ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ |
Page 607 ਸੋਰਠਿ ਮਃ ੪ ਦੁਤੁਕੇ ॥ ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥ ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥੧॥ ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥ ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥ ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥ ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥੨॥ ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥ ਆਤਮ ਬ੍ਰਹਮੁ ਚੀਨਿ ਸੁਖੁ ਪਾਇਆ ਸਤਸੰਗਤਿ ਪੁਰਖ ਤੁਮਾਰੀ ॥੩॥ ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥ ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥੪॥੭॥ {ਪੰਨਾ 607} ਪਦਅਰਥ: ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਅਹੰਕਾਰੀ = ਅਹੰਕਾਰ ਦੇ ਅਸਰ ਹੇਠ। ਸਾਧੂ = ਗੁਰੂ। ਪਰਸਤ = ਛੁੰਹਦਿਆਂ।੧। ਅਤਿ = ਬਹੁਤ। ਸਤ ਸੰਗ = ਸਾਧ ਸੰਗਤਿ। ਹਿਰਦੈ = ਹਿਰਦੇ ਵਿਚ। ਮੁਰਾਰੀ = {ਮੁਰ = ਅਰੀ} ਪਰਮਾਤਮਾ।ਰਹਾਉ। ਭਾਉ = ਪਿਆਰ। ਗਵਾਰੀ = ਮੂਰਖ ਬੰਦੇ। ਨ ਬੁਝਹਿ = ਨਹੀਂ ਸਮਝਦੇ। ਵੀਚਾਰੀ = ਵੀਚਾਰਿ, ਵਿਚਾਰ ਕੇ, ਸੁਰਤਿ ਜੋੜ ਕੇ।੨। ਗੁਰਮੁਖਿ = ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ। ਸਾਤਿ = ਸ਼ਾਂਤਿ, ਠੰਡ, ਆਤਮਕ ਅਡੋਲਤਾ। ਦੁਰਮਤਿ = ਭੈੜੀ ਮਤਿ। ਨਿਵਾਰੀ = ਦੂਰ ਕਰ ਲਈ। ਆਤਮ = ਸਭ ਜੀਵਾਂ ਵਿਚ। ਚੀਨਿ = ਪਛਾਣ ਕੇ।੩। ਪੁਰਖੈ = ਉਸ ਮਨੁੱਖ ਨੂੰ। ਪੁਰਖੁ = ਅਕਾਲ ਪੁਰਖ, ਸਰਬ = ਵਿਆਪਕ ਪਰਮਾਤਮਾ। ਸਹਜ ਸੁਖੁ = ਆਤਮਕ ਅਡੋਲਤਾ ਦਾ ਸੁਖ। ਅਨਦਿਨੁ = ਹਰ ਰੋਜ਼, ਹਰ ਵੇਲੇ। ਜਾਗਤੁ ਰਹੈ = (ਮਾਇਆ ਦੇ ਮੋਹ ਵਲੋਂ) ਸੁਚੇਤ ਰਹਿੰਦਾ ਹੈ। ਬਨਵਾਰੀ = ਪਰਮਾਤਮਾ (ਵਿਚ ਲੀਨ ਰਹਿ ਕੇ) ।੪। ਅਰਥ: ਜਦੋਂ (ਕਿਸੇ ਵਡਭਾਗੀ ਮਨੁੱਖ ਨੂੰ) ਭਲੇ ਮਨੁੱਖਾਂ ਦੀ ਭਲੀ ਸੰਗਤਿ ਪ੍ਰਾਪਤ ਹੁੰਦੀ ਹੈ, ਉਸ ਨੂੰ ਆਪਣੇ ਹਿਰਦੇ ਵਿਚ ਸ਼ਾਂਤੀ ਦੇਣ ਵਾਲਾ ਪਰਮਾਤਮਾ ਆ ਮਿਲਦਾ ਹੈ, ਪਰਮਾਤਮਾ ਨਾਲ ਉਸ ਦੀ ਬੜੀ ਡੂੰਘੀ ਪ੍ਰੀਤਿ ਬਣ ਜਾਂਦੀ ਹੈ।ਰਹਾਉ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਅਨੇਕਾਂ ਜਨਮਾਂ ਤੋਂ (ਪਰਮਾਤਮਾ ਨਾਲੋਂ) ਵਿਛੁੜਿਆ ਹੋਇਆ ਦੁੱਖ ਸਹਿੰਦਾ ਚਲਿਆ ਆਉਂਦਾ ਹੈ, (ਇਸ ਜਨਮ ਵਿਚ ਭੀ ਆਪਣੇ ਮਨ ਦਾ ਮੁਰੀਦ ਰਹਿ ਕੇ) ਅਹੰਕਾਰ ਦੇ ਆਸਰੇ ਹੀ ਕਰਮ ਕਰਦਾ ਰਹਿੰਦਾ ਹੈ। (ਪਰ) ਗੁਰੂ ਦੇ ਚਰਨ ਛੁੰਹਦਿਆਂ ਹੀ ਉਸ ਨੂੰ ਪਰਮਾਤਮਾ ਲੱਭ ਪੈਂਦਾ ਹੈ। ਹੇ ਗੋਬਿੰਦ! ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਉਹ ਤੇਰੀ ਸਰਨ ਆ ਪੈਂਦਾ ਹੈ।੧। ਹੇ ਪ੍ਰਭੂ! ਤੂੰ ਹਰ ਵੇਲੇ ਸਭ ਜੀਵਾਂ ਦੇ ਹਿਰਦੇ ਵਿਚ ਲੁਕਿਆ ਹੋਇਆ ਟਿਕਿਆ ਰਹਿੰਦਾ ਹੈਂ, ਮੂਰਖ ਮਨੁੱਖ ਤੇਰੇ ਨਾਲ ਪਿਆਰ ਕਰਨਾ ਨਹੀਂ ਸਮਝਦੇ। (ਹੇ ਭਾਈ!) ਜਿਸ ਮਨੁੱਖ ਨੂੰ ਸਰਬ-ਵਿਆਪਕ ਪ੍ਰਭੂ ਦਾ ਰੂਪ ਗੁਰੂ ਮਿਲ ਪੈਂਦਾ ਹੈ ਉਸ ਦੇ ਅੰਦਰ ਪਰਮਾਤਮਾ ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜ ਕੇ ਗੁਣ ਗਾਂਦਾ ਰਹਿੰਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਆ ਪੈਂਦਾ ਹੈ ਉਸ ਦੇ ਅੰਦਰ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਉਸ ਦੇ ਅੰਦਰ ਠੰਢ ਪੈ ਜਾਂਦੀ ਹੈ, ਉਹ ਮਨੁੱਖ ਆਪਣੇ ਅੰਦਰੋਂ ਭੈੜੀ ਮਤਿ ਵਾਲੀ ਅਕਲ ਦੂਰ ਕਰ ਲੈਂਦਾ ਹੈ (ਇਹ ਦੁਰਮਤਿ ਹੀ ਵਿਕਾਰਾਂ ਦੀ ਸੜਨ ਪੈਦਾ ਕਰ ਰਹੀ ਸੀ) । ਉਹ ਮਨੁੱਖ ਆਪਣੇ ਅੰਦਰ ਪਰਮਾਤਮਾ ਨੂੰ ਵੱਸਦਾ ਪਛਾਣ ਕੇ ਆਤਮਕ ਆਨੰਦ ਪ੍ਰਾਪਤ ਕਰ ਲੈਂਦਾ ਹੈ। ਹੇ ਸਰਬ-ਵਿਆਪਕ ਪ੍ਰਭੂ! ਇਹ ਤੇਰੀ ਸਾਧ ਸੰਗਤਿ ਦੀ ਹੀ ਬਰਕਤਿ ਹੈ।੩। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਸ ਮਨੁੱਖ ਨੂੰ ਸਰਬ-ਵਿਆਪਕ ਪਰਮਾਤਮਾ ਮਿਲ ਪੈਂਦਾ ਹੈ। (ਪਰ, ਹੇ ਪ੍ਰਭੂ! ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੁੰਦੀ ਹੈ। ਹੇ ਨਾਨਕ! ਅਜੇਹਾ ਮਨੁੱਖ) ਆਤਮਕ ਅਡੋਲਤਾ ਦਾ ਬੇਅੰਤ ਸੁਖ ਮਾਣਦਾ ਹੈ, ਉਹ ਹਰ ਵੇਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿ ਕੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।੪।੭। ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥ {ਪੰਨਾ 607} ਪਦਅਰਥ: ਸਿਉ = ਨਾਲ। ਅੰਤਰੁ = ਅੰਦਰਲਾ। ਬੇਧਿਆ = ਵਿੱਝ ਗਿਆ। ਨੀਰ = ਪਾਣੀ।੧। ਪ੍ਰਭ = ਹੇ ਪ੍ਰਭੂ! ਹਰਿ = ਹੇ ਹਰੀ! ਨਾਈ = ਵਡਿਆਈ, ਸਿਫ਼ਤਿ-ਸਾਲਾਹ। ਹਉ = ਮੈਂ। ਅੰਤਰਿ = ਅੰਦਰ, ਦਿਲ ਵਿਚ {ਲਫ਼ਜ਼ 'ਅੰਤਰੁ' ਅਤੇ 'ਅੰਤਰਿ' ਦਾ ਫ਼ਰਕ ਚੇਤੇ ਰੱਖਣਾ}। ਮੰਗਾ = ਮੰਗਾਂ, ਮੈਂ ਮੰਗਦਾ ਹਾਂ।ਰਹਾਉ। ਚਾਤ੍ਰਿਕੁ = ਪਪੀਹਾ। ਗੁਰਮੁਖਿ = ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ। ਸੁਖ ਜਲੁ = ਆਤਮਕ ਆਨੰਦ ਦੇਣ ਵਾਲਾ ਨਾਮ = ਜਲ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਭਾਇ = ਪ੍ਰੇਮ ਦੀ ਰਾਹੀਂ। ਸੁਭਾਈ = ਸ੍ਰੇਸ਼ਟ ਪਿਆਰ ਦੀ ਰਾਹੀਂ।੨। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਦਹ ਦਿਸ = ਦਸੀਂ ਪਾਸੀਂ। ਪਾਈ = ਪਾਏ, ਪਾਂਦਾ ਹੈ। ਮਰੈ = ਮਰਦਾ ਹੈ।੩। ਗਾਵਹ = (ਅਸੀ ਜੀਵ) ਗਾਂਦੇ ਹਾਂ। ਪਾਈ = ਪਾਇ, ਪਾ ਕੇ। ਸਬਦਿ = ਸ਼ਬਦ ਦੀ ਰਾਹੀਂ।੪। ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ। ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧। ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩। ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮। ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ {ਪੰਨਾ 607} ਨੋਟ: ਪੰਚ ਪਦ-ਪੰਜ 'ਬੰਦਾਂ' ਵਾਲਾ ਸ਼ਬਦ। ਪਦਅਰਥ: ਅਚਰੁ = {ਅ = ਚਰੁ} ਨਾਹ ਜਿੱਤਿਆ ਜਾ ਸਕਣ (ਮਨ) ਵਾਲਾ। ਚਰੈ = ਜਿੱਤ ਲੈਂਦਾ ਹੈ। ਸਿਧਿ = (ਜੀਵਨ = ਸੰਗ੍ਰਾਮ ਵਿਚ) ਕਾਮਯਾਬੀ। ਤੇ = ਤੋਂ। ਬੁਧਿ = ਅਕਲ। ਸਰ = ਤੀਰ। ਤਨ = ਸਰੀਰ, ਹਿਰਦਾ। ਭ੍ਰਮੁ = ਮਨ ਦੀ ਭਟਕਣਾ।੧। ਗੋਬਿਦ = ਹੇ ਗੋਬਿੰਦ! ਕਉ = ਨੂੰ। ਪਰਗਾਸਹੁ = ਪਰਗਟ ਕਰੋ, ਉਜਾਗਰ ਕਰ ਦਿਉ। ਰਹਹੁ = ਰੱਖੋ।ਰਹਾਉ। ਸੰਸਾਰੁ = ਜਗਤ (ਦਾ ਮੋਹ) । ਆਵਣ ਜਾਣਾ = ਜਨਮ ਮਰਨ (ਦਾ ਮੂਲ) । ਮਨ = ਹੇ ਮਨ! ਨਾਮਿ = ਨਾਮ ਵਿਚ।੨। ਜਿਸ ਕੀ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹ ੈ}। ਵਥੁ = ਵਸਤੁ, ਨਾਮ = ਵਸਤੁ। ਸੋਈ = ਉਹੀ (ਪ੍ਰਭੂ) । ਜਿਸ ਨੋ = (ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ) । ਸੁ = ਉਹ ਮਨੁੱਖ। ਅਨੂਪ = ਸੁੰਦਰ, ਬੇ = ਮਿਸਾਲ (ਅਨ = ਊਪ = ਉਪਮਾ ਰਹਿਤ) । ਅਗਮ = ਅਪਹੁੰਚ। ਅਗੋਚਰ = {ਅ = ਗੋ = ਚਰ} ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਲਖੁ = ਅਦ੍ਰਿਸ਼ਟ ਪ੍ਰਭੂ। ਲਖਾਏ = ਵਿਖਾ ਦੇਂਦਾ ਹੈ।੩। ਜਿਨਿ = ਜਿਸ (ਮਨੁੱਖ) ਨੇ। ਇਹ = ਇਹ ਵਸਤੁ {ਇਸਤ੍ਰੀ ਲਿੰਗ}। ਕੋ = ਕੋਈ ਮਨੁੱਖ।੪। ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਸੋਈ = ਸਾਰ ਰੱਖਣ ਵਾਲਾ।੫। ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ। (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸ) ਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧। ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨। ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦ) ਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾ, ਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦ) ਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇ, ਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ) ।੪। ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ।੫।੯। ਜ਼ਰੂਰੀ ਨੋਟ: ਇਸ ਰਾਗ ਵਿਚ ਦੇ ਗੁਰੂ ਨਾਨਕ ਦੇਵ ਜੀ ਦੇ ਸਾਰੇ ਹੀ ਸ਼ਬਦਾਂ ਵਿਚ 'ਰਹਾਉ' ਦੀਆਂ ਤੁਕਾਂ ਨਾਲ ਲਫ਼ਜ਼ ਸਿਰਫ਼ "ਰਹਾਉ" ਹੈ, "੧।ਰਹਾਉ" ਨਹੀਂ। ਇਹੀ ਸਮਾਨਤਾ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸ਼ਬਦਾਂ ਵਿਚ ਮਿਲਦੀ ਹੈ। ਗੁਰੂ ਨਾਨਕ ਦੇਵ ਜੀ ਦੀ ਸਾਰੀ ਬਾਣੀ ਇਹਨਾਂ ਪਾਸ ਮੌਜੂਦ ਸੀ। |
Sri Guru Granth Darpan, by Professor Sahib Singh |