ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 704

ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ {ਪੰਨਾ 704}

ਪਦਅਰਥ: ਯਾਰ ਵੇ = ਹੇ ਸਤਸੰਗੀ ਮਿੱਤਰ! ਭਾਣਾ = ਚੰਗਾ ਲੱਗ ਪਿਆ। ਨੀਸੀ = ਨਹੀਂ। ਛੰਦਾ = ਮੁਥਾਜੀ। ਤੈ = ਤੈਂ, ਤੂੰ। ਰਾਵਿਆ = ਮਿਲਾਪ ਹਾਸਲ ਕੀਤਾ। ਮੂ = ਮੈਨੂੰ। ਦਸੰਦਾ = ਪੁੱਛਦਾ ਹਾਂ। ਆਪੁ = ਆਪਾ = ਭਾਵ। ਜੈ ਧਨ ਮਥਾਣੇ = ਜਿਸ (ਜੀਵ-) ਇਸਤ੍ਰੀ ਦੇ ਮੱਥੇ ਉਤੇ। ਪਕੜਿ = ਫੜ ਕੇ। ਠਾਕੁਰਿ = ਠਾਕੁਰ ਨੇ। ਘਿਧੀ = ਲੈ ਲਈ, ਆਪਣੀ ਬਣਾ ਲਈ। ਗੁਣ ਹਾਰੁ = ਗੁਣਾਂ ਦਾ ਹਾਰ। ਹਭੋ ਕਿਛੁ = ਸਭ ਕੁਝ, ਸਾਰਾ ਜੀਵਨ। ਤਿਸੁ = ਤਿਸੁ (ਮਿਲਿ) ਸਾਈ = ਉਹੀ। ਸੰਗਿ = ਨਾਲ।੩।

ਅਰਥ: ਹੇ ਸਤਸੰਗੀ ਸੱਜਣ! ਜਿਸ ਜੀਵ-ਇਸਤ੍ਰੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ। ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ। ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ) । (ਹੇ ਸਖੀ!) ਮਾਲਕ-ਪ੍ਰਭੂ ਨੇ (ਮੇਰੀ ਭੀ) ਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ। ਹੇ ਦਾਸ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ।੩।

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥ {ਪੰਨਾ 704}

ਪਦਅਰਥ: ਸੁਖ = ਸੁੱਖਣਾ। ਸੁਖੇਦੀ = ਮੈਂ ਸੁੱਖਦੀ ਸਾਂ। ਸਾ = ਉਹ (ਸੁੱਖਣਾ) ਲੋੜੀਦਾ = ਜਿਸ ਨੂੰ ਮੈਂ ਲੋੜਦੀ ਸਾਂ। ਵਧਾਈ = ਚੜ੍ਹਦੀ ਕਲਾ, ਉਤਸ਼ਾਹ। ਰਹਸੁ = ਆਨੰਦ। ਸਦ = ਸਦਾ। ਨਵ ਰੰਗੀਆ = ਨਵੇਂ ਰੰਗ ਵਾਲਾ। ਭਾਗਿ = ਕਿਸਮਤ ਨਾਲ। ਗੁਰਿ = ਗੁਰੂ ਨੇ। ਕੈ ਸਤਸੰਗੀਆ = ਦੀ ਸੰਗਤਿ ਵਿਚ। ਮਨਸਾ = ਮੁਰਾਦ। ਅੰਕਿ = ਅੰਕ ਵਿਚ। ਅੰਕੁ = ਅੰਗ, ਆਪਾ। ਮਿਲਿ = ਮਿਲ ਕੇ। ਗੁਰ ਮਿਲਿ = ਗੁਰੂ ਨੂੰ ਮਿਲ ਕੇ।੪।

ਅਰਥ: ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ (ਮੇਰੀ ਉਹ ਮੁਰਾਦ ਪੂਰੀ ਹੋ ਗਈ ਹੈ) ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ। ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ। ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ (ਉਸ ਨਾਲ) ਮਿਲਾ ਦਿੱਤਾ ਹੈ। (ਗੁਰੂ ਨੇ) ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ।

ਨਾਨਕ ਬੇਨਤੀ ਕਰਦਾ ਹੈ-ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ।੪।

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ {ਪੰਨਾ 704}

ਪਦਅਰਥ: ਅਗਮ = ਅਪਹੁੰਚ। ਕਥਨੁ ਨ ਜਾਇ = ਬਿਆਨ ਨਹੀਂ ਹੋ ਸਕਦਾ। ਅਕਥੁ = ਬਿਆਨ ਤੋਂ ਪਰੇ। ਪ੍ਰਭ = ਹੇ ਪ੍ਰਭੂ! ਰਾਖਨ ਕਉ = ਰੱਖਿਆ ਕਰਨ ਲਈ। ਸਮਰਥੁ = ਤਾਕਤ ਵਾਲਾ।੧।

ਪ੍ਰਭ = ਹੇ ਪ੍ਰਭੂ! ਗਨਉ = ਮੈਂ ਗਿਣਾਂ, ਗਨਉਂ। ਅਸੰਖ = ਗਿਣਤੀ ਤੋਂ ਪਰੇ, ਅਣਗਿਣਤ। ਖਤੇ = ਪਾਪ। ਫੇਰੇ = ਗੇੜੇ। ਨਿਤ ਪ੍ਰਤਿ = ਸਦਾ ਹੀ। ਸਦ = ਸਦਾ। ਬਿਕਰਾਲ = ਭਿਆਨਕ। ਤਉ ਪ੍ਰਸਾਦੀ = ਤੇਰੀ ਕਿਰਪਾ ਨਾਲ। ਘੂਲੀਐ = ਬਚ ਸਕੀਦਾ ਹੈ। ਲੂਕ ਕਰਤ = ਲੁਕਾਉ ਕਰਦਿਆਂ। ਬਿਖੜੇ = ਔਖੇ। ਨੇਰ ਹੂ ਤੇ ਨੇਰਿਆ = ਨੇੜੇ ਤੋਂ ਨੇੜੇ। ਭਵਜਲ = ਸੰਸਾਰ = ਸਮੁੰਦਰ। ਫੇਰਿਆ = ਗੇੜਾਂ ਵਿਚੋਂ।੧।

ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।

ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।

ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ {ਪੰਨਾ 704}

ਪਦਅਰਥ: ਨਿਰਤਿ = ਨਿਰਨਾ, ਪਰਖ। ਅਸੰਖ = ਅਣਗਿਣਤ। ਨਿਥਾਵੇ = ਨਿਆਸਰੇ ਨੂੰ।੨।

ਛੰਤੁ। ਠਾਉ = ਥਾਂ, ਆਸਰਾ। ਕਾ ਪਹਿ = ਕਿਸ ਦੇ ਪਾਸ? ਕਰ = {ਬਹੁ-ਵਚਨ} ਦੋਵੇਂ ਹੱਥ। ਜੋੜਿ = ਜੋੜ ਕੇ। ਧਿਆਈਐ = ਸਿਮਰਨਾ ਚਾਹੀਦਾ ਹੈ। ਧਿਆਇ = ਸਿਮਰ ਕੇ। ਮਨਹਿ = ਮਨਿ ਹੀ, ਮਨ ਵਿਚ ਹੀ {ਲਫ਼ਜ਼ 'ਮਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}ਚਿੰਦਿਆ = ਚਿਤਵਿਆ ਹੋਇਆ। ਤਜਿ = ਛੱਡ ਕੇ। ਵਿਕਾਰੁ ਦੂਜਾ = ਕੋਈ ਹੋਰ ਆਸਰਾ ਭਾਲਣ ਦਾ ਭੈੜ। ਸਿਉ = ਨਾਲ। ਅਰਪਿ = ਭੇਟਾ ਕਰ ਕੇ। ਆਪੁ = ਆਪਾ = ਭਾਵ। ਸਾਚਿ = ਸਦਾ-ਥਿਰ ਰਹਿਣ ਵਾਲੇ ਵਿਚ। ਸਾਚਿ ਨਾਮਿ = ਸਦਾ-ਥਿਰ ਰਹਿਣ ਵਾਲੇ ਹਰਿ ਦੇ ਨਾਮ ਵਿਚ। ਸਮਾਈਐ = ਲੀਨ ਰਹਿਣਾ ਚਾਹੀਦਾ ਹੈ।੨।

ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।

ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।

ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ {ਪੰਨਾ 704}

ਪਦਅਰਥ: ਤਾ ਕਉ = ਉਸ (ਪ੍ਰਭੂ ਦੇ ਨਾਮ) ਨੂੰ। ਸਭ ਬਿਧਿ = ਹਰੇਕ ਕਿਸਮ ਦੀ ਜੁਗਤਿ। ਹਾਥਿ = ਹੱਥ ਵਿਚ। ਜਾ ਕੈ ਹਾਥਿ = ਜਿਸ ਦੇ ਹੱਥ ਵਿਚ। ਸੰਚੀਐ = ਇਕੱਠਾ ਕਰਨਾ ਚਾਹੀਦਾ ਹੈ। ਨਿਬਹੈ– ਸਾਥ ਕਰਦਾ ਹੈ। ਸਾਥਿ = ਨਾਲ।੩।

ਛੰਤੁ। ਸਾਥੀਅੜਾ = ਪਿਆਰਾ ਸਾਥੀ। ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ। ਜਲਿ = ਜਲ ਵਿਚ। ਥਲਿ = ਧਰਤੀ ਵਿਚ। ਪੂਰ = ਵਿਆਪਕ। ਸੋਇ = ਉਹ ਹੀ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ। ਧਨੀ = ਮਾਲਕ। ਤਾ ਕੇ = ਉਸ ਦੇ। ਕਿਆ ਗਨੀ = ਮੈਂ ਕੀਹ ਗਿਣ ਸਕਦਾ ਹਾਂ? ਭਜੁ = ਪਉ, ਜਾਹ। ਸੁਖਹਗਾਮੀ = ਸੁਖ ਅਪੜਾਣ ਵਾਲਾ। ਅਨ = {अन्य} ਹੋਰ। ਧਾਰਹੁ = ਕਰਦੇ ਹੋ।੩।

ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।

ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

TOP OF PAGE

Sri Guru Granth Darpan, by Professor Sahib Singh