ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 644

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ {ਪੰਨਾ 644}

ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।

ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ {ਪੰਨਾ 644}

ਅਰਥ: (ਨਾਮ-ਰੂਪ) ਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ {ਪੰਨਾ 644}

ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈ; ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।

ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ {ਪੰਨਾ 644}

ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ; ਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ {ਪੰਨਾ 644}

ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।

ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ {ਪੰਨਾ 644}

ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈ? ਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏ? ਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?

ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥ {ਪੰਨਾ 644}

ਪਦਅਰਥ: ਮਾਰਗਿ = ਰਸਤੇ ਤੇ। ਗੁਰ ਸੇਵਾ = ਗੁਰੂ ਦੀ ਦੱਸੀ ਕਾਰ।

ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈ; ਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

ਸਲੋਕੁ ਮਃ ੩ ॥ ਜਿਉ ਤਨੁ ਕੋਲੂ ਪੀੜੀਐ ਰਤੁ ਨ ਭੋਰੀ ਡੇਹਿ ॥ ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ ਨੇਹਿ ॥ ਨਾਨਕ ਮੇਲੁ ਨ ਚੁਕਈ ਰਾਤੀ ਅਤੈ ਡੇਹ ॥੧॥ {ਪੰਨਾ 644}

ਪਦਅਰਥ: ਭੋਰੀ = ਰਤਾ ਭਰ ਭੀ। ਡੇਹਿ = ਦੇਵੇ। ਜੀਉ = ਜਿੰਦ। ਚਉਖੰਨੀਐ = ਚਾਰ ਖੰਨ। ਚਉਖੰਨੀਐ ਵੰਞੈ = ਚਾਰ ਟੋਟੇ ਹੋ ਜਾਏ। ਨੇਹਿ = ਪਿਆਰ ਦੀ ਖ਼ਾਤਰ। ਸੰਦੜੈ = ਦੇ। ਡੇਹ = ਦਿਨ। ਅਤੈ = ਅਤੇ।

ਅਰਥ: ਹੇ ਨਾਨਕ! ਜੇ ਮੇਰਾ ਸਰੀਰ ਰਤਾ ਭਰ ਭੀ ਲਹੂ ਨਾ ਦੇਵੇ ਭਾਵੇਂ ਤਿਲਾਂ ਵਾਂਗ ਇਹ ਕੋਹਲੂ ਵਿਚ ਪੀੜਿਆ ਜਾਏ, (ਭਾਵ, ਜੇ ਅਨੇਕਾਂ ਕਰੜੇ ਕਸ਼ਟ ਆਉਣ ਤੇ ਭੀ ਮੇਰੇ ਅੰਦਰ ਸਰੀਰ ਦੇ ਬਚੇ ਰਹਿਣ ਦੀ ਲਾਲਸਾ ਰਤਾ ਭੀ ਨਾ ਹੋਵੇ) ਜੇ ਮੇਰੀ ਜਿੰਦ ਸੱਚੇ ਪ੍ਰਭੂ ਦੇ ਪਿਆਰ ਤੋਂ ਵਾਰਨੇ ਸਦਕੇ ਪਈ ਹੋਵੇ, ਤਾਂ ਹੀ ਪ੍ਰਭੂ ਨਾਲ ਮਿਲਾਪ ਨਾ ਦਿਨੇ ਨਾ ਰਾਤ (ਕਦੇ ਭੀ) ਨਹੀਂ ਟੁੱਟਦਾ।੧।

ਮਃ ੩ ॥ ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥ ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ ॥ ਨਾਨਕ ਰੰਗੁ ਨ ਉਤਰੈ ਬਿਆ ਨ ਲਗੈ ਕੇਹ ॥੨॥ {ਪੰਨਾ 644}

ਅਰਥ: ਮੇਰਾ ਸੱਜਣ ਰੰਗੀਲਾ ਹੈ, ਮਨ ਲੈ ਕੇ (ਪ੍ਰੇਮ ਦਾ) ਰੰਗ ਲਾ ਦੇਂਦਾ ਹੈ। ਜਿਵੇਂ ਕੱਪੜੇ ਭੀ ਪਾਹ ਦੇ ਕੇ ਮਜੀਠ ਵਿਚ ਰੰਗੇ ਜਾਂਦੇ ਹਨ (ਤਿਵੇਂ ਆਪਾ ਦੇ ਕੇ ਹੀ ਪ੍ਰੇਮ-ਰੰਗ ਮਿਲਦਾ ਹੈ) ; ਹੇ ਨਾਨਕ! (ਇਸ ਤਰ੍ਹਾਂ ਦਾ) ਰੰਗ ਫੇਰ ਨਹੀਂ ਲਹਿੰਦਾ ਅਤੇ ਨਾ ਹੀ ਕੋਈ ਹੋਰ ਚੜ੍ਹ ਸਕਦਾ ਹੈ (ਭਾਵ, ਕੋਈ ਹੋਰ ਚੀਜ਼ ਪਿਆਰੀ ਨਹੀਂ ਲੱਗ ਸਕਦੀ) ੨।

ਪਉੜੀ ॥ ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥ ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥ {ਪੰਨਾ 644}

ਪਦਅਰਥ: ਵਰਤੈ = ਮੌਜੂਦ ਹੈ। ਸਿਰਿ = ਸਿਰਿ, ਹਰੇਕ ਸਿਰ ਉਤੇ, ਹਰੇਕ ਜੀਵ ਨੂੰ।

ਅਰਥ: ਹਰੀ ਆਪ ਹੀ ਸਭ ਵਿਚ ਵਿਆਪ ਰਿਹਾ ਹੈ ਅਤੇ ਆਪ ਹੀ ਸਭ ਨੂੰ ਬੁਲਾਉਂਦਾ ਹੈ (ਭਾਵ, ਆਪ ਹੀ ਹਰੇਕ ਵਿਚ ਬੋਲਦਾ ਹੈ) ; ਸੰਸਾਰ ਨੂੰ ਆਪ ਹੀ ਰਚ ਕੇ ਹਰੇਕ ਜੀਵ ਨੂੰ ਮਾਇਆ ਦੇ ਕਜ਼ੀਏ ਵਿਚ ਲਾ ਦੇਂਦਾ ਹੈ।

ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥ ਇਕਨਾ ਮਾਰਗਿ ਪਾਇ ਇਕਿ ਉਝੜਿ ਪਾਇਦਾ ॥ {ਪੰਨਾ 644}

ਅਰਥ: ਇਕਨਾਂ ਨੂੰ ਆਪਣੀ ਭਗਤੀ ਵਿਚ ਲਾਉਂਦਾ ਹੈ ਤੇ ਕਈ ਜੀਵਾਂ ਨੂੰ ਆਪ ਹੀ ਭੁਲਾਉਂਦਾ ਹੈ; ਇਕਨਾਂ ਨੂੰ ਸਿੱਧੇ ਰਾਹ ਤੇ ਤੋਰਦਾ ਹੈ ਤੇ ਇਕਨਾਂ ਨੂੰ ਕੁਰਾਹੇ ਪਾ ਦੇਂਦਾ ਹੈ।

ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥੫॥ {ਪੰਨਾ 644}

ਅਰਥ: ਦਾਸ ਨਾਨਕ ਭੀ (ਉਸ ਦੀ ਭਗਤੀ ਦੀ ਖ਼ਾਤਰ) ਨਾਮ ਸਿਮਰਦਾ ਹੈ ਤੇ ਸਤਿਗੁਰੂ ਦੇ ਸਨਮੁਖ ਹੋ ਕੇ (ਉਸ ਦੀ) ਸਿਫ਼ਤਿ-ਸਾਲਾਹ ਕਰਦਾ ਹੈ।੫।

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ {ਪੰਨਾ 644}

ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ।

ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ {ਪੰਨਾ 644}

ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧।

ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ {ਪੰਨਾ 644}

ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ।

ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ {ਪੰਨਾ 644}

ਪਦਅਰਥ: ਘਰਿ ਘਰਿ = ਘਰ ਘਰ ਵਿਚ। ਘਰਿ ਘਰਿ ਪੰਡਿਤ = ਘਰ ਘਰ ਵਿਚ ਪੰਡਿਤ, (ਭਾਵ) , ਅਨੇਕਾਂ ਪੰਡਿਤ।

ਅਰਥ: ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ।

ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ {ਪੰਨਾ 644}

ਅਰਥ: ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।

TOP OF PAGE

Sri Guru Granth Darpan, by Professor Sahib Singh