅਰਥ: ਹੇ ਭਾਈ! ਹਰਿ-ਨਾਮ ਸਿਮਰਨ ਦੇ ਵਪਾਰ ਵਿਚ ਉਹ ਮਨੁੱਖ ਹੀ ਲੱਗਦੇ ਹਨ ਜਿਨ੍ਹਾਂ ਦੇ ਮੱਥੇ ਉੱਤੇ ਵੱਡੀ ਕਿਸਮਤਿ ਦੀ ਮਣੀ ਚਮਕ ਪੈਂਦੀ ਹੈ। ਗੁਰੂ ਦੀ ਮਤਿ ਦੀ ਬਰਕਤਿ ਨਾਲ ਉਹਨਾਂ ਦਾ ਮਨ ਪ੍ਰਭੂ ਦੀ ਹਜ਼ੂਰੀ ਵਿਚ ਟਿਕ ਜਾਂਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ ਉਹਨਾਂ ਨੂੰ ਹਰਿ-ਨਾਮ ਦੀ ਲਗਨ ਲੱਗ ਜਾਂਦੀ ਹੈ। ਜਿਨ੍ਹਾਂ ਮਨੁੱਖਾਂ ਦੇ ਮੂੰਹ ਉਤੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਸਦਾ-ਥਿਰ ਹਰੀ ਵਿਚ ਉਹਨਾਂ ਦੀ ਲਗਨ ਲੱਗ ਜਾਂਦੀ ਹੈ, ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀਜ ਕੇ ਉਹ ਵਿਚਾਰਵਾਨ ਬਣ ਜਾਂਦੇ ਹਨ। ਪਰ, ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰਾ ਜਗਤ (ਹਉਮੈ ਵਿਚ) ਝੱਲਾ ਹੋਇਆ ਫਿਰਦਾ ਹੈ (ਇਹ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਦੂਰ ਕੀਤੀ ਜਾ ਸਕਦੀ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ (ਮਨੁੱਖ ਦੇ ਅੰਦਰ ਉੱਚੀ) ਮਤਿ ਪੈਦਾ ਹੁੰਦੀ ਹੈ, ਗੁਰੂ ਦੀ ਸਰਨ ਪਿਆਂ ਹਰਿ-ਨਾਮ-ਸੁਹਾਗ ਮਿਲ ਜਾਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਸ ਨੂੰ ਗੁਰ-ਸ਼ਬਦ ਦੀ ਰਾਹੀਂ ਡਰ ਨਾਸ ਕਰਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, ਉਹ ਮਨੁੱਖ ਸਦਾ ਹਰਿ-ਨਾਮ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ।੩। |
Sri Guru Granth Darpan, by Professor Sahib Singh |