ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 641

ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥ ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥ ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥ {ਪੰਨਾ 641}

ਪਦਅਰਥ: ਤਿਨਿ = ਉਸ (ਮਿੱਠੇ) ਨੇ। ਤਨਿ = ਸਰੀਰ ਵਿਚ। ਕਉੜਾ = ਦੁਖਦਾਈ। ਪਤਿਸਟਿਆ = ਟਿਕ ਗਿਆ {प्रस्था = to stand firmly}ਤਿਸ ਤੇ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਤੇ' ਕਾਰਨ ਉੱਡ ਗਿਆ ਹੈ}ਸੋਗੁ = ਗ਼ਮ, ਚਿੰਤਾ। ਭੋਗ = ਦੁਨੀਆ ਦੇ ਸੁਆਦਲੇ ਪਦਾਰਥ। ਭੁੰਚਾਇ = ਖਵਾ ਕੇ। ਭੁਲਾਇਅਨੁ = ਉਸ (ਪ੍ਰਭੂ) ਨੇ ਕੁਰਾਹੇ ਪਾ ਦਿੱਤਾ। ਵਿਜੋਗੁ = ਵਿਛੋੜਾ। ਗੁਰ ਮੇਲਿ = ਗੁਰੂ ਨੂੰ ਮਿਲਾ ਕੇ। ਉਧਾਰਿਆ = ਵਿਕਾਰਾਂ ਤੋਂ ਬਚਾ ਲਿਆ। ਤਿਨ ਸੰਜੋਗੁ = ਉਹਨਾਂ ਦਾ (ਪ੍ਰਭੂ ਨਾਲ) ਮਿਲਾਪ। ਧੁਰੇ = ਧੁਰ ਤੋਂ ਹੀ, ਪ੍ਰਭੂ ਦੀ ਹਜ਼ੂਰੀ ਵਿਚੋਂ ਹੀ। ਪਇਆ = ਲਿਖਿਆ ਪਿਆ ਸੀ।੩।

ਲਾਲਚਿ = ਲਾਲਚ ਵਿਚ। ਅਟਿਆ = ਲਿਬੜਿਆ। ਚਿਤਿ = ਚਿੱਤ ਵਿਚ। ਮੂਲਿ = ਬਿਲਕੁਲ ਹੀ। ਪਾਰਬ੍ਰਹਮ = ਹੇ ਪਰਮਾਤਮਾ! ਸੇ ਤਨ = {ਬਹੁ-ਵਚਨ} ਉਹ ਸਰੀਰ। ਧੂੜਿ = ਮਿੱਟੀ, ਖ਼ਾਕ। ਬਿਲਲਾਟ = ਵਿਰਲਾਪ। ਕਰਹਿ = ਕਰਦੇ ਹਨ। ਸੂਲੁ = ਪੀੜ। ਤਿਨ ਕਾ ਮੂਲੁ = ਉਹਨਾਂ ਦਾ ਆਤਮਕ ਜੀਵਨ ਦਾ ਸਰਮਾਇਆ। ਰਹਿਆ = ਬਚਿਆ ਰਹਿੰਦਾ ਹੈ।੪।

ਅਰਥ: ਹੇ ਭਾਈ! ਮਨੁੱਖ ਨੇ (ਸਾਰੀ ਉਮਰ ਦੁਨੀਆ ਦੇ ਪਦਾਰਥਾਂ ਨੂੰ) ਮਿੱਠੇ ਮੰਨ ਕੇ ਖਾਧਾ, ਉਸ ਮਿੱਠੇ ਨੇ (ਉਸ ਦੇ) ਸਰੀਰ ਵਿਚ ਰੋਗ ਪੈਦਾ ਕਰ ਦਿੱਤਾ। ਉਹ ਰੋਗ ਦੁਖਦਾਈ ਹੋ ਕੇ ਸਰੀਰ ਵਿਚ ਪੱਕਾ ਟਿਕ ਜਾਂਦਾ ਹੈ ਉਸ (ਰੋਗ) ਤੋਂ ਚਿੰਤਾ-ਗ਼ਮ ਪੈਦਾ ਹੁੰਦੀ ਹੈ। ਦੁਨੀਆ ਦੇ ਪਦਾਰਥ ਖਵਾ ਖਵਾ ਕੇ ਉਸ ਪਰਮਾਤਮਾ ਨੇ (ਆਪ ਹੀ ਜੀਵ ਨੂੰ) ਕੁਰਾਹੇ ਪਾ ਰੱਖਿਆ ਹੈ। (ਪਰਮਾਤਮਾ ਨਾਲੋਂ ਜੀਵ ਦਾ) ਵਿਛੋੜ ਮੁੱਕਣ ਵਿਚ ਨਹੀਂ ਆਉਂਦਾ। ਜਿਨ੍ਹਾਂ ਜੀਵਾਂ ਨੂੰ ਗੁਰੂ ਨਾਲ ਮਿਲਾ ਕੇ ਪ੍ਰਭੂ ਨੇ (ਪਦਾਰਥਾਂ ਦੇ ਭੋਗਾਂ ਤੋਂ) ਬਚਾ ਲਿਆ, ਧੁਰੋਂ ਲਿਖੇ ਅਨੁਸਾਰ ਉਹਨਾਂ ਦਾ (ਪਰਮਾਤਮਾ ਨਾਲ) ਮਿਲਾਪ ਹੋ ਗਿਆ।੩।

ਹੇ ਪਿਆਰੇ ਪ੍ਰਭੂ! ਜੇਹੜੇ ਮਨੁੱਖ (ਸਦਾ) ਮਾਇਆ ਦੇ ਲਾਲਚ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਚਿੱਤ ਵਿਚ ਤੂੰ ਉੱਕਾ ਹੀ ਨਹੀਂ ਵੱਸਦਾ। ਹੇ ਮਾਲਕ ਪ੍ਰਭੂ! ਜਿਨ੍ਹਾਂ ਨੂੰ ਤੇਰੀ ਯਾਦ ਭੁੱਲ ਜਾਂਦੀ ਹੈ ਉਹ ਸਰੀਰ (ਆਤਮਕ ਜੀਵਨ ਦੀ ਪੂੰਜੀ ਬਣਾਣ ਤੋਂ ਬਿਨਾ ਹੀ) ਮਿੱਟੀ ਹੋ ਜਾਂਦੇ ਹਨ। (ਮਾਇਆ ਦੇ ਮੋਹ ਕਾਰਨ ਦੁੱਖੀ ਹੋ ਹੋ ਕੇ) ਉਹ ਬਥੇਰੇ ਵਿਲਕਦੇ ਹਨ, ਪਰ ਉਹਨਾਂ ਦੇ ਅੰਦਰ ਦਾ ਉਹ ਦੁੱਖ ਦੂਰ ਨਹੀਂ ਹੁੰਦਾ।

ਹੇ ਭਾਈ! ਗੁਰੂ ਨਾਲ ਮਿਲਾ ਕੇ ਜਿਨ੍ਹਾਂ ਦਾ ਜੀਵਨ ਪਰਮਾਤਮਾ ਸੋਹਣਾ ਬਣਾ ਦੇਂਦਾ ਹੈ, ਉਹਨਾਂ ਦਾ ਆਤਮਕ ਜੀਵਨ ਦਾ ਸਰਮਾਇਆ ਬਚਿਆ ਰਹਿੰਦਾ ਹੈ।੪।

ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸਮੁਹਿ ਕਾਲੈ ਉਠਿ ਜਾਇ ॥ ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥ ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥ ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥ ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥ ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥ {ਪੰਨਾ 641}

ਪਦਅਰਥ: ਸਾਕਤ ਸੰਗੁ = ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ। ਕੀਜਈ = ਕਰਨਾ ਚਾਹੀਦਾ। ਜੇ ਕਾ = ਜਿਤਨਾ ਕੁ। ਪਾਰਿ ਵਸਾਇ = ਵੱਸ ਚੱਲ ਸਕੇ। ਜਿਸੁ ਮਿਲਿਐ = ਜਿਸ (ਸਾਕਤ) ਨੂੰ ਮਿਲਿਆਂ। ਸ = {ਅਸਲ ਲਫ਼ਜ਼ 'ਸੋ' ਹੈ, ਇਥੇ 'ਸੁ' ਪੜ੍ਹਨਾ ਹੈ}ਮੁਹਿ ਕਾਲੈ = ਕਾਲੇ ਮੂੰਹ ਨਾਲ, ਬਦਨਾਮੀ ਖੱਟ ਕੇ। ਉਠਿ = ਉੱਠ ਕੇ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਢੋਈ = ਥਾਂ, ਆਸਰਾ। ਗੁਰ ਮੇਲਿ = ਗੁਰੂ ਨੂੰ ਮਿਲਾ ਕੇ। ਪੂਰੀ ਪਾਇ = ਸਫਲਤਾ ਪ੍ਰਾਪਤ ਹੁੰਦੀ ਹੈ।੫।

ਸੰਜਮ = ਜੁਗਤਿ। ਸਹਸ = ਹਜ਼ਾਰਾਂ। ਨਾਲਿ ਨ ਚਲੀ = ਮਦਦ ਨਹੀਂ ਕਰਦੀ। ਤੇ = ਤੋਂ। ਕੁਲਿ = ਕੁਲ ਵਿਚ, ਖ਼ਾਨਦਾਨ ਵਿਚ। ਗਾਲਿ = ਕਲੰਕ। ਕੂੜੁ = ਝੂਠ। ਮਿਲਾਇਓਨੁ = ਉਸ (ਪਰਮਾਤਮਾ) ਨੇ ਮਿਲਾ ਦਿੱਤਾ। ਸਾਚਾ = ਸਦਾ-ਥਿਰ। ਸਮਾਲਿ = ਸਮਾਲਹਿ, ਸੰਭਾਲਦੇ ਹਨ, ਹਿਰਦੇ ਵਿਚ ਵਸਾਂਦੇ ਹਨ।੬।

ਅਰਥ: ਹੇ ਭਾਈ! ਜਿਥੋਂ ਤਕ ਵੱਸ ਲੱਗੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ ਨਹੀਂ ਕਰਨਾ ਚਾਹੀਦਾ, ਕਿਉਂਕਿ ਉਸ ਮਨੁੱਖ ਨੂੰ ਮਿਲਿਆਂ ਪਰਮਾਤਮਾ ਵਿਸਰ ਜਾਂਦਾ ਹੈ। (ਜੇਹੜਾ ਮਨੁੱਖ ਸਾਕਤ ਦਾ ਸੰਗ ਕਰਦਾ ਹੈ) ਉਹ ਬਦਨਾਮੀ ਖੱਟ ਕੇ ਹੀ ਦੁਨੀਆ ਤੋਂ ਚਲਾ ਜਾਂਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਪਰਮਾਤਮਾ ਦੀ ਦਰਗਾਹ ਵਿਚ ਥਾਂ ਨਹੀਂ ਮਿਲਦੀ, (ਉਸ ਨੂੰ ਸਗੋਂ ਉਥੇ) ਸਜ਼ਾ ਮਿਲਦੀ ਹੈ। ਪਰ, ਹੇ ਭਾਈ! ਗੁਰੂ ਦੇ ਨਾਲ ਮਿਲਾ ਕੇ ਜਿਨ੍ਹਾਂ ਮਨੁੱਖਾਂ ਦਾ ਜੀਵਨ ਪਰਮਾਤਮਾ ਨੇ ਸੋਹਣਾ ਬਣਾ ਦਿੱਤਾ ਹੈ, ਉਹਨਾਂ ਨੂੰ ਸਫਲਤਾ ਪ੍ਰਾਪਤ ਹੁੰਦੀ ਹੈ।੫।

ਹੇ ਭਾਈ! ਵਰਤ ਨੇਮ ਆਦਿਕ) ਹਜ਼ਾਰਾਂ ਸੰਜਮ ਤੇ ਹਜ਼ਾਰਾਂ ਸਿਆਣਪਾਂ (ਜੇ ਮਨੁੱਖ ਕਰਦਾ ਰਹੇ, ਤਾਂ ਇਹਨਾਂ ਵਿਚੋਂ) ਇੱਕ ਭੀ (ਪਰਲੋਕ ਵਿਚ) ਮਦਦ ਨਹੀਂ ਕਰਦੀ। ਜੇਹੜੇ ਮਨੁੱਖ ਪਰਮਾਤਮਾ ਵਲੋਂ ਆਪਣਾ ਮੂੰਹ ਭਵਾਈ ਰੱਖਦੇ ਹਨ, ਉਹਨਾਂ ਦੇ (ਤਾਂ) ਖ਼ਾਨਦਾਨ ਵਿਚ (ਭੀ) ਕਲੰਕ ਦਾ ਟਿੱਕਾ ਲੱਗ ਜਾਂਦਾ ਹੈ। (ਸਾਕਤ ਮਨੁੱਖ ਹਿਰਦੇ ਵਿਚ) ਵੱਸਦੇ (ਕੀਮਤੀ ਹਰਿ-ਨਾਮ) ਪਦਾਰਥ ਨਾਲ ਸਾਂਝ ਨਹੀਂ ਪਾਂਦਾ (ਦੁਨੀਆ ਦੇ ਨਾਸਵੰਤ ਪਦਾਰਥਾਂ ਨਾਲ ਹੀ ਮੋਹ ਪਾਈ ਰੱਖਦਾ ਹੈ, ਪਰ ਕੋਈ ਭੀ) ਨਾਸਵੰਤ ਪਦਾਰਥ (ਪਰਲੋਕ ਵਿਚ) ਨਾਲ ਨਹੀਂ ਜਾਂਦਾ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਉਸ ਪਰਮਾਤਮਾ ਨੇ ਗੁਰੂ ਮਿਲਾ ਦਿੱਤਾ ਹੈ ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ (ਆਪਣੇ ਹਿਰਦੇ ਵਿਚ) ਵਸਾਈ ਰੱਖਦੇ ਹਨ।੬।

ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ ॥ ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥ ਦੁਖ ਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥ ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥ ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥ ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥ ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥ ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥੮॥੨॥ {ਪੰਨਾ 641}

ਪਦਅਰਥ: ਸਤੁ = ਦਾਨ, ਸੇਵਾ। ਗਿਆਨੁ = ਆਤਮਕ ਜੀਵਨ ਦੀ ਸੂਝ। ਧਿਆਨੁ = ਪ੍ਰਭੂ = ਚਰਨਾਂ ਵਿਚ ਸੁਰਤਿ ਦਾ ਜੁੜੇ ਰਹਿਣਾ। ਜਿਸ ਨੋ = ਜਿਸ ਉਤੇ {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}ਅਨਦਿਨੁ = ਹਰ ਰੋਜ਼, ਹਰ ਵੇਲੇ। ਰਵੈ = ਚੇਤੇ ਕਰਦਾ ਹੈ। ਅੰਮ੍ਰਿਤਿ = ਅੰਮ੍ਰਿਤ ਨਾਲ, ਆਤਮਕ ਜੀਵਨ ਦੇਣ ਵਾਲੇ ਨਾਮ = ਜਲ ਨਾਲ ਨਾਲ। ਪੂਰ ਭਰੇ = ਭਰਪੂਰ। ਸਾਗਰੁ = ਸਮੁੰਦਰ। ਭਵਜਲੁ = ਸੰਸਾਰ = ਸਮੁੰਦਰ। ਪਰੇ = ਪਹੁੰਚ ਗਏ। ਜਿਸੁ ਭਾਵੈ = ਜੋ ਤੈਨੂੰ ਚੰਗਾ ਲੱਗਦਾ ਹੈ। ਮੇਲਿ ਲੈਹਿ = ਤੂੰ ਮੇਲ ਲੈਂਦਾ ਹੈਂ। ਖਰੇ = ਚੰਗੇ, ਚੰਗੇ ਜੀਵਨ ਵਾਲੇ।੭।

ਸੰਮ੍ਰਥ = ਸਾਰੀਆਂ ਤਾਕਤਾਂ ਦਾ ਮਾਲਕ। ਪੁਰਖੁ = ਸਰਬ = ਵਿਆਪਕ। ਦੇਉ = ਪ੍ਰਕਾਸ਼ = ਰੂਪ। ਤਿਸ ਕਾ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ}ਤਾਣੁ = ਆਸਰਾ। ਜਿ = ਜੇਹੜਾ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਜਾਣੁ = ਸੁਜਾਨ, ਸਿਆਣਾ। ਹਲਤੁ = ਇਹ ਲੋਕ। ਪਲਤੁ = ਪਰਲੋਕ। ਮਸਤਕਿ = ਮੱਥੇ ਉਤੇ। ਸਚੁ = ਸਦਾ-ਥਿਰ ਰਹਿਣ ਵਾਲਾ। ਨੀਸਾਨੁ = ਨਿਸ਼ਾਨ, ਮੋਹਰ। ਸਦ = ਸਦਾ।੮।

ਅਰਥ: ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ, ਉਸ ਦੇ ਅੰਦਰ ਸੇਵਾ ਸੰਤੋਖ ਗਿਆਨ ਧਿਆਨ (ਆਦਿਕ ਗੁਣ ਪੈਦਾ ਹੋ ਜਾਂਦੇ ਹਨ) ਉਹ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹਿੰਦਾ ਹੈ, (ਉਸ ਦਾ ਹਿਰਦਾ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਨਕਾ-ਨੱਕ ਭਰਿਆ ਰਹਿੰਦਾ ਹੈ। (ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਹੁੰਦੀ ਹੈ) ਉਹ ਮਨੁੱਖ ਦੁੱਖਾਂ ਦੇ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ਉਹ ਸੰਸਾਰ-ਸਮੁੰਦਰ ਤੋਂ ਪਾਰ ਪਹੁੰਚ ਜਾਂਦੇ ਹਨ।

ਹੇ ਪਿਆਰੇ ਪ੍ਰਭੂ! ਜੇਹੜਾ ਜੇਹੜਾ ਮਨੁੱਖ ਤੈਨੂੰ ਚੰਗਾ ਲੱਗਦਾ ਹੈ, ਉਸ ਉਸ ਨੂੰ ਤੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ। ਉਹ ਬੰਦੇ ਸਦਾ ਲਈ ਚੰਗੇ ਜੀਵਨ ਵਾਲੇ ਹੋ ਜਾਂਦੇ ਹਨ।੭।

ਹੇ ਭਾਈ! ਪਰਮਾਤਮਾ ਸਾਰੀਆਂ ਤਾਕਤਾਂ ਦਾ ਮਾਲਕ ਹੈ, ਸਰਬ-ਵਿਆਪਕ ਹੈ, ਦਇਆ ਦਾ ਘਰ ਹੈ, ਪ੍ਰਕਾਸ਼-ਰੂਪ ਹੈ। ਭਗਤਾਂ ਨੂੰ (ਸਦਾ) ਉਸ ਦਾ ਆਸਰਾ ਰਹਿੰਦਾ ਹੈ। ਹੇ ਭਾਈ! ਭਗਤ ਉਸ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਜੇਹੜਾ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਤੇ, ਸਿਆਣਾ ਹੈ। ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਸਦਾ ਕਾਇਮ ਰਹਿਣ ਵਾਲੀ ਮੋਹਰ ਲਾ ਦੇਂਦਾ ਹੈ, ਉਸ ਦਾ ਇਹ ਲੋਕ ਤੇ ਪਰਲੋਕ ਸੰਵਰ ਜਾਂਦਾ ਹੈ।

ਹੇ ਨਾਨਕ! ਆਖ-ਹੇ ਭਾਈ (ਮੇਰੀ ਤਾਂ ਸਦਾ ਇਹੀ ਤਾਂਘ ਹੈ ਕਿ) ਉਹ ਪਰਮਾਤਮਾ ਮੈਨੂੰ ਕਦੇ ਭੀ ਨਾਹ ਭੁੱਲੇ। ਮੈਂ (ਉਸ ਤੋਂ) ਸਦਾ ਸਦਕੇ ਜਾਂਦਾ ਹਾਂ।੮।੨।

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ {ਪੰਨਾ 641-642}

ਪਦਅਰਥ: ਪੜਿਓ = ਪੜ੍ਹਿਆ (ਕਈਆਂ ਨੇ) ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ = ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ = ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ) ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ = ਭਰੀ ਮਤਿ। ਬਾਧੇ = ਬੱਝ ਗਏ।੧।

ਪਿਆਰੇ = ਹੇ ਸੱਜਣ! ਇਨ ਬਿਧਿ = ਇਹਨਾਂ ਤਰੀਕਿਆਂ ਨਾਲ। ਮੈ = ਮੇਰੇ ਵੇਖਦਿਆਂ। ਹਾਰਿ = ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ। ਪਰਿਓ = ਪਿਆ ਹਾਂ। ਕੈ ਦੁਆਰੈ = ਦੇ ਦਰ ਉਤੇ। ਬਿਬੇਕਾ = ਪਰਖ।ਰਹਾਉ।

ਮੋਨਿ ਭਇਓ = ਕੋਈ ਚੁੱਪ ਸਾਧੀ ਬੈਠਾ ਹੈ। ਕਰਪਾਤੀ = {ਕਰ = ਹੱਥ। ਪਾਤ੍ਰ = ਭਾਂਡਾ} ਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ। ਮਾਹੀ = ਵਿਚ। ਤਟ = ਦਰੀਆ ਦਾ ਕੰਢਾ। ਸਭ = ਸਾਰੀ। ਭ੍ਰਮਿਓ = ਭਟਕਦਾ ਫਿਰਿਆ। ਦੁਬਿਧਾ = ਦੁ = ਚਿੱਤਾ = ਪਨ, ਮੇਰ = ਤੇਰ, ਡਾਵਾਂ ਡੋਲ ਮਾਨਸਕ ਦਸ਼ਾ। ਛੁਟਕੈ ਨਾਹੀ = ਮੁੱਕਦੀ ਨਹੀਂ।੨।

ਕਾਮਨਾ = ਇੱਛਾ, ਫੁਰਨਾ। ਸਿਰਿ = ਸਿਰ ਉਤੇ। ਕਰਵਤ = ਆਰਾ, ਸ਼ਿਵ ਜੀ ਵਾਲਾ ਆਰਾ ਜੋ ਬਨਾਰਸ ਦੇ ਸ਼ਿਵ = ਮੰਦਰ ਵਿਚ ਹੈ। ਸ਼ਿਵ = ਲੋਕ ਵਿਚ ਪਹੁੰਚਣ ਦੀ ਤਾਂਘ ਵਾਲੇ ਕਈ ਭੁੱਲੜ ਮਨੁੱਖ ਆਪਣੇ ਆਪ ਨੂੰ ਇਸ ਆਰੇ ਨਾਲ ਚਿਰਾ ਲੈਂਦੇ ਸਨ। ਇਹ ਬਿਧਿ = ਇਸ ਤਰੀਕੇ ਨਾਲ।੩।

ਕਨਿਕ = ਸੋਨਾ। ਕਾਮਿਨੀ = ਇਸਤ੍ਰੀ। ਹੈਵਰ = {हयवर} ਵਧੀਆ ਘੋੜੇ। ਗੈਵਰ = {गजवर} ਵਧੀਆ ਹਾਥੀ। ਦਾਤਾਰਾ = ਦੇਣ ਵਾਲਾ। ਅਰਪੇ = ਦਾਨ ਕਰਦਾ ਹੈ। ਹਰਿ ਦੁਆਰਾ = ਹਰੀ ਦੇ ਦਰ ਤੇ।੪।

ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।

TOP OF PAGE

Sri Guru Granth Darpan, by Professor Sahib Singh