ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 622

ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ {ਪੰਨਾ 621-622}

ਪਦਅਰਥ: ਗੁਰਿ = ਗੁਰੂ ਨੇ। ਪ੍ਰਭਿ = ਪ੍ਰਭੂ ਨੇ। ਲੋਚ = ਤਾਂਘ। ਕਰਿ ਇਸਨਾਨੁ = ਮਨ ਨੂੰ ਨਾਮ ਜਲ ਨਾਲ ਪਵਿਤ੍ਰ ਕਰ ਕੇ। ਗ੍ਰਿਹਿ ਆਏ = ਅੰਤਰ = ਆਤਮੇ ਟਿਕ ਗਏ ਹਾਂ, ਮਾਇਆ ਦੀ ਖ਼ਾਤਰ ਭਟਕਣ ਤੋਂ ਬਚ ਗਏ ਹਾਂ।੧।

ਨਾਮਿ = ਨਾਮ ਵਿਚ (ਜੁੜ ਕੇ ਹੀ) ਨਿਸਤਰੀਐ = ਪਾਰ ਲੰਘ ਸਕੀਦਾ ਹੈ। ਧਿਆਈਐ = ਧਿਆਉਣਾ ਚਾਹੀਦਾ ਹੈ। ਅਨਦਿਨੁ = ਹਰਿ ਰੋਜ਼, ਹਰ ਵੇਲੇ। ਸੁਕ੍ਰਿਤੁ = ਨੇਕ ਕਰਮ। ਕਰੀਐ = ਕਰਨਾ ਚਾਹੀਦਾ ਹੈ।੧।ਰਹਾਉ।

ਮਾਰਗੁ = (ਜੀਵਨ ਦਾ) ਰਸਤਾ। ਕੋ = ਕੋਈ ਵਿਰਲਾ। ਕੋਟਿ = ਕ੍ਰੋੜਾਂ। ਕਿਲਬਿਖ = ਪਾਪ।੨।

ਉਸਤਤਿ = ਸਿਫ਼ਤਿ-ਸਾਲਾਹ। ਜਿਨਿ = ਜਿਸ (ਪ੍ਰਭੂ) ਨੇ। ਕਲ = ਕਲਾ, ਤਾਕਤ। ਸਭਿ = ਸਾਰੇ। ਸਾਖੀ = ਸਿੱਖਿਆ। ਸਚੁ = ਸਦਾ-ਥਿਰ ਹਰਿ = ਨਾਮ (ਦਾ ਸਿਮਰਨ) ੩।

ਸਤਿਗੁਰਿ = ਗੁਰੂ ਨੇ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ। ਸਭਿ = ਸਾਰੇ। ਪਾਵਨ = ਪਵਿੱਤ੍ਰ। ਸੁਖਿ = ਆਨੰਦ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਅੰਤਰ = ਆਤਮੇ।੪।

ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।

(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।

(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।

ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।

ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।

ਸੋਰਠਿ ਮਹਲਾ ੫ ॥ ਸਾਹਿਬੁ ਗੁਨੀ ਗਹੇਰਾ ॥ ਘਰੁ ਲਸਕਰੁ ਸਭੁ ਤੇਰਾ ॥ ਰਖਵਾਲੇ ਗੁਰ ਗੋਪਾਲਾ ॥ ਸਭਿ ਜੀਅ ਭਏ ਦਇਆਲਾ ॥੧॥ ਜਪਿ ਅਨਦਿ ਰਹਉ ਗੁਰ ਚਰਣਾ ॥ ਭਉ ਕਤਹਿ ਨਹੀ ਪ੍ਰਭ ਸਰਣਾ ॥ ਰਹਾਉ ॥ ਤੇਰਿਆ ਦਾਸਾ ਰਿਦੈ ਮੁਰਾਰੀ ॥ ਪ੍ਰਭਿ ਅਬਿਚਲ ਨੀਵ ਉਸਾਰੀ ॥ ਬਲੁ ਧਨੁ ਤਕੀਆ ਤੇਰਾ ॥ ਤੂ ਭਾਰੋ ਠਾਕੁਰੁ ਮੇਰਾ ॥੨॥ ਜਿਨਿ ਜਿਨਿ ਸਾਧਸੰਗੁ ਪਾਇਆ ॥ ਸੋ ਪ੍ਰਭਿ ਆਪਿ ਤਰਾਇਆ ॥ ਕਰਿ ਕਿਰਪਾ ਨਾਮ ਰਸੁ ਦੀਆ ॥ ਕੁਸਲ ਖੇਮ ਸਭ ਥੀਆ ॥੩॥ ਹੋਏ ਪ੍ਰਭੂ ਸਹਾਈ ॥ ਸਭ ਉਠਿ ਲਾਗੀ ਪਾਈ ॥ ਸਾਸਿ ਸਾਸਿ ਪ੍ਰਭੁ ਧਿਆਈਐ ॥ ਹਰਿ ਮੰਗਲੁ ਨਾਨਕ ਗਾਈਐ ॥੪॥੪॥੫੪॥ {ਪੰਨਾ 622}

ਪਦਅਰਥ: ਗੁਨੀ = ਗੁਣਾਂ ਦਾ ਮਾਲਕ। ਗਹੇਰਾ = ਗਹਿਰਾ, ਡੂੰਘਾ। ਘਰੁ ਲਸਕਰੁ = ਘਰ ਅਤੇ ਪਰਵਾਰ ਆਦਿਕ। ਗੁਰ = ਹੇ ਗੁਰੂ! ਗੋਪਾਲਾ = ਹੇ ਗੋਪਾਲਾ! ਰਖਵਾਲਾ = ਹੇ ਰਾਖੇ! ਸਭਿ ਜੀਅ = ਸਾਰੇ ਜੀਵਾਂ ਉੱਤੇ।੧।

ਅਨਦਿ = ਆਤਮਕ ਆਨੰਦ ਵਿਚ। ਰਹਉ = ਰਹਉਂ, ਮੈਂ ਰਹਿੰਦਾ ਹਾਂ। ਕਤਹਿ = ਕਿਤੇ ਭੀ।ਰਹਾਉ।

ਮੁਰਾਰੀ = {ਮੁਰ = ਅਰਿ} ਪਰਮਾਤਮਾ। ਰਿਦੈ = ਹਿਰਦੇ ਵਿਚ। ਪ੍ਰਭਿ = ਪ੍ਰਭੂ ਨੇ। ਅਬਿਚਲ ਨੀਵ = (ਭਗਤੀ ਦੀ) ਕਦੇ ਨਾਹ ਹਿੱਲਣ ਵਾਲੀ ਨੀਂਹ। ਤਕੀਆ = ਆਸਰਾ। ਭਾਰੋ = ਵੱਡਾ। ਠਾਕੁਰੁ = ਮਾਲਕ।੨।

ਜਿਨਿ = ਜਿਸ (ਮਨੁੱਖ) ਨੇ। ਪ੍ਰਭਿ = ਪ੍ਰਭੂ ਨੇ। ਤਰਾਇਆ = ਪਾਰ ਲੰਘਾ ਲਿਆ। ਰਸੁ = ਸੁਆਦ। ਕੁਸਲ ਖੇਮ = ਸੁਖ ਆਨੰਦ।੩।

ਸਹਾਈ = ਮਦਦਗਾਰ। ਪਾਈ = ਪੈਰੀਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਮੰਗਲੁ = ਸਿਫ਼ਤਿ-ਸਾਲਾਹ ਦਾ ਗੀਤ।੪।

ਅਰਥ: ਹੇ ਭਾਈ! ਗੁਰੂ ਦੇ ਚਰਨਾਂ ਨੂੰ ਹਿਰਦੇ ਵਿਚ ਵਸਾ ਕੇ ਮੈਂ ਆਤਮਕ ਆਨੰਦ ਵਿਚ ਟਿਕਿਆ ਰਹਿੰਦਾ ਹਾਂ। ਹੇ ਭਾਈ! ਪ੍ਰਭੂ ਦੀ ਸ਼ਰਨ ਪਿਆਂ ਕਿਤੇ ਭੀ ਕੋਈ ਡਰ ਪੋਹ ਨਹੀਂ ਸਕਦਾ।ਰਹਾਉ।

ਹੇ ਸਭ ਤੋਂ ਵੱਡੇ! ਹੇ ਸ੍ਰਿਸ਼ਟੀ ਦੇ ਪਾਲਣਹਾਰ! ਹੇ ਸਭ ਜੀਵਾਂ ਦੇ ਰਾਖੇ! ਤੂੰ ਸਾਰੇ ਜੀਵਾਂ ਉੱਤੇ ਦਇਆਵਾਨ ਰਹਿੰਦਾ ਹੈਂ। ਤੂੰ ਸਭ ਦਾ ਮਾਲਕ ਹੈਂ, ਤੂੰ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। (ਜੀਵਾਂ ਨੂੰ) ਸਾਰਾ ਘਰ-ਘਾਟ ਤੇਰਾ ਹੀ ਦਿੱਤਾ ਹੋਇਆ ਹੈ।੧।

ਹੇ ਪ੍ਰਭੂ! ਤੇਰੇ ਸੇਵਕਾਂ ਦੇ ਹਿਰਦੇ ਵਿਚ ਹੀ ਨਾਮ ਵੱਸਦਾ ਹੈ। ਹੇ ਪ੍ਰਭੂ! ਤੂੰ (ਆਪਣੇ ਦਾਸਾਂ ਦੇ ਹਿਰਦੇ ਵਿਚ ਭਗਤੀ ਦੀ) ਕਦੇ ਨਾਹ ਹਿੱਲਣ ਵਾਲੀ ਨੀਂਹ ਰੱਖ ਦਿੱਤੀ ਹੋਈ ਹੈ। ਹੇ ਪ੍ਰਭੂ! ਤੂੰ ਹੀ ਮੇਰਾ ਬਲ ਹੈਂ, ਤੂੰ ਹੀ ਮੇਰਾ ਧਨ ਹੈ, ਤੇਰਾ ਹੀ ਮੈਨੂੰ ਆਸਰਾ ਹੈ। ਤੂੰ ਮੇਰਾ ਸਭ ਤੋਂ ਵੱਡਾ ਮਾਲਕ ਹੈਂ।੨।

ਹੇ ਭਾਈ! ਜਿਸ ਜਿਸ ਮਨੁੱਖ ਨੇ ਗੁਰੂ ਦੀ ਸੰਗਤਿ ਪ੍ਰਾਪਤ ਕੀਤੀ ਹੈ, ਉਸ ਉਸ ਨੂੰ ਪ੍ਰਭੂ ਨੇ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ ਹੈ। ਜਿਸ ਮਨੁੱਖ ਨੂੰ ਪ੍ਰਭੂ ਨੇ ਮੇਹਰ ਕਰ ਕੇ ਆਪਣੇ ਨਾਮ ਦਾ ਸੁਆਦ ਬਖ਼ਸ਼ਿਆ ਹੈ, ਉਸ ਦੇ ਅੰਦਰ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।੩।

ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਮਦਦਗਾਰ ਬਣਦਾ ਹੈ, ਸਾਰੀ ਲੁਕਾਈ ਉਸ ਦੇ ਪੈਰੀਂ ਉੱਠ ਕੇ ਆ ਲੱਗਦੀ ਹੈ। ਹੇ ਨਾਨਕ! ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ। ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ।੪।੪।੫੪।

ਸੋਰਠਿ ਮਹਲਾ ੫ ॥ ਸੂਖ ਸਹਜ ਆਨੰਦਾ ॥ ਪ੍ਰਭੁ ਮਿਲਿਓ ਮਨਿ ਭਾਵੰਦਾ ॥ ਪੂਰੈ ਗੁਰਿ ਕਿਰਪਾ ਧਾਰੀ ॥ ਤਾ ਗਤਿ ਭਈ ਹਮਾਰੀ ॥੧॥ ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥ ਨਿਤ ਬਾਜੇ ਅਨਹਤ ਬੀਨਾ ॥ ਰਹਾਉ ॥ ਹਰਿ ਚਰਣ ਕੀ ਓਟ ਸਤਾਣੀ ॥ ਸਭ ਚੂਕੀ ਕਾਣਿ ਲੋਕਾਣੀ ॥ ਜਗਜੀਵਨੁ ਦਾਤਾ ਪਾਇਆ ॥ ਹਰਿ ਰਸਕਿ ਰਸਕਿ ਗੁਣ ਗਾਇਆ ॥੨॥ ਪ੍ਰਭ ਕਾਟਿਆ ਜਮ ਕਾ ਫਾਸਾ ॥ ਮਨ ਪੂਰਨ ਹੋਈ ਆਸਾ ॥ ਜਹ ਪੇਖਾ ਤਹ ਸੋਈ ॥ ਹਰਿ ਪ੍ਰਭ ਬਿਨੁ ਅਵਰੁ ਨ ਕੋਈ ॥੩॥ ਕਰਿ ਕਿਰਪਾ ਪ੍ਰਭਿ ਰਾਖੇ ॥ ਸਭਿ ਜਨਮ ਜਨਮ ਦੁਖ ਲਾਥੇ ॥ ਨਿਰਭਉ ਨਾਮੁ ਧਿਆਇਆ ॥ ਅਟਲ ਸੁਖੁ ਨਾਨਕ ਪਾਇਆ ॥੪॥੫॥੫੫॥ {ਪੰਨਾ 622}

ਪਦਅਰਥ: ਸਹਜ = ਆਤਮਕ ਅਡੋਲਤਾ। ਮਨਿ = ਮਨ ਵਿਚ। ਭਾਵੰਦਾ = ਪਿਆਰਾ ਲੱਗਣ ਵਾਲਾ। ਗੁਰਿ = ਗੁਰੂ ਨੇ। ਗਤਿ = ਉੱਚੀ ਆਤਮਕ ਅਵਸਥਾ।੧।

ਪ੍ਰੇਮ ਭਗਤਿ = ਪਿਆਰ = ਭਰੀ ਭਗਤੀ। ਬਾਜੇ = ਵੱਜਦੀ ਹੈ। ਅਨਹਦ = ਇਕ-ਰਸ, ਲਗਾਤਾਰ।ਰਹਾਉ।

ਓਟ = ਆਸਰਾ। ਸਤਾਣੀ = ਸ = ਤਾਣੀ, ਤਾਣ ਵਾਲੀ, ਤਕੜੀ। ਕਾਣਿ = ਮੁਥਾਜੀ। ਲੋਕਾਣੀ = ਲੋਕਾਂ ਦੀ। ਜਗਜੀਵਨੁ = ਜਗਤ ਦਾ ਜੀਵਨ, ਜਗਤ ਦਾ ਜੀਵਨ = ਦਾਤਾ। ਰਸਕਿ = ਪ੍ਰੇਮ ਨਾਲ, ਰਸ ਲੈ ਲੈ ਕੇ।੨।

ਫਾਹਾ = ਫਾਹੀ। ਜਹ = ਜਿੱਥੇ। ਪੇਖਾ = ਪੇਖਾਂ, ਮੈਂ ਵੇਖਦਾ ਹਾਂ। ਤਹ = ਉੱਥੇ।੩।

ਪ੍ਰਭਿ = ਪ੍ਰਭੂ ਨੇ। ਸਭਿ = ਸਾਰੇ। ਅਟਲ = ਕਦੇ ਨਾਹ ਮੁੱਕਣ ਵਾਲਾ।੪।

ਅਰਥ: ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਟਿਕਿਆ ਰਹਿੰਦਾ ਹੈ, ਉਸ ਦੇ ਅੰਦਰ ਸਦਾ ਇਕ-ਰਸ (ਆਤਮਕ ਆਨੰਦ ਦੀ, ਮਾਨੋ,) ਬੀਣਾ ਵੱਜਦੀ ਰਹਿੰਦੀ ਹੈ।ਰਹਾਉ।

(ਹੇ ਭਾਈ! ਜਦੋਂ ਤੋਂ) ਪੂਰੇ ਗੁਰੂ ਨੇ (ਮੇਰੇ ਉੱਤੇ) ਮੇਹਰ ਕੀਤੀ ਹੈ ਤਦੋਂ ਦੀ ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ, (ਮੈਨੂੰ) ਮਨ ਵਿਚ ਪਿਆਰਾ ਲੱਗਣ ਵਾਲਾ ਪਰਮਾਤਮਾ ਮਿਲ ਪਿਆ ਹੈ, ਮੇਰੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਬਣੇ ਰਹਿੰਦੇ ਹਨ।੧।

ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ-ਚਰਨਾਂ ਦਾ ਬਲਵਾਨ ਆਸਰਾ ਲੈ ਲਿਆ, ਦੁਨੀਆ ਦੇ ਲੋਕਾਂ ਵਾਲੀ ਉਸ ਦੀ ਸਾਰੀ ਮੁਥਾਜੀ ਮੁੱਕ ਗਈ। ਉਸ ਨੂੰ ਜਗਤ ਦਾ ਸਹਾਰਾ ਦਾਤਾਰ ਪ੍ਰਭੂ ਮਿਲ ਪੈਂਦਾ ਹੈ। ਉਹ ਸਦਾ ਬੜੇ ਪ੍ਰੇਮ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ।੨।

ਹੇ ਭਾਈ! ਮੇਰੀ ਭੀ ਪ੍ਰਭੂ ਨੇ ਜਮ ਦੀ ਫਾਹੀ ਕੱਟ ਦਿੱਤੀ ਹੈ, ਮੇਰੇ ਮਨ ਦੀ (ਇਹ ਚਿਰਾਂ ਦੀ) ਆਸ ਪੂਰੀ ਹੋ ਗਈ ਹੈ। ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਉਸ ਪਰਮਾਤਮਾ ਤੋਂ ਬਿਨਾ ਕੋਈ ਹੋਰ ਦਿਖਾਈ ਨਹੀਂ ਦੇਂਦਾ।੩।

ਹੇ ਨਾਨਕ! ਪ੍ਰਭੂ ਨੇ ਕਿਰਪਾ ਕਰ ਕੇ ਜਿਨ੍ਹਾਂ ਦੀ ਰੱਖਿਆ ਕੀਤੀ, ਉਹਨਾਂ ਦੇ ਅਨੇਕਾਂ ਜਨਮਾਂ ਦੇ ਸਾਰੇ ਦੁੱਖ ਦੂਰ ਹੋ ਗਏ। ਜਿਨ੍ਹਾਂ ਨੇ ਨਿਰਭਉ ਪ੍ਰਭੂ ਦਾ ਨਾਮ ਸਿਮਰਿਆ, ਉਹਨਾਂ ਉਹ ਆਤਮਕ ਆਨੰਦ ਪ੍ਰਾਪਤ ਕਰ ਲਿਆ ਜੋ ਕਦੇ ਦੂਰ ਨਹੀਂ ਹੁੰਦਾ।੪।੫।੫੫।

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ {ਪੰਨਾ 622}

ਪਦਅਰਥ: ਠਾਢਿ = ਠੰਢ, ਸ਼ਾਂਤੀ। ਕਰਤਾਰੇ = ਕਰਤਾਰਿ, ਕਰਤਾਰ ਨੇ। ਪਰਵਾਰੇ = ਪਰਵਾਰ ਨੂੰ, ਜੀਵ ਦੇ ਸਾਰੇ ਗਿਆਨ = ਇੰਦ੍ਰਿਆਂ ਨੂੰ। ਗੁਰਿ = ਗੁਰੂ ਨੇ। ਸਚੇ ਕੀ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ। ਤਾਕੀ = ਤੱਕੀ।੧।

ਰਖਵਾਲਾ = ਰਾਖਾ। ਸਹਜ ਸੁਖ = ਆਤਮਕ ਅਡੋਲਤਾ ਦੇ ਸੁਖ। ਉਪਜੇ = ਪੈਦਾ ਹੋ ਗਏ। ਸੁਖਾਲਾ = ਸੁਖੀ।ਰਹਾਉ।

ਦਾਰੂ = ਦਵਾਈ। ਤਿਨਿ = ਉਸ (ਦਾਰੂ) ਨੇ। ਬਿਦਾਰੂ = ਨਾਸ ਕਰ ਦਿੱਤਾ। ਬਾਤ = (ਜੀਵਨ ਦੀ) ਕਹਾਣੀ।੨।

ਪ੍ਰਭਿ = ਪ੍ਰਭੂ ਨੇ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਸਮਾਰਿਆ = ਚੇਤੇ ਰੱਖਿਆ। ਹਮਰਾ = ਅਸਾਂ ਜੀਵਾਂ ਦਾ। ਸਾਖੀ = ਸਾਖਿਆਤ। ਤਿਨਿ = ਉਸ (ਸ਼ਬਦ) ਨੇ। ਲਾਜ = ਇੱਜ਼ਤ।੩।

ਬੋਲੀ = ਬੋਲੀਂ, ਮੈਂ ਬੋਲਦਾ ਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਹਾਂ। ਗੁਣੀ = ਗੁਣਾਂ ਦਾ ਮਾਲਕ। ਗਹੇਰਾ = ਡੂੰਘਾ। ਸਚੁ ਸਾਖੀ = ਸਦਾ ਨਾਲ ਨਿਭਣ ਵਾਲਾ ਮਦਦਗਾਰ। ਸਾਖੀ = ਸਾਖ ਭਰਨ ਵਾਲਾ। ਪੈਜ = ਇੱਜ਼ਤ।੪।

ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।

ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ੨।

ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ੩।

ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।

TOP OF PAGE

Sri Guru Granth Darpan, by Professor Sahib Singh