ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ |
Page 711 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ {ਪੰਨਾ 711} ਪਦਅਰਥ: ਮੇਲੇ = (ਜਿਸ ਨੂੰ) ਮਿਲਾ ਦੇਂਦਾ ਹੈ। ਬਹੁਰਿ = ਮੁੜ। ਭਵਜਲਿ = ਸੰਸਾਰ = ਸਮੁੰਦਰ ਵਿਚ।੧।ਰਹਾਉ। ਹੀਅਰੈ = ਹਿਰਦੇ ਵਿਚ। ਲੋਚ = ਤਾਂਘ। ਕੇਰੀ = ਦੀ। ਨੈਨਹੁ = ਅੱਖਾਂ ਨਾਲ। ਹੇਰਾ = ਹੇਰਾਂ, ਮੈਂ ਵੇਖਾਂ। ਸਤਿਗੁਰਿ = ਗੁਰੂ ਨੇ। ਦਇਆਲਿ = ਦਇਆਲ ਨੇ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ। ਪਾਧਰੁ = ਪੱਧਰਾ ਰਾਹ। ਕੇਰਾ = ਦਾ, ਮਿਲਣ ਦਾ।੧। ਰੰਗੀ = ਅਨੇਕਾਂ ਰੰਗਾਂ = ਕੌਤਕਾਂ ਦਾ ਮਾਲਕ। ਮਨਿ = ਮਨ ਵਿਚ। ਤਨਿ = ਤਨ ਵਿਚ। ਮੁਖਿ = ਮੂੰਹ ਉੱਤੇ। ਮਸਤਕਿ = ਮੱਥੇ ਉੱਤੇ।੨। ਓਇ = {ਲਫ਼ਜ਼ 'ਓਹ' ਤੋਂ ਬਹੁ-ਵਚਨ}। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਮੂੜ = ਮੂਰਖ। ਕਹੀਅਹਿ = ਆਖੇ ਜਾਂਦੇ ਹਨ। ਅਗਿਆਨੀ = ਆਤਮਕ ਜੀਵਨ ਵਲੋਂ ਬੇ = ਸਮਝ।੩। ਬਿਬੇਕ ਬੁਧਿ = (ਚੰਗੇ ਮੰਦੇ ਦੀ) ਪਰਖ ਕਰਨ ਵਾਲੀ ਅਕਲ। ਤੇ = ਤੋਂ, ਪਾਸੋਂ। ਗਿਆਨੁ = ਆਤਮਕ ਜੀਵਨ ਦੀ ਸੂਝ। ਧੁਰਿ = ਧੁਰ ਦਰਗਾਹ ਤੋਂ। ਲਿਖੇਰਾ = ਲਿਖਿਆ ਹੋਇਆ।੪। ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।੧। ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।੨। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩। ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।੪।੧। ਟੋਡੀ ਮਹਲਾ ੫ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥ {ਪੰਨਾ 711} ਪਦਅਰਥ: ਅਵਰ ਕਾਹੂ = ਕਿਸੇ ਹੋਰ ਦੀ (ਮੁਥਾਜੀ) । ਹਰਿ ਕੈ ਰੰਗਿ = ਪਰਮਾਤਮਾ ਦੇ ਪਿਆਰ ਵਿਚ। ਜਾ ਕੋ = ਜਿਨ੍ਹਾਂ ਦਾ। ਪਾਖੁ = ਪੱਖ, ਮਦਦ।ਰਹਾਉ। ਸਮਾਨਾ = ਸ਼ਾਮਿਆਨਾ, ਸ਼ਾਹੀ ਠਾਠ। ਠਾਕੁਰ = ਹੇ ਠਾਕੁਰ! ਨ ਤਾਨੀ = ਨਹੀਂ ਤਾਣਿਆ ਹੋਇਆ। ਅਮਰੁ = ਅਟੱਲ ਪਰਮਾਤਮਾ। ਕਉ = ਨੂੰ। ਰਾਚਿ ਰਹੇ = ਮਸਤ ਰਹਿੰਦੇ ਹਨ। ਰੰਗਿ = ਪ੍ਰੇਮ ਵਿਚ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲੇ।੧। ਸੋਗ = ਚਿੰਤਾ। ਜਰਾ = ਬੁਢੇਪਾ, ਬੁਢੇਪੇ ਦਾ ਡਰ। ਮਰਾ = ਮੌਤ, ਮੌਤ ਦਾ ਡਰ। ਨਿਕਟਾਨੀ = ਨੇੜੇ। ਲਿਵ ਏਕੈ = ਇਕ ਵਿਚ ਹੀ ਸੁਰਤਿ ਜੋੜ ਕੇ। ਮਾਨੀ = ਮੰਨਿਆ ਰਹਿੰਦਾ ਹੈ, ਪਤੀਜ ਜਾਂਦਾ ਹੈ।੨। ਅਰਥ: ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ।ਰਹਾਉ। (ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ। ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ।੧। ਹੇ ਨਾਨਕ! ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (-ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ। ਉਹ ਇਕ ਪਰਮਾਤਮਾ ਵਿਚ ਹੀ ਸੁਰਤਿ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ।੨।੧। ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ {ਪੰਨਾ 711-712} ਪਦਅਰਥ: ਖੁਆਰੀ = ਬੇ = ਇੱਜ਼ਤੀ। ਕਉ = ਨੂੰ। ਕਹਾ ਬਿਆਪੈ = ਨਹੀਂ ਵਿਆਪ ਸਕਦਾ। ਓਟ = ਆਸਰਾ।ਰਹਾਉ। ਬਲਨਾ = ਬਿਲਾਨਾ, ਗੁਜ਼ਾਰਨਾ। ਅਰਜਾਰੀ = ਉਮਰ। ਨਵ ਖੰਡਨ ਕੋ ਰਾਜੁ = ਸਾਰੀ ਧਰਤੀ ਦਾ ਰਾਜ। ਅੰਤਿ = ਆਖ਼ਰ ਨੂੰ। ਹਾਰੀ = ਹਾਰਿ, (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ।੧। ਗੁਣ ਨਿਧਾਨ ਗੁਣ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਗੁਣ। ਤਿਨ ਹੀ = ਉਸ ਨੇ ਹੀ {ਲਫ਼ਜ਼ 'ਤਿਨਿ' ਦੀ 'ਿ' ਕ੍ਰਿਆ = ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ} ਤਿਨਿ ਹੀ। ਜਾ ਕਉ = ਜਿਸ ਉਤੇ। ਧਾਰੀ = ਕੀਤੀ। ਧੰਨੁ = ਮੁਬਾਰਿਕ। ਤਿਸੁ = ਬਲਿਹਾਰੀ = ਉਸ ਤੋਂ ਕੁਰਬਾਨ।੨। ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨। |
Sri Guru Granth Darpan, by Professor Sahib Singh |