ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ |
Page 651 ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ {ਪੰਨਾ 651} ਪਦਅਰਥ: ਖੰਨਲੀ = ਤੇਲੀ ਦੀ ਕੋਹਲੂ ਵਿਚ ਫੇਰਨ ਵਾਲੀ ਲੀਰ। ਧੋਵਣਿ ਪਾਹੁ = ਧੋਣ ਦਾ ਜਤਨ ਕਰੋ। ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ) , ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ {ਪੰਨਾ 651} ਅਰਥ: ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧। ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ {ਪੰਨਾ 651} ਅਰਥ: ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ। ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ {ਪੰਨਾ 651} ਪਰ ਅਰਥ: ਕੀਰਤਿ-ਸਿਫ਼ਤਿ-ਸਾਲਾਹ। ਲਿਖਿ-ਲਿਖ ਕੇ। ਅਨਦਿਨੁ-ਹਰ ਰੋਜ਼। ਅਰਥ: (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ।੨। ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ {ਪੰਨਾ 651} ਪਦਅਰਥ: ਮੁਖਿ = ਮੂੰਹੋਂ। ਚਵਾ = ਉਚਾਰਾਂ। ਅਰਥ: ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ। ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ। ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥ {ਪੰਨਾ 651} ਅਰਥ: ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ।੨੨। ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ {ਪੰਨਾ 651} ਪਦਅਰਥ: ਉਥਾਰੈ = (ਸਿੰਧੀ = ਉਥਾੜੋ) ਦਿਲ ਉਤੇ ਦਬਾਉ ਜੋ ਕਈ ਵਾਰੀ ਸੁੱਤੇ ਪਿਆਂ ਹੱਥ ਛਾਤੀ ਉਤੇ ਆਇਆਂ ਪੈ ਜਾਂਦਾ ਹੈ। ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ {ਪੰਨਾ 651} ਪਦਅਰਥ: ਜਲਉ = ਸੜ ਜਾਏ। ਉਬਰੇ = (ਹਉਮੈ ਵਿਚ ਸੜਨ ਤੋਂ) ਬਚ ਗਏ। ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ {ਪੰਨਾ 651} ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ {ਪੰਨਾ 651} ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨। ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਪਦਅਰਥ: ਗੋਪਿਆ = ਨਿੰਦਾ ਕੀਤੀ ਹੈ। ਆਪਣਾ = ਪਿਆਰਾ। ਹਰਿ ਜੀਉ = ਸ਼ਾਲਾ! ਰੱਬ ਮਿਹਰ ਕਰੇ। ਪਾਪਿਸਟ = ਬਹੁਤ ਪਾਪੀ। ਕੁਸੁਧ = ਖੋਟੇ। ਧਰਕਟ = ਵਿਭਚਾਰਨ। ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ {ਪੰਨਾ 651} ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩। ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ {ਪੰਨਾ 651} ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ। ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ {ਪੰਨਾ 651} ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧। ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ {ਪੰਨਾ 651-652} ਪਦਅਰਥ: ਸਾਰ = ਕਦਰ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ।੨। |
Sri Guru Granth Darpan, by Professor Sahib Singh |