ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 638

ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ {ਪੰਨਾ 638}

ਪਦਅਰਥ: ਕਿਨੈ = ਕਿਸੇ ਨੇ ਭੀ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭਉਕਿ = ਫ਼ਜ਼ੂਲ ਬੋਲ ਕੇ। ਮੁਏ = ਆਤਮਕ ਮੌਤ ਸਹੇੜ ਬੈਠੇ। ਬਿਲਲਾਈ = ਬਿਲਲਾਇ, ਵਿਲਕ ਕੇ। ਆਵਹਿ ਜਾਵਹਿ = ਜੰਮਦੇ ਹਨ ਮਰਦੇ ਹਨ। ਠਉਰ = ਟਿਕਾਣਾ, ਜਨਮ ਮਰਨ ਤੋਂ ਖਲ੍ਹੀਰ। ਦੁਖਿ = ਦੁੱਖ ਵਿਚ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਸਹਜੇ = ਆਤਮਕ ਅਡੋਲਤਾ ਵਿਚ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਸਮਾਈ = ਲੀਨਤਾ।੬।

ਜਨਮੁ = ਜਨਮਾਂ ਦਾ ਗੇੜ। ਅਧਿਕਾਈ = ਬਹੁਤ। ਪੜਹਿ = ਪੜ੍ਹਦੇ ਹਨ {ਬਹੁ-ਵਚਨ}ਤੈ = ਅਤੇ। ਵਾਦ = ਚਰਚਾ, ਬਹਿਸਾਂ। ਪਤਿ = ਇੱਜ਼ਤ। ਸਚਾ = ਸਦਾ-ਥਿਰ (ਪ੍ਰਭੂ ਦਾ ਉਪਦੇਸ਼ ਕਰਨ ਵਾਲਾ) ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਭਜਿ = ਭੱਜ ਕੇ, ਦੌੜ ਕੇ। ਛੂਟਹਿ = (ਆਤਮਕ ਮੌਤ ਤੋਂ) ਬਚਦੇ ਹਨ।੭।

ਮਨਿ = ਮਨ ਵਿਚ। ਦਰਿ = ਪ੍ਰਭੂ ਦੇ ਦਰ ਤੇ। ਸਾਚੇ = ਸੁਰਖ਼ = ਰੂ। ਦਰਿ ਸਾਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ। ਸਚਿਆਰਾ = ਸੁਰਖ਼ = ਰੂ, ਇੱਜ਼ਤ ਵਾਲੇ। ਜੁਗਿ ਜੁਗਿ = ਹਰੇਕ ਜੁਗ ਵਿਚ। ਤਿਨ ਕੈ = ਉਹਨਾਂ ਤੋਂ। ਸਦ = ਸਦਾ। ਉਰਿ = ਹਿਰਦੇ ਵਿਚ।

ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ {ਪੰਨਾ 638}

ਨੋਟ: ਵੇਖੋ ਗੁਰੂ ਨਾਨਕ ਦੇਵ ਜੀ ਦੀ ਅਸ਼ਟਪਦੀ ਨੰ: ੪ ਉਹ ਭੀ ਦੁਤੁਕੀ ਹੈ। ਉਸ ਵਿਚ ਭੀ ਲਫ਼ਜ਼ 'ਭਾਈ' ਦੀ ਵਰਤੋਂ ਉਵੇਂ ਹੀ ਹੈ ਜਿਵੇਂ ਇਸ ਵਿਚ। ਉਸ ਵਿਚ ਭੀ "ਨਿਗੁਣਿਆਂ" ਦਾ ਹੀ ਜ਼ਿਕਰ ਸ਼ੁਰੂ ਹੁੰਦਾ ਹੈ। ਗੁਰੂ ਅਮਰਦਾਸ ਜੀ ਦੇ ਪਾਸ ਗੁਰੂ ਨਾਨਕ ਦੇਵ ਜੀ ਦੀ ਸਾਰੀ ਬਾਣੀ ਮੌਜੂਦ ਸੀ।

ਪਦਅਰਥ: ਨਿਗੁਣਿਆ ਨੋ = ਗੁਣ-ਹੀਨ ਮਨੁੱਖਾਂ ਨੂੰ। ਆਪੇ = ਆਪ ਹੀ। ਭਾਈ = ਹੇ ਭਾਈ! ਲਾਇ = ਲਾ ਕੇ। ਨਾਮਿ = ਨਾਮ ਵਿਚ।੧।

ਬਖਸਿ = ਮੇਹਰ ਕਰ ਕੇ। ਮਿਲਾਇ = ਮਿਲਾ ਲੈਂਦਾ ਹੈ। ਅਪਰਾਧੀ = ਪਾਪੀ। ਸਤਿਗੁਰਿ = ਗੁਰੂ ਨੇ।ਰਹਾਉ।

ਬਖਸਿਅਨੁ = ਉਸ ਨੇ ਬਖ਼ਸ਼ੇ ਹਨ। ਕਉਣ ਕਉਣ = ਕੇਹੜੇ ਕੇਹੜੇ? ਬੇਅੰਤ। ਸਾਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ। ਵੀਚਾਰਿ = ਵਿਚਾਰ ਵਿਚ (ਜੋੜ ਕੇ) ਉਤਾਰਿਅਨੁ = ਉਸ ਨੇ ਪਾਰ ਲੰਘਾ ਦਿੱਤੇ ਹਨ। ਬੇੜੈ = ਬੇੜੇ ਵਿਚ। ਚਾੜਿ = ਚਾੜ੍ਹ ਕੇ।੨।

ਮਨੂਰੈ ਤੇ = ਸੜੇ ਹੋਏ ਲੋਹੇ ਤੋਂ। ਕੰਚਨ = ਸੋਨਾ। ਮੇਲਿ = ਮੇਲ ਕੇ। ਆਪੁ = ਆਪਾ = ਭਾਵ। ਮਨਿ = ਮਨ ਵਿਚ।੩।

ਹਉ = ਮੈਂ। ਵਾਰੀ = ਕੁਰਬਾਨ। ਵਾਰਣੈ = ਸਦਕੇ। ਕਉ = ਨੂੰ, ਤੋਂ। ਸਦ = ਸਦਾ। ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ,ਨਿਧਾਨੁ = ਖ਼ਜ਼ਾਨਾ। ਜਿਨੀ = ਜਿਸ (ਗੁਰੂ) ਨੇ। ਸਹਜਿ = ਆਤਮਕ ਅਡੋਲਤਾ ਵਿਚ। ਸਮਾਉ = ਸਮਾਉਂ, ਮੈਂ ਲੀਨ ਰਹਿੰਦਾ ਹਾਂ।੪।

ਅਰਥ: ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ।

ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧।

ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।੩।

ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।੪।

ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥ {ਪੰਨਾ 638}

ਪਦਅਰਥ: ਸਹਜੁ = ਆਤਮਕ ਅਡੋਲਤਾ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ। ਆਪੁ = ਆਪਾ = ਭਾਵ। ਗਵਾਹਿ = ਦੂਰ ਕਰ ਕੇ।੫।

ਭਉ = ਡਰ, ਅਦਬ। ਕਰਣੀ = {करणीय} ਕਰਨ = ਯੋਗ ਕੰਮ। ਸਚੁ = ਸਦਾ-ਥਿਰ ਰਹਿਣ ਵਾਲਾ। ਸਾਰੁ = ਸ੍ਰੇਸ਼ਟ। ਆਧਾਰੁ = ਆਸਰਾ।੬।

ਤਿਨ ਕੈ ਪਾਇ = ਉਹਨਾਂ ਦੀ ਪੈਰੀਂ। ਲਾਗਉ = ਲਾਗਉਂ, ਮੈਂ ਲੱਗਦਾ ਹਾਂ। ਸਵਾਰੀ = ਸਵਾਰੀਂ, ਮੈਂ ਸਵਾਰਦਾ ਹਾਂ। ਲਈ = ਲਈਂ, ਲੈਂਦਾ ਹਾਂ।੭।

ਤੇ = ਤੋਂ, ਨਾਲ। ਮਨਿ = ਮਨ ਵਿਚ। ਬਿਘਨੁ = ਰੁਕਾਵਟ।੮।

ਅਰਥ: ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ। (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ।੫।

ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ। ਹੇ ਭਾਈ! ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।੬।

ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ।੭।

ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! ਆਖ-) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ।੮।੨।

TOP OF PAGE

Sri Guru Granth Darpan, by Professor Sahib Singh