ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ |
Page 639 ਸੋਰਠਿ ਮਹਲਾ ੩ ॥ ਹਰਿ ਜੀਉ ਸਬਦੇ ਜਾਪਦਾ ਭਾਈ ਪੂਰੈ ਭਾਗਿ ਮਿਲਾਇ ॥ ਸਦਾ ਸੁਖੁ ਸੋਹਾਗਣੀ ਭਾਈ ਅਨਦਿਨੁ ਰਤੀਆ ਰੰਗੁ ਲਾਇ ॥੧॥ ਹਰਿ ਜੀ ਤੂ ਆਪੇ ਰੰਗੁ ਚੜਾਇ ॥ ਗਾਵਹੁ ਗਾਵਹੁ ਰੰਗਿ ਰਾਤਿਹੋ ਭਾਈ ਹਰਿ ਸੇਤੀ ਰੰਗੁ ਲਾਇ ॥ ਰਹਾਉ ॥ ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ ॥ ਸਦਾ ਸਹਜੁ ਫਿਰਿ ਦੁਖੁ ਨ ਲਗਈ ਭਾਈ ਹਰਿ ਆਪਿ ਵਸੈ ਮਨਿ ਆਇ ॥੨॥ ਪਿਰ ਕਾ ਹੁਕਮੁ ਨ ਜਾਣਈ ਭਾਈ ਸਾ ਕੁਲਖਣੀ ਕੁਨਾਰਿ ॥ ਮਨਹਠਿ ਕਾਰ ਕਮਾਵਣੀ ਭਾਈ ਵਿਣੁ ਨਾਵੈ ਕੂੜਿਆਰਿ ॥੩॥ ਸੇ ਗਾਵਹਿ ਜਿਨ ਮਸਤਕਿ ਭਾਗੁ ਹੈ ਭਾਈ ਭਾਇ ਸਚੈ ਬੈਰਾਗੁ ॥ ਅਨਦਿਨੁ ਰਾਤੇ ਗੁਣ ਰਵਹਿ ਭਾਈ ਨਿਰਭਉ ਗੁਰ ਲਿਵ ਲਾਗੁ ॥੪॥ ਸਭਨਾ ਮਾਰਿ ਜੀਵਾਲਦਾ ਭਾਈ ਸੋ ਸੇਵਹੁ ਦਿਨੁ ਰਾਤਿ ॥ ਸੋ ਕਿਉ ਮਨਹੁ ਵਿਸਾਰੀਐ ਭਾਈ ਜਿਸ ਦੀ ਵਡੀ ਹੈ ਦਾਤਿ ॥੫॥ ਮਨਮੁਖਿ ਮੈਲੀ ਡੁੰਮਣੀ ਭਾਈ ਦਰਗਹ ਨਾਹੀ ਥਾਉ ॥ ਗੁਰਮੁਖਿ ਹੋਵੈ ਤ ਗੁਣ ਰਵੈ ਭਾਈ ਮਿਲਿ ਪ੍ਰੀਤਮ ਸਾਚਿ ਸਮਾਉ ॥੬॥ ਏਤੁ ਜਨਮਿ ਹਰਿ ਨ ਚੇਤਿਓ ਭਾਈ ਕਿਆ ਮੁਹੁ ਦੇਸੀ ਜਾਇ ॥ ਕਿੜੀ ਪਵੰਦੀ ਮੁਹਾਇਓਨੁ ਭਾਈ ਬਿਖਿਆ ਨੋ ਲੋਭਾਇ ॥੭॥ ਨਾਮੁ ਸਮਾਲਹਿ ਸੁਖਿ ਵਸਹਿ ਭਾਈ ਸਦਾ ਸੁਖੁ ਸਾਂਤਿ ਸਰੀਰ ॥ ਨਾਨਕ ਨਾਮੁ ਸਮਾਲਿ ਤੂ ਭਾਈ ਅਪਰੰਪਰ ਗੁਣੀ ਗਹੀਰ ॥੮॥੩॥ {ਪੰਨਾ 639} ਪਦਅਰਥ: ਸਬਦੇ = ਗੁਰੂ ਦੇ ਸ਼ਬਦ ਦੀ ਰਾਹੀਂ ਹੀ, ਸ਼ਬਦਿ ਹੀ। ਜਾਪਦਾ = ਜਾਣ-ਪਛਾਣ ਬਣਦੀ ਹੈ। ਪੂਰੈ ਭਾਗਿ = ਪੂਰੀ ਕਿਸਮਤ ਨਾਲ। ਸੋਹਾਗਣੀ = ਚੰਗੇ ਭਾਗਾਂ ਵਾਲੀਆਂ, ਖਸਮ = ਸਾਂਈ ਵਾਲੀਆਂ। ਅਨਦਿਨੁ = ਹਰ ਰੋਜ਼, ਹਰ ਵੇਲੇ। ਰੰਗੁ = ਪ੍ਰੇਮ।੧। ਆਪੇ = ਆਪ ਹੀ। ਚੜਾਇ = ਚੜਾਂਦਾ ਹੈਂ। ਰੰਗਿ = ਪ੍ਰੇਮ = ਰੰਗ ਵਿਚ। ਰਾਤਿਹੋ = ਹੇ ਰੱਤੇ ਹੋਏ ਸੱਜਣੋ! ਸੇਤੀ = ਨਾਲ। ਲਾਇ = ਲਾ ਕੇ।ਰਹਾਉ। ਆਪੁ = ਆਪਾ = ਭਾਵ। ਛੋਡਿ = ਛੱਡ ਕੇ। ਸਹਜੁ = ਆਤਮਕ ਅਡੋਲਤਾ। ਮਨਿ = ਮਨ ਵਿਚ। ਆਇ = ਆ ਕੇ।੨। ਪਿਰ ਕਾ = ਪਤੀ ਦਾ। ਜਾਣਈ = ਜਾਣੈ, ਜਾਣਦੀ। ਸਾ = ਉਹ {ਇਸਤ੍ਰੀ ਲਿੰਗ}। ਕੁਲਖਣੀ = ਭੈੜੇ ਲੱਛਣਾਂ ਵਾਲੀ। ਕੁਨਾਰਿ = ਭੈੜੀ ਇਸਤ੍ਰੀ। ਹਠਿ = ਹਠ ਨਾਲ। ਵਿਣੁ ਨਾਵੈ = ਨਾਮ ਤੋਂ ਬਿਨਾ। ਕੂੜਿਆਰਿ = ਝੂਠ ਦੀ ਵਣਜਾਰਨ।੩। ਸੇ = ਉਹ {ਬਹੁ-ਵਚਨ}। ਮਸਤਕਿ = ਮੱਥੇ ਉੱਤੇ। ਭਾਇ = ਪਿਆਰ ਦੇ ਕਾਰਨ। ਭਾਇ ਸਚੈ = ਸਦਾ-ਥਿਰ ਪ੍ਰਭੂ ਦੇ ਨਾਲ ਪਿਆਰ ਦੇ ਕਾਰਨ। ਬੈਰਾਗੁ = ਨਿਰਮੋਹਤਾ। ਰਵਹਿ = ਯਾਦ ਕਰਦੇ ਹਨ।੪। ਸੇਵਹੁ = ਸੇਵਾ = ਭਗਤੀ ਕਰੋ। ਮਨਹੁ = ਮਨ ਤੋਂ। ਦਾਤਿ = ਬਖ਼ਸ਼ਸ਼।੫। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ = ਇਸਤ੍ਰੀ। ਮੈਲੀ = ਵਿਕਾਰਾਂ ਦੀ ਮੈਲ ਨਾਲ ਭਰੀ ਹੋਈ। ਡੁੰਮਣੀ = ਦੋ ਮਨਾਂ ਵਾਲੀ, ਦੁ = ਚਿਤੀ, ਦੁ = ਬਾਜਰੀ। ਰਵੈ = ਸਿਮਰਦੀ ਹੈ। ਮਿਲਿ = ਮਿਲ ਕੇ। ਸਾਚਿ = ਸਦਾ-ਥਿਰ ਹਰੀ ਵਿਚ।੬। ਏਤੁ = ਇਸ ਵਿਚ। ਏਤੁ ਜਨਮਿ = ਇਸ ਜਨਮ ਵਿਚ। ਦੇਸੀ = ਦੇਵੇਗਾ। ਕਿੜ = ਆਵਾਜ਼। ਕਿੜੀ ਪਵੰਦੀ = ਆਵਾਜ਼ਾਂ ਪੈਂਦਿਆਂ ਭੀ, ਉਪਦੇਸ਼ ਮਿਲਦਿਆਂ ਭੀ। ਮੁਹਾਇਓਨੁ = ਉਸ ਨੇ (ਆਪਣੇ ਆਪ ਨੂੰ) ਲੁਟਾ ਲਿਆ। ਬਿਖਿਆ ਨੋ = ਮਾਇਆ ਦੀ ਖ਼ਾਤਰ। ਲੋਭਾਇ = ਲੋਭ ਵਿਚ ਫਸ ਕੇ।੭। ਸਮਾਲਹਿ = ਯਾਦ ਕਰਦੇ ਹਨ, ਹਿਰਦੇ ਵਿਚ ਵਸਾਂਦੇ ਹਨ। ਸੁਖਿ = ਸੁਖ ਵਿਚ। ਅਪਰੰਪਰ = ਪਰੇ ਤੋਂ ਪਰੇ। ਗੁਣੀ = ਗੁਣਾਂ ਦਾ ਖ਼ਜ਼ਾਨਾ। ਗਹੀਰ = ਡੂੰਘਾ, ਵੱਡੇ ਜਿਗਰੇ ਵਾਲਾ।੮। ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਸਰਨ ਆਏ ਜੀਵਾਂ ਦੇ ਹਿਰਦੇ ਉਤੇ ਆਪਣੇ ਪਿਆਰ ਦਾ) ਰੰਗ ਚਾੜ੍ਹਦਾ ਹੈਂ। ਪ੍ਰਭੂ-ਪਿਆਰ ਦੇ ਰੰਗ ਵਿਚ ਰੰਗੇ ਹੋਏ ਹੇ ਭਰਾਵੋ! ਪਰਮਾਤਮਾ ਨਾਲ ਪਿਆਰ ਪਾ ਕੇ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਨਾਲ ਜਾਣ-ਪਛਾਣ ਬਣਦੀ ਹੈ, ਪੂਰੀ ਕਿਸਮਤਿ ਨਾਲ (ਗੁਰੂ ਜੀਵ ਨੂੰ ਪਰਮਾਤਮਾ ਨਾਲ) ਮਿਲਾ ਦੇਂਦਾ ਹੈ। ਹੇ ਭਾਈ! ਖਸਮ-ਪ੍ਰਭੂ ਨਾਲ ਪਿਆਰ ਕਰਨ ਵਾਲੀਆਂ ਜੀਵ-ਇਸਤ੍ਰੀਆਂ ਸਦਾ ਆਤਮਕ ਸੁਖ ਮਾਣਦੀਆਂ ਹਨ, ਪ੍ਰਭੂ ਨਾਲ ਪਿਆਰ ਪਾ ਕੇ ਉਹ ਹਰ ਵੇਲੇ ਉਸ ਦੇ ਪ੍ਰੇਮ-ਰੰਗ ਵਿਚ ਰੰਗੀਆਂ ਰਹਿੰਦੀਆਂ ਹਨ।੧। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਆਪਾ-ਭਾਵ ਛੱਡ ਕੇ, ਤੇ, ਮਨ ਲਾ ਕੇ ਗੁਰੂ ਦੀ ਦੱਸੀ ਕਾਰ ਕਰਦੀ ਹੈ, (ਉਸ ਦੇ ਅੰਦਰ) ਸਦਾ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਉਸ ਨੂੰ ਕਦੇ ਦੁੱਖ ਪੋਹ ਨਹੀਂ ਸਕਦਾ, ਉਸ ਦੇ ਮਨ ਵਿਚ ਪਰਮਾਤਮਾ ਆਪ ਆ ਵੱਸਦਾ ਹੈ।੧। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਰਜ਼ਾ ਨੂੰ ਨਹੀਂ ਸਮਝਦੀ, ਉਹ ਕੋਝੇ ਲੱਛਣਾਂ ਵਾਲੀ ਹੈ, ਚੰਦਰੀ ਹੈ। (ਜੇ ਉਹ ਵਿਖਾਵੇ-ਮਾਤਰ) ਮਨ ਦੇ ਹਠ ਨਾਲ (ਗੁਰੂ ਦੀ ਦੱਸੀ) ਕਾਰ ਕਰਦੀ ਹੈ ਤਾਂ ਭੀ, ਹੇ ਭਾਈ! ਉਹ ਨਾਮ ਤੋਂ ਸੱਖਣੀ ਹੀ ਰਹਿੰਦੀ ਹੈ, ਉਹ ਝੂਠ ਦੀ ਹੀ ਵਣਜਾਰਨ ਬਣੀ ਰਹਿੰਦੀ ਹੈ।੩। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਸਦਾ-ਥਿਰ ਪ੍ਰਭੂ ਦੇ ਪ੍ਰੇਮ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਦੁਨੀਆ ਦੇ ਮੋਹ ਵਲੋਂ) ਉਪਰਾਮਤਾ ਪੈਦਾ ਹੋ ਜਾਂਦੀ ਹੈ। ਹੇ ਭਾਈ! ਉਹ (ਪ੍ਰਭੂ-ਪ੍ਰੇਮ ਦੇ ਰੰਗ ਵਿਚ) ਰੰਗੇ ਹੋਏ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦੇ ਹਨ, ਉਹ ਨਿਡਰ ਰਹਿੰਦੇ ਹਨ, ਉਹਨਾਂ ਦੇ ਅੰਦਰ ਗੁਰੂ ਦੀ ਬਖ਼ਸ਼ੀ ਹੋਈ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ।੪। ਹੇ ਭਾਈ! ਦਿਨ ਰਾਤ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਿਆ ਕਰੋ, ਜੋ ਸਭ ਜੀਵਾਂ ਨੂੰ ਮਾਰਦਾ ਹੈ ਤੇ ਜਿਵਾਂਦਾ ਹੈ। ਹੇ ਭਾਈ! ਜਿਸ ਪਰਮਾਤਮਾ ਦੀ (ਜੀਵਾਂ ਉਤੇ ਕੀਤੀ ਹੋਈ) ਬਖ਼ਸ਼ਸ਼ ਬਹੁਤ ਵੱਡੀ ਹੈ, ਉਸ ਨੂੰ ਮਨ ਤੋਂ ਭੁਲਾਣਾ ਨਹੀਂ ਚਾਹੀਦਾ।੫। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਵਿਕਾਰਾਂ ਦੀ ਮੈਲ ਨਾਲ ਭਰੀ ਰਹਿੰਦੀ ਹੈ, ਉਸ ਦਾ ਮਨ ਸਦਾ ਡੋਲਦਾ ਰਹਿੰਦਾ ਹੈ (ਇਸ ਵਾਸਤੇ) ਉਸ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਨਹੀਂ ਮਿਲਦੀ। ਪਰ ਹੇ ਭਾਈ! ਜਦੋਂ ਉਹ ਗੁਰੂ ਦੀ ਸ਼ਰਨ ਆ ਪੈਂਦੀ ਹੈ, ਤਦੋਂ ਪਰਮਾਤਮਾ ਦੇ ਗੁਣ ਚੇਤੇ ਕਰਨ ਲੱਗ ਪੈਂਦੀ ਹੈ। ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਹ ਉਸ ਸਦਾ-ਥਿਰ ਵਿਚ ਲੀਨ ਹੋ ਜਾਂਦੀ ਹੈ।੬। ਹੇ ਭਾਈ! ਜਿਸ ਨੇ ਇਸ ਮਨੁੱਖਾ ਜਨਮ ਵਿਚ ਪਰਮਾਤਮਾ ਨੂੰ ਯਾਦ ਨਾਹ ਕੀਤਾ ਉਹ (ਪਰਲੋਕ ਵਿਚ) ਜਾ ਕੇ ਕੀਹ ਮੂੰਹ ਵਿਖਾਏਗਾ? (ਸ਼ਰਮ-ਸਾਰ ਹੋਵੇਗਾ) । ਹੇ ਭਾਈ! ਮਾਇਆ ਦੀ ਖ਼ਾਤਰ ਲੋਭ ਵਿਚ ਫਸ ਕੇ, (ਸੁਚੇਤ ਰਹਿਣ ਦੀਆਂ) ਵਾਜਾਂ ਪੈਂਦਿਆਂ ਭੀ ਉਸ ਨੇ ਆਪਣਾ ਆਤਮਕ ਜੀਵਨ ਲੁਟਾ ਲਿਆ।੭। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦੇ ਹਨ, ਉਹ ਆਨੰਦ ਵਿਚ ਵੱਸਦੇ ਹਨ ਉਹਨਾਂ ਦੇ ਸਰੀਰ ਨੂੰ ਸੁਖ ਸ਼ਾਂਤੀ ਪ੍ਰਾਪਤ ਰਹਿੰਦੀ ਹੈ। ਹੇ ਨਾਨਕ! ਆਖ-) ਹੇ ਭਾਈ! ਤੂੰ ਉਸ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾਈ ਰੱਖ, ਜੇਹੜਾ ਬਹੁਤ ਬੇਅੰਤ ਹੈ ਜੋ ਗੁਣਾਂ ਦਾ ਮਾਲਕ ਹੈ, ਜੋ ਵੱਡੇ ਜਿਗਰੇ ਵਾਲਾ ਹੈ।੮।੩। ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ {ਪੰਨਾ 639} ਪਦਅਰਥ: ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ = ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂ? ਕਿਸ ਪਾਸੋਂ? ਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂ? ਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ} ਜਿਸ ਪਾਸੋਂ। ਜਾਪੈ = ਸਮਝੀਦਾ ਹੈ। ਤਥੁ = ਅਸਲੀਅਤ।੧। ਦੇਇ = ਦੇਂਦਾ ਹੈ। ਹੰਤਾ = ਨਾਸ ਕਰਨ ਵਾਲਾ।ਰਹਾਉ। ਜਾ ਕੈ ਘਰਿ = ਜਿਸ (ਪ੍ਰਭੂ) ਦੇ ਘਰ ਵਿਚ। ਨਉ ਨਿਧਿ = ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ। ਭੰਡਾਰ = ਖ਼ਜ਼ਾਨੇ। ਤਿਸ ਕੀ = {ਲਫ਼ਜ਼ 'ਤਿਸ' ਦਾ ੁ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹੈ}। ਅਗਮ = ਅਪਹੁੰਚ। ਅਪਾਰ = ਬੇਅੰਤ, ਜਿਸ ਦਾ ਪਾਰਲਾ ਬੰਨਾ ਨਹੀਂ ਦਿੱਸਦਾ। ਸਾਰ = ਸੰਭਾਲ। ਭੇਟੀਐ = ਲੱਭੀਏ। ਸਬਦਿ = ਸ਼ਬਦ ਵਿਚ (ਜੋੜ ਕੇ) । ਮਿਲਾਵਣਹਾਰ = ਮਿਲਾ ਸਕਣ ਵਾਲਾ।੨। ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। |
Sri Guru Granth Darpan, by Professor Sahib Singh |